ਸ੍ਰੀ ਮੁਕਤਸਰ ਸਾਹਿਬ, 14 ਜਨਵਰੀ – ਚਾਲੀ ਮੁਕਤਿਆਂ ਦੀ ਯਾਦ ਵਿੱਚ ਮਨਾਇਆ ਜਾਣ ਵਾਲਾ ਮੇਲਾ ਮਾਘੀ ਇਸ ਵਾਰ ਪੂਰੀ ਧਾਰਮਿਕ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਅੱਜ ਮਾਘੀ ਇਸ਼ਨਾਨ ਦੇ ਦਿਨ ਅੱਜ ਵੱਡੀ ਗਿਣਤੀ ਵਿੱਚ ਸੰਗਤਾਂ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ ਨਤਮਸਤਕ ਹੋਈਆਂ। ਸੰਗਤਾਂ ਦੀ ਆਮਦ 13 ਅਤੇ 14 ਜਨਵਰੀ ਦੀ ਦਰਮਿਆਨੀ ਰਾਤ ਹੀ ਸ਼ੁਰੂ ਹੋ ਗਈ ਸੀ। ਰਾਤ 12 ਵਜੇ ਤੋਂ ਬਾਅਦ ਸੰਗਤਾਂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਸਥਿਤ ਪਵਿੱਤਰ ਸਰੋਵਰ ਵਿਖੇ ਇਸ਼ਨਾਨ ਸ਼ੁਰੂ ਕਰ ਦਿੱਤਾ।
ਸੰਘਣੀ ਧੁੰਦ ਅਤੇ ਕੜਾਕੇ ਦੀ ਠੰਢ ਦੇ ਬਾਵਜੂਦ ਸੰਗਤਾਂ ਵੱਡੀ ਗਿਣਤੀ ਵਿੱਚ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਈਆਂ, ਜਿਨ੍ਹਾਂ ਨੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ। ਸੰਗਤ ਦੀ ਆਮਦ ਨੂੰ ਦੇਖ ਕੇ ਸ੍ਰੀ ਮੁਕਤਸਰ ਸਾਹਿਬ ਦੇ ਸਾਰੇ ਮੁੱਖ ਮਾਰਗਾਂ ਤੇ ਸ਼ਹਿਰ ਦੀਆਂ ਵੱਖ-ਵੱਖ ਸੰਸਥਾਵਾਂ ਅਤੇ ਸੰਗਤ ਵੱਲੋਂ ਲੰਗਰ ਲਾਏ ਗਏ। ਸ੍ਰੀ ਦਰਬਾਰ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੀ ਰਿਹਾਇਸ਼ ਅਤੇ ਲੰਗਰਾਂ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ। ਇਸ ਮੌਕੇ ਭਾਈ ਮਹਾ ਸਿੰਘ ਦੀਵਾਨ ਹਾਲ ਵਿਖੇ ਧਾਰਮਿਕ ਦੀਵਾਨ ਸਜਾਏ ਗਏ, ਜਿਥੇ ਰਾਗੀ ਢਾਡੀ ਅਤੇ ਪ੍ਰਚਾਰਕ ਸਿੰਘਾਂ ਨੇ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਿਆ।
ਸ੍ਰੀ ਦਰਬਾਰ ਸਾਹਿਬ ਵਿਖੇ ਗੁਰਬਾਣੀ ਕੀਰਤਨ ਦੇ ਪ੍ਰਵਾਹ ਚੱਲਦੇ ਰਹੇ। ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਸੰਗਤ ਦੀਆਂ ਬੀਤੀ ਰਾਤ ਬਾਰਾਂ ਵਜੇ ਤੋਂ ਕਤਾਰਾਂ ਲੱਗਣੀਆਂ ਸ਼ੁਰੂ ਹੋ ਗਈਆਂ। ਗੁਰਦੁਆਰਾ ਸਾਹਿਬ ਦੇ ਬਾਹਰ ਮੁੱਖ ਰਾਸਤਿਆ ਤੇ ਪੁਲੀਸ ਪ੍ਰਸ਼ਾਸ਼ਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ। ਸੱਤ ਗੇਟਾਂ ਤੇ ਜਿੱਥੇ ਪੁਲੀਸ ਪ੍ਰਸ਼ਾਸਨ ਵੱਲੋਂ ਸਹਾਇਤਾ ਕੇਂਦਰ ਬਣਾਏ ਗਏ, ਉਥੇ ਹੀ ਸ਼ਹਿਰ ਦੀਆਂ ਵੱਖ-ਵੱਖ ਸੜਕਾਂ ਤੇ ਵੱਡੀ ਗਿਣਤੀ ਵਿੱਚ ਸੰਗਤ ਦੀ ਆਮਦ ਦੇ ਮੱਦੇਨਜ਼ਰ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ।