ਚੰਡੀਗੜ੍ਹ, 6 ਜਨਵਰੀ, 2022:-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਵਜ਼ਾਰਤ ਨੇ ਅਹਿਮ ਫੈਸਲਾ ਲੈਂਦਿਆਂ ਬਜ਼ੁਰਗਾਂ, ਵਿਧਵਾਵਾਂ, ਨਿਆਸਰਿਤ ਔਰਤਾਂ, ਆਸ਼ਰਿਤ ਬੱਚਿਆਂ ਅਤੇ ਦਿਵਿਆਂਗ ਵਿਅਕਤੀਆਂ ਨੂੰ ਕੋਵਿੰਡ-19 ਮਹਾਂਮਾਰੀ ਦੇ ਚਲਦੇ ਦਰਪੇਸ਼ ਮੁਸ਼ਕਲਾਂ ਨੂੰ ਧਿਆਨ ਵਿੱਚ ਰੱਖਦੇ ਹੋਏ 1500 ਰੁਪਏ ਪ੍ਰਤੀ ਮਹੀਨਾ ਪੈਨਸ਼ਨ/ਵਿੱਤੀ ਸਹਾਇਤਾ ਤੋਂ ਇਲਾਵਾ ਉਨ੍ਹਾਂ ਨੂੰ ਸਿਰਫ ਇਕ ਵਾਰ ਲਈ 1000 ਰੁਪਏ ਪ੍ਰਤੀ ਲਾਭਪਾਤਰੀ ਤੁਰੰਤ ਦੇਣ ਦਾ ਫੈਸਲਾ ਕੀਤਾ ਗਿਆ ਹੈ। ਇਹ ਅਦਾਇਗੀ ਡੀ.ਬੀ.ਟੀ. ਰਾਹੀਂ ਸਿੱਧੇ ਤੌਰ ਉਤੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਪਾਈ ਜਾਵੇਗੀ। ਇਸ ਨਾਲ ਲਾਭਪਾਤਰੀਆਂ ਨੂੰ ਰਾਹਤ ਮਿਲੇਗੀ ਅਤੇ ਆਪਣੀਆਂ ਘਰੇਲੂ ਲੋੜਾਂ ਨੂੰ ਪੂਰਾ ਕਰਨ ਲਈ ਮਦਦ ਮਿਲੇਗੀ। ਇਕ ਵਾਰ ਲਈ ਇਹ ਵਿੱਤੀ ਲਾਭ ਦੇਣ ਨਾਲ 27.71 ਲੱਖ ਲਾਭਪਾਤਰੀਆਂ ਨੂੰ ਲਾਭ ਹੋਵੇਗਾ ਅਤੇ ਸਰਕਾਰੀ ਖਜ਼ਾਨੇ ਉਤੇ 277.13 ਕਰੋੜ ਰੁਪਏ ਦਾ ਬੋਝ ਪਵੇਗਾ।