ਤਲਵਾੜਾ/ਹੁਸ਼ਿਆਰਪੁਰ ,19 ਜੂਨ 2020 – ਆਪਣੇ ਵਿਲੱਖਣ ਸੇਵਾ ਕਾਰਜਾਂ ਕਾਰਨ ਪੂਰੀ ਦੁਨੀਆਂ ਅੰਦਰ ਮਨੁੱਖਤਾ ਦੇ ਮਸੀਹਾ ਵਜੋਂ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਡਾ.ਐੱਸ.ਪੀ.ਸਿੰਘ ਓਬਰਾਏ ਵੱਲੋਂ ਜ਼ਿਲ੍ਹਾ ਹੁਸ਼ਿਆਰਪੁਰ ਦੇ ਕਸਬਾ ਤਲਵਾੜਾ ਦੇ ਗੁਰਦੁਆਰਾ ਸਿੰਘ ਸਭਾ ਨੂੰ ਲੋੜਵੰਦ ਮਰੀਜ਼ਾਂ ਦੀ ਸਹੂਲਤ ਲਈ ਇੱਕ ਐਂਬੂਲੈਂਸ ਵੈਨ ਦਿੱਤੀ ਗਈ ਹੈ।
ਇਸ ਦੌਰਾਨ ਉਚੇਚੇ ਤੌਰ ‘ਤੇ ਪਹੁੰਚੇ ਟਰੱਸਟ ਦੇ ਬਾਨੀ ਡਾ.ਐੱਸ.ਪੀ. ਸਿੰਘ ਓਬਰਾਏ ਅਤੇ ਟਰੱਸਟੀ ਗੁਰਜੀਤ ਸਿੰਘ ਓਬਰਾਏ ਨੇ ਸਥਾਨਕ ਵਾਸੀ ਅਤੇ ਆਪਣੇ ਪਰਿਵਾਰਕ ਮੈਂਬਰ ਡਾ.ਗੁਰਮੇਲ ਸਿੰਘ ਦੀ ਮੌਜੂਦਗੀ ‘ਚ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੂੰ ਐਂਬੂਲੈਂਸ ਵੈਨ ਦੀਆਂ ਚਾਬੀਆਂ ਸੌਂਪਣ ਉਪਰੰਤ ਦੱਸਿਆ ਕਿ ਇਲਾਕੇ ਦੇ ਲੋਕਾਂ ਦੀ ਮੰਗ ਤੇ ਅੱਜ ਗੁਰਦੁਆਰਾ ਸਿੰਘ ਸਭਾ ਨੂੰ ਲੋੜਵੰਦ ਮਰੀਜ਼ਾਂ ਦੀ ਸਹੂਲਤ ਲਈ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਐਂਬੂਲੈਂਸ ਵੈਨ ਤੋਂ ਇਲਾਵਾ ਇੱਥੋਂ ਦੀ ਲਾਇਬ੍ਰੇਰੀ ਨੂੰ 150 ਧਾਰਮਿਕ ਕਿਤਾਬਾਂ ਵੀ ਭੇਟ ਕੀਤੀਆਂ ਗਈਆਂ ਹਨ।
ਉਨ੍ਹਾਂ ਦੱਸਿਆ ਇਸ ਗੁਰਦੁਆਰਾ ਸਾਹਿਬ ਨੂੰ ਪਹਿਲਾਂ ਵੀ 12 ਲੱਖ ਰੁਪਏ ਦੀ ਲਾਗਤ ਵਾਲੀ ਇੱਕ ਸ਼ਵ ਵੈਨ ਦਿੱਤੀ ਗਈ ਹੈ ਜਦ ਕਿ ਇੱਥੋਂ ਦੇ ਸੈਕਟਰ-2 ਅੰਦਰ ਪਿਛਲੇ ਚਾਰ ਸਾਲਾਂ ਤੋਂ ਟਰੱਸਟ ਵੱਲੋਂ ਡਿਸਪੈਂਸਰੀ ਚਲਾਈ ਜਾ ਰਹੀ ਹੈ,ਜਿਸ ਅੰਦਰ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੰਡੀਆਂ ਜਾਂਦੀਆਂ ਹਨ।ਡਾ.ਓਬਰਾਏ ਨੇ ਇਹ ਵੀ ਦੱਸਿਆ ਕਿ ਇਸ ਖੇਤਰ ਅੰਦਰ ਟਰੱਸਟ ਵੱਲੋਂ ਇਸ ਮਹੀਨੇ ਕਰੋਨਾ ਮਹਾਂਮਾਰੀ ਦੇ ਚੱਲਦਿਆਂ ਬੇਰੁਜ਼ਗਾਰਾਂ ਹੋਏ 650 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦਿੱਤਾ ਗਿਆ ਜਾਵੇਗਾ, ਜੋ ਟਰੱਸਟ ਦੇ ਫ਼ੈਸਲੇ ਅਨੁਸਾਰ ਅਗਲੇ ਚਾਰ ਮਹੀਨਿਆਂ ਤੱਕ ਜਾਰੀ ਰਹੇਗਾ।