ਚੰਡੀਗੜ੍ਹ, 18 ਜੂਨ, 2020 : ਪੰਜਾਬ ਸਰਕਾਰ ਵੱਲੋਂ ਵਿਰਾਸਤੀ ਯਾਦਗਾਰਾਂ ਤੇ ਸਰਕਟ ਹਾਊਸ ਪ੍ਰਾਈਵੇਟ ਹੱਥਾਂ ‘ਚ ਦੇਣ ਦਾ ਫੈਸਲਾ ਕੀਤਾ ਗਿਆ।
ਅੱਜ ਪੰਜਾਬੀ ਟ੍ਰਿਬਿਊਨ ਵਿਚ ਚਰਨਜੀਤ ਭੁੱਲਰ ਵੱਲੋਂ ਪ੍ਰਕਾਸ਼ਤ ਇਕ ਰਿਪੋਰਟ ਵਿਚ ਇਹ ਜਾਣਕਾਰੀ ਸਾਂਝੀ ਕੀਤੀ ਗਈ ਹੈ। ਰਿਪੋਰਟ ਮੁਤਾਬਕ ਪੰਜਾਬ ਸਰਕਾਰ ਨੇ ਵਿਰਾਸਤੀ ਯਾਦਗਾਰਾਂ ਤੇ ਸਰਕਟ ਹਾਊਸ ਪ੍ਰਾਈਵੇਟ ਹੱਥਾਂ ਵਿਚ ਸੌਂਪਣ ਦੀ ਤਿਆਰੀ ਕਰ ਲਈ ਹੈ ਜਿਸ ਤਹਿਤ ਬਾਬਾ ਬੰਦਾ ਸਿੰਘ ਬਹਾਦਰ ਯਾਦਗਰ ਚਪੜਚਿੜੀ ਦੀ ਸਾਂਭ ਸੰਭਾਲ ਦਾ ਕੰਮ ਪਬਲਿਕ ਪ੍ਰਾਈਵੇਟ ਪਾਰਟਨਰਸ਼ਿਪ (ਪੀ ਪੀ ਪੀ) ਤਹਿਤ ਪ੍ਰਾਈਵੇਟ ਹੱਥਾਂ ਵਿਚ ਦਿੱਤਾ ਜਾਵੇਗਾ। ਇਸ ਬਾਬਤ ਫੈਸਲਾ ਮੁੱਖ ਸਕੱਤਰ ਦੀ ਪ੍ਰਧਾਨਗੀ ਹੇਠ ਹੋਈ ਪੰਜਾਬ ਬੁਨਿਆਦੀ ਢਾਂਚਾ ਵਿਕਾਸ ਬੋਰਡ (ਪੀ ਆਈ ਡੀ ਬੀ) ਦੀ ਕਾਰਜਕਾਰਨੀ ਦੀ 12 ਜੂਨ ਨੂੰ ਹੋਈ ਮੀਟਿੰਗ ਵਿਚ ਲਿਆ ਗਿਆ ਹੈ।
ਉਧਰ ਇਸ ਫੈਸਲੇ ਦੀਆਂ ਖਬਰਾਂ ਛਪਣ ਤੋਂ ਬਾਅਦ ਅਕਾਲੀ ਦਲ ਸਰਗਰਮ ਹੋ ਗਿਆ ਹੈ ਤੇ ਉਸੇ ਇਸ ਫੈਸਲ ਦਾ ਜ਼ੋਰਦਾਰ ਵਿਰੋਧ ਸ਼ੁਰੂ ਕਰ ਦਿੱਤਾ ਹੈ।
ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਇਕ ਟਵੀਟ ਵਿਚ ਕਿਹਾ ਕਿ ਪਾਰਟੀ ਪੰਜਾਬ ਸਰਕਾਰ ਵੱਲੋਂ ਵਿਰਾਸਤੀ ਯਾਦਗਾਰਾਂ ਨਿੱਜੀ ਹੱਥਾਂ ਵਿਚ ਦੇਣ ਦੇ ਫੈਸਲੇ ਦਾ ਪੁਰਜ਼ੋਰ ਵਿਰੋਧ ਕਰਦੀ ਹੈ। ਉਹਨਾਂ ਕਿਹਾ ਕਿ ਇਹ ਕਦਮ ਬਹੁਤ ਹੀ ਗਲਤ ਸੋਚ ਦਾ ਨਤੀਜਾ ਹੈ ਤੇ ਸਾਬਤ ਕਰਦਾ ਹੈ ਕਿ ਕਾਂਗਰਸ ਸਰਕਾਰ ਵਿਚ ਇਹਨਾਂ ਇਤਿਹਾਸਕ ਯਾਦਗਾਰਾਂ ਪ੍ਰਤੀ ਕੋਈ ਸਤਿਕਾਰ ਤੇ ਜ਼ਿੰਮੇਵਾਰੀ ਨਹੀਂ ਹੈ।