ਫ਼ਿਰੋਜ਼ਪੁਰ 27 ਦਸੰਬਰ 2021 – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਬਸਤੀ ਟੈਂਕਾਂ ਵਾਲੀ ਫਿਰੋਜ਼ਪੁਰ ਵਿਖੇ ਰੇਲ ਪਟੜੀ ਤੇ ਪਿਛਲੀ 20 ਦਸੰਬਰ ਤੋਂ ਆਪਣੀਆਂ ਹੱਕੀ ਮੰਗਾਂ ਲਈ ਪੱਕੇ ਮੋਰਚੇ ਲਾ ਕੇ ਬੈਠੇ ਕਿਸਾਨਾਂ ਮਜ਼ਦੂਰਾਂ ਦੇ ਧਰਨੇ ਨੂੰ ਸੰਬੋਧਨ ਕਰਦਿਆਂ ਸੂਬਾ ਮੀਤ ਪ੍ਰਧਾਨ ਜਸਬੀਰ ਸਿੰਘ ਪਿੱਦੀ ਤੇ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ ਨੇ ਕਿਹਾ ਕਿ ਕਾਂਗਰਸ ਦੇ ਅੰਮ੍ਰਿਤਸਰ ਤੋਂ ਐੱਮ ਪੀ ਗੁਰਜੀਤ ਸਿੰਘ ਔਜਲਾ ਵੱਲੋਂ ਕਿਸਾਨਾਂ ਨੂੰ ਗਲਤ ਦੱਸ ਕੇ ਖਾਦ ਦੀ ਹੋ ਰਹੀ ਘਾਟ ਲਈ ਕਿਸਾਨਾਂ ਨੂੰ ਜ਼ਿੰਮੇਵਾਰ ਠਹਿਰਾਇਆ ਜਾ ਰਿਹਾ ਹੈ, ਜਿਸ ਦੀ ਜਥੇਬੰਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਪਿਛਲੀ 29 ਸਤੰਬਰ ਨੂੰ ਪੰਜਾਬ ਸਰਕਾਰ ਦੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਕਿਸਾਨ ਆਗੂਆਂ ਨਾਲ ਮੀਟਿੰਗ ਕਰਕੇ ਮਸਲੇ ਹੱਲ ਕਰਨ ਤੇ ਮੁੱਖ ਮੰਤਰੀ ਚੰਨੀ ਨਾਲ ਮੀਟਿੰਗ ਕਰਵਾ ਕੇ ਰਹਿੰਦੇ ਮਸਲੇ ਹੱਲ ਕਰਨ ਦਾ ਭਰੋਸਾ ਦਿੱਤਾ ਸੀ।
ਇੰਨਾ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਸਰਕਾਰ ਵੱਲੋਂ ਕੋਈ ਮਸਲਿਆਂ ਦਾ ਹੱਲ ਨਾ ਹੁੰਦਾ ਵੇਖ ਕੇ ਕਿਸਾਨਾਂ ਮਜ਼ਦੂਰਾਂ ਨੂੰ ਮਜ਼ਬੂਰ ਰੇਲ ਟਰੈਕ ਤੇ ਆਉਣਾ ਪਿਆ ਹੈ, ਜਿਸ ਦੀ ਜ਼ਿੰਮੇਵਾਰ ਪੰਜਾਬ ਦੀ ਸਰਕਾਰ ਹੈ। ਜਦਕਿ ਐਮ.ਪੀ. ਗੁਰਜੀਤ ਸਿੰਘ ਔਜਲਾ ਨੂੰ ਚਾਹੀਦਾ ਹੈ ਕਿ ਪਿਛਲੇ ਅੱਠ ਦਿਨਾਂ ਤੋਂ ਅੱਤ ਦੀ ਠੰਢ ਵਿੱਚ ਬੈਠੇ ਕਿਸਾਨਾਂ ਮਜ਼ਦੂਰਾਂ ਦੇ ਮਸਲਿਆਂ ਦਾ ਹੱਲ ਕਰਵਾਇਆ ਜਾਵੇ ਨਾ ਕਿ ਕਿਸਾਨਾਂ ਮਜ਼ਦੂਰਾਂ ਨੂੰ ਜ਼ਿੰਮੇਵਾਰ ਠਹਿਰਾਇਆ ਜਾਵੇ। ਇਸ ਰੋਸ ਵਜੋਂ ਮੁੱਖ ਮੰਤਰੀ ਚੰਨੀ ਤੇ ਗੁਰਜੀਤ ਔਜਲਾ ਦਾ ਪੁਤਲਾ ਫੂਕਿਆ ਗਿਆ। ਕਿਸਾਨ ਆਗੂਆਂ ਮੰਗ ਕੀਤੀ ਕਿ ਕਿਸਾਨ ਮਜ਼ਦੂਰਾਂ ਦਾ ਸਮੁੱਚਾ ਕਰਜ਼ਾ ਖਤਮ ਕੀਤਾ ਜਾਵੇ, ਤਾਰਲੀਆਂ ਪਾਰਲੀਆ ਜ਼ਮੀਨਾਂ ਦਾ ਮੁਆਵਜ਼ਾ ਦਿੱਤਾ ਜਾਵੇ, ਅਬਾਦਕਾਰਾਂ ਨੂੰ ਪੱਕੇ ਮਾਲਕੀ ਹੱਕ ਦਿੱਤੇ ਜਾਣ, ਕਰਜ਼ੇ ਕਾਰਨ ਹੋ ਰਹੀਆਂ ਕੁਰਕੀਆਂ ਗ੍ਰਿਫਤਾਰੀਆਂ ਬੰਦ ਕੀਤੀਆਂ ਜਾਣ, ਕਿਸਾਨ ਅੰਦੋਲਨ ਦੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਇੱਕ ਜੀਅ ਨੂੰ ਸਰਕਾਰੀ ਨੌਕਰੀ, ਸਮੁੱਚਾ ਕਰਜ਼ਾ ਖਤਮ ਤੇ ਮੁਆਵਜ਼ਾ ਦਿੱਤਾ ਜਾਵੇ, ਸੁਖਵੰਤ ਸਿੰਘ ਲੋਹੁਕਾ ਤੇ ਗੋਲੀਆਂ ਮਾਰਨ ਵਾਲੇ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾਵੇ,ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਲੋਕਲ ਮਸਲੇ ਤੁਰੰਤ ਹੱਲ ਕੀਤੇ ਜਾਣ। ਇਸ ਮੌਕੇ ਵੀਰ ਸਿੰਘ ਨਿਜਾਮਦੀਨ ਵਾਲਾ, ਧਰਮ ਸਿੰਘ ਸਿੱਧੂ, ਬਲਵਿੰਦਰ ਸਿੰਘ ਲੋਹੁਕਾ, ਬਲਰਾਜ ਸਿੰਘ ਫੇਰੋਕੇ, ਲਖਵਿੰਦਰ ਸਿੰਘ, ਸਾਹਿਬ ਸਿੰਘ, ਕ੍ਰਿਸ਼ਨ ਸਿੰਘ, ਗੁਰਜੀਤ ਸਿੰਘ, ਪਿਆਰਾ ਸਿੰਘ, ਬਿਕਰਮ ਸਿੰਘ ਆਦਿ ਆਗੂਆਂ ਨੇ ਵੀ ਸੰਬੋਧਨ ਕੀਤਾ।