ਨਵੀਂ ਦਿੱਲੀ, 15 ਦਸੰਬਰ- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕਥਿਤ ਦੋਸ਼ ਲਾਇਆ ਕਿ ਸਰਕਾਰ ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿੱਚ ਵਿਸ਼ੇਸ਼ ਜਾਂਚ ਟੀਮ (ਐੱਸ. ਆਈ. ਟੀ.) ਦੀ ਰਿਪੋਰਟ ਤੇ ਸੰਸਦ ਵਿੱਚ ਚਰਚਾ ਨਹੀਂ ਹੋਣ ਦੇਣਾ ਚਾਹੁੰਦੀ। ਉਨ੍ਹਾਂ ਮੰਗ ਦੁਹਰਾਈ ਕਿ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ, ਜਿਨ੍ਹਾਂ ਦਾ ਪੁੱਤਰ ਇਸ ਮਾਮਲੇ ਵਿੱਚ ਮੁਲਜ਼ਮ ਹੈ, ਨੂੰ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ।
ਸੰਸਦ ਦੀ ਕਾਰਵਾਈ ਮੁਲਤਵੀ ਹੋਣ ਮਗਰੋਂ ਰਾਹੁਲ ਗਾਂਧੀ ਨੇ ਸੰਸਦ ਕੰਪਲੈਕਸ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਕਿਹਾ ਕਿ ਸਰਕਾਰ ਸਾਨੂੰ ਬੋਲਣ ਨਹੀਂ ਦੇ ਰਹੀ, ਜਿਸ ਕਾਰਨ ਸਦਨ ਵਿੱਚ ਹੰਗਾਮਾ ਹੋਇਆ। ਅਸੀਂ ਕਿਹਾ ਹੈ ਕਿ ਰਿਪੋਰਟ ਆਈ ਹੈ ਅਤੇ ਉਨ੍ਹਾਂ ਦੇ ਮੰਤਰੀ ਸ਼ਾਮਲ ਹਨ, ਇਸ ਲਈ ਇਸ ਤੇ ਚਰਚਾ ਹੋਣੀ ਚਾਹੀਦੀ ਹੈ, ਪਰ ਉਹ ਚਰਚਾ ਨਹੀਂ ਕਰਨਾ ਚਾਹੁੰਦੇ।