ਨਵੀਂ ਦਿੱਲੀ, 19 ਜਨਵਰੀ – ਦੇਸ਼ ਵਿੱਚ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਦੇ 2,82,970 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਪੀੜਤਾਂ ਦੀ ਗਿਣਤੀ ਵੱਧ ਕੇ 3,79,01,241 ਹੋ ਗਈ। ਸੰਕਰਮਣ ਦੇ ਕੁੱਲ ਮਾਮਲਿਆਂ ਵਿੱਚ ਕੋਰੋਨਾ ਵਾਇਰਸ ਦੇ ਓਮੀਕ੍ਰੋਨ ਰੂਪ ਦੇ 8,961 ਮਾਮਲੇ ਵੀ ਸ਼ਾਮਲ ਹਨ। ਕੇਂਦਰੀ ਸਿਹਤ ਮੰਤਰਾਲਾ ਵੱਲੋਂ ਸਵੇਰੇ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ, ਦੇਸ਼ ਵਿੱਚ ਕੋਰੋਨਾ ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵੱਧ ਕੇ 18,31,000 ਹੋ ਗਈ ਹੈ, ਜੋ ਕੁੱਲ ਮਾਮਲਿਆਂ ਦਾ 4.83 ਫੀਸਦੀ ਹੈ। ਦੇਸ਼ ਵਿੱਚ 232 ਦਿਨਾਂ ਵਿੱਚ ਇਲਾਜ ਅਧੀਨ ਮਰੀਜ਼ਾਂ ਦੀ ਇਹ ਗਿਣਤੀ ਸਭ ਤੋਂ ਵੱਧ ਹੈ।
ਪਿਛਲੇ ਸਾਲ 31 ਮਈ ਨੂੰ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 18,95,520 ਸੀ। ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਿੱਚ 44,952 ਦਾ ਵਾਧਾ ਦਰਜ ਕੀਤਾ ਗਿਆ। 441 ਵਿਅਕਤੀਆਂ ਦੀ ਸੰਕਰਮਣ ਨਾਲ ਮੌਤ ਤੋਂ ਬਾਅਦ ਮ੍ਰਿਤਕਾਂ ਦੀ ਗਿਣਤੀ ਵੱਧ ਕੇ 4,87,202 ਹੋ ਗਈ। ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ 76 ਲੱਖ ਤੋਂ ਵੱਧ ਕੋਰੋਨਾ ਟੀਕੇ ਲਗਾਏ ਗਏ ਹਨ ਅਤੇ ਇਸ ਦੇ ਨਾਲ ਹੀ ਕੁੱਲ ਟੀਕਾਕਰਨ 158.88 ਕਰੋੜ ਤੋਂ ਵੱਧ ਹੋ ਗਿਆ ਹੈ।
ਦੇਸ਼ ਵਿੱਚ ਮਰੀਜ਼ਾਂ ਦੇ ਠੀਕ ਹੋਣ ਦੀ ਰਾਸ਼ਟਰੀ ਦਰ ਘੱਟ ਕੇ 93.88 ਫੀਸਦੀ ਹੋ ਗਈ ਹੈ। ਮੰਤਰਾਲਾ ਨੇ ਦੱਸਿਆ ਕਿ ਦੇਸ਼ ਵਿੱਚ ਬੀਤੇ ਦਿਨ ਤੋਂ ਓਮੀਕ੍ਰੋਨ ਦੇ ਮਾਮਲਿਆਂ ਵਿੱਚ 0.79 ਫੀਸਦੀ ਵਾਧਾ ਦਰਜ ਕੀਤਾ ਗਿਆ ਹੈ।