ਚੰਡੀਗੜ੍ਹ, 5 ਜੂਨ – ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਸੂਬੇ ਦੀ ਭਾਵਨਾਤਮਕ, ਸੱਭਿਆਚਾਰਕ, ਸਾਹਿਤ ਅਤੇ ਅਮੀਰ ਵਿਰਾਸਤ ਦਾ ਹਿੱਸਾ ਹੋਣ ਦਾ ਦਾਅਵਾ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਪੱਸ਼ਟ ਤੌਰ ਤੇ ਕਿਹਾ ਹੈ ਕਿ ਉਨ੍ਹਾਂ ਨੂੰ ਖੇਤਰ ਦੀ ਇਸ ਸਿਖਰਲੀ ਵਿਦਿਅਕ ਸੰਸਥਾ ਯੂਨੀਵਰਸਿਟੀ ਵਿੱਚ ਹਰਿਆਣਾ ਦੇ ਹਿੱਸੇ ਦੀ ਕੋਈ ਲੋੜ ਨਹੀਂ ਹੈ। ਪੰਜਾਬ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਦੇ ਕਿਸੇ ਵੀ ਕਾਲਜ ਨੂੰ ਯੂਨੀਵਰਸਿਟੀ ਤੋਂ ਮਾਨਤਾ ਨਹੀਂ ਦਿੱਤੀ ਜਾਵੇਗੀ ਅਤੇ ਨਾ ਹੀ ਯੂਨੀਵਰਸਿਟੀ ਦੀ ਸੈਨੇਟ ਵਿੱਚ ਪਿਛਲੇ ਦਰਵਾਜ਼ੇ ਤੋਂ ਦਾਖ਼ਲੇ ਲਈ ਹਰਿਆਣਾ ਦੇ ਕਿਸੇ ਯਤਨ ਨੂੰ ਕਾਮਯਾਬ ਹੋਣ ਦਿੱਤਾ ਜਾਵੇਗਾ।
ਉਹਨਾਂ ਕਿਹਾ ਕਿ ਇਹ ਯੂਨੀਵਰਸਿਟੀ ਪੰਜਾਬ ਅਤੇ ਇਸ ਦੀ ਰਾਜਧਾਨੀ ਚੰਡੀਗੜ੍ਹ ਦੇ ਵਿਦਿਆਰਥੀਆਂ ਨੂੰ ਸਿੱਖਿਆ ਦਿੰਦੀ ਹੈ। ਉਨ੍ਹਾਂ ਕਿਹਾ ਕਿ ਸਾਲ 1966 ਵਿਚ ਪੰਜਾਬ ਦੇ ਮੁੜ ਗਠਨ ਵੇਲੇ ਇਸ ਯੂਨੀਵਰਸਿਟੀ ਨੂੰ ਪੰਜਾਬ ਪੁਨਰਗਠਨ ਐਕਟ ਦੀ ਧਾਰਾ 72 (1) ਤਹਿਤ ਇੰਟਰ ਸਟੇਟ ਬਾਡੀ ਕਾਰਪੋਰੇਟ ਐਲਾਨਿਆ ਗਿਆ ਸੀ ਅਤੇ ਯੂਨੀਵਰਸਿਟੀ ਦੀਆਂ ਗ੍ਰਾਂਟਾਂ ਨੂੰ ਸਬੰਧਤ ਸੂਬਿਆਂ (ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਦੇ ਯੂ.ਟੀ. ਪ੍ਰਸ਼ਾਸਨ) ਵਿੱਚ ਕ੍ਰਮਵਾਰ 20:20:20:40 ਦੇ ਅਨੁਪਾਤ ਵਿੱਚ ਸਾਂਝਾ ਅਤੇ ਅਦਾ ਕੀਤਾ ਜਾਣਾ ਸੀ। 1970 ਵਿੱਚ ਹਰਿਆਣਾ ਦੇ ਤਤਕਾਲੀ ਮੁੱਖ ਮੰਤਰੀ ਬੰਸੀ ਲਾਲ ਨੇ ਆਪਣੀ ਮਰਜ਼ੀ ਨਾਲ ਯੂਨੀਵਰਸਿਟੀ ਵਿੱਚੋਂ ਆਪਣੇ ਸੂਬੇ ਦਾ ਹਿੱਸਾ ਵਾਪਸ ਲੈ ਲਿਆ ਸੀ। ਭਗਵੰਤ ਮਾਨ ਨੇ ਕਿਹਾ ਕਿ ਉਦੋਂ ਤੋਂ ਪੰਜਾਬ ਅਤੇ ਚੰਡੀਗੜ੍ਹ ਪ੍ਰਸ਼ਾਸਨ ਨੇ ਯੂਨੀਵਰਸਿਟੀ ਨੂੰ ਕ੍ਰਮਵਾਰ 40:60 ਦੇ ਅਨੁਪਾਤ ਵਿੱਚ ਰੱਖ-ਰਖਾਅ ਘਾਟੇ ਦੀਆਂ ਗ੍ਰਾਂਟਾਂ ਦਾ ਭੁਗਤਾਨ ਕਰਨ ਦੀ ਵਿੱਤੀ ਜ਼ਿੰਮੇਵਾਰੀ ਚੁੱਕੀ ਹੈ।
ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਵੱਲੋਂ ਯੂਨੀਵਰਸਿਟੀ ਨੂੰ ਗ੍ਰਾਂਟਾਂ ਦਾ ਹਿੱਸਾ ਦੇਣ ਦੀ ਤਜਵੀਜ਼ ਪੂਰੀ ਤਰ੍ਹਾਂ ਨਾ ਸਵੀਕਾਰਨਯੋਗ ਅਤੇ ਗ਼ੈਰ ਵਾਜਬ ਹੈ। ਉਹਨਾਂ ਹਰਿਆਣਾ ਦੇ ਵਧੀਕ ਮੁੱਖ ਸਕੱਤਰ ਵੱਲੋਂ ਸੂਬੇ ਦੀਆਂ ਸਾਰੀਆਂ ਯੂਨੀਵਰਸਿਟੀਆਂ ਦੇ ਉਪ ਕੁਲਪਤੀਆਂ ਨੂੰ ਲਿਖੇ ਪੱਤਰ ਦਾ ਹਵਾਲਾ ਦਿੰਦਿਆਂ ਕਿਹਾ ਕਿ ਹਰਿਆਣਾ ਸਰਕਾਰ ਨੇ ਇਕ ਪੱਤਰ ਰਾਹੀਂ ਯੂਨੀਵਰਸਿਟੀਆਂ ਨੂੰ ਫੰਡ ਦੇਣ ਤੋਂ ਅਸਮਰੱਥਾ ਪ੍ਰਗਟਾਈ ਹੈ ਅਤੇ ਯੂਨੀਵਰਸਿਟੀਆਂ ਨੂੰ ਆਪਣੇ ਪੱਧਰ ਉਤੇ ਵਸੀਲੇ ਜੁਟਾਉਣ ਲਈ ਕਿਹਾ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਕੋਈ ਸੂਬਾ ਜੋ ਆਪਣੀਆਂ ਯੂਨੀਵਰਸਿਟੀਆਂ ਦਾ ਪ੍ਰਬੰਧ ਕਰਨ ਦੇ ਸਮਰੱਥ ਨਹੀਂ ਹੈ, ਉਹ ਪੰਜਾਬ ਯੂਨੀਵਰਸਿਟੀ ਵਰਗੀ ਵੱਡੇ ਰੁਤਬੇ ਵਾਲੀ ਯੂਨੀਵਰਸਿਟੀ ਨੂੰ ਆਪਣੇ ਪੱਲਿਓਂ ਉਦੋਂ ਤੱਕ ਕਿਵੇਂ ਫੰਡ ਦੇ ਸਕਦਾ ਹੈ, ਜਦੋਂ ਤੱਕ ਕੋਈ ਵੱਡੀ ਏਜੰਸੀ ਉਸ ਲਈ ਗੁਪਤ ਤਰੀਕੇ ਨਾਲ ਫੰਡਾਂ ਦੀ ਵਿਵਸਥਾ ਨਹੀਂ ਕਰਦੀ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਅਹੁਦਾ ਸੰਭਾਲਣ ਤੋਂ ਬਾਅਦ ਕੇਂਦਰੀ ਮੰਤਰੀਆਂ ਅਮਿਤ ਸ਼ਾਹ ਅਤੇ ਧਰਮਿੰਦਰ ਪ੍ਰਧਾਨ ਨੂੰ ਦੋ ਪੱਤਰ ਲਿਖ ਕੇ ਕਿਹਾ ਸੀ ਕਿ ਯੂਨੀਵਰਸਿਟੀ ਸੂਬੇ ਦੀ ਵਿਰਾਸਤ ਹੈ ਅਤੇ ਇਸ ਵਿੱਚ ਕਿਸੇ ਵੀ ਤਰ੍ਹਾਂ ਦਾ ਬਦਲਾਅ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਦੇ ਅਸਲ ਸਰੂਪ ਨੂੰ ਬਰਕਰਾਰ ਰੱਖਣ ਲਈ 30 ਜੂਨ, 2022 ਨੂੰ ਪੰਜਾਬ ਵਿਧਾਨ ਸਭਾ ਵਿੱਚ ਇੱਕ ਮਤਾ ਵੀ ਪਾਸ ਕੀਤਾ ਗਿਆ ਸੀ ਤਾਂ ਯੂਨੀਵਰਸਿਟੀ ਦੀ ਸੈਨੇਟ ਵਿੱਚ ਕਿਸੇ ਵੀ ਕਿਸਮ ਦੀ ਘੁਸਪੈਠ ਨੂੰ ਰੋਕਿਆ ਜਾ ਸਕੇ।
ਹਾਲਾਂਕਿ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਹਰਿਆਣੇ ਦੇ ਲੋਕਾਂ ਦੇ ਕਿਸੇ ਤਰ੍ਹਾਂ ਖਿਲਾਫ ਨਹੀਂ ਹੈ ਅਤੇ ਇਹ ਤੱਥ ਵੀ ਰਿਕਾਰਡ ਉਤੇ ਹਨ ਕਿ ਯੂਨੀਵਰਸਿਟੀ ਵਿਚ 35 ਫੀਸਦੀ ਵਿਦਿਆਰਥੀ ਹਰਿਆਣਾ ਦੇ ਹਨ। ਉਹਨਾਂ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਹਰਿਆਣਾ ਆਪਣੀ ਯੂਨੀਵਰਸਿਟੀ ਨੂੰ ਕਿਤੇ ਵੀ ਬਣਾਉਣ ਲਈ ਆਜ਼ਾਦ ਹੈ ਪਰ ਉਨ੍ਹਾਂ ਨੂੰ ਪੰਜਾਬ ਯੂਨੀਵਰਸਿਟੀ ਦਾ ਹਿੱਸਾ ਨਹੀਂ ਬਣਨ ਦਿੱਤਾ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਤਤਕਾਲੀ ਮੁੱਖ ਮੰਤਰੀ ਸਵਰਗੀ ਪ੍ਰਕਾਸ਼ ਸਿੰਘ ਬਾਦਲ ਨੇ 26 ਅਗਸਤ, 2008 ਨੂੰ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਪੱਤਰ ਲਿਖ ਕੇ ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਦਰਜਾ ਦੇਣ ਦੀ ਮੰਗ ਕੀਤੀ ਸੀ। ਭਗਵੰਤ ਮਾਨ ਨੇ ਕਿਹਾ ਕਿ ਇਸ ਤੋਂ ਵੀ ਅੱਗੇ ਜਾ ਕੇ ਅਕਾਲੀ ਦਲ ਦੀ ਸਰਕਾਰ ਨੇ ਇਸ ਪ੍ਰਮੁੱਖ ਸੰਸਥਾ ਨੂੰ ਕੇਂਦਰੀ ਯੂਨੀਵਰਸਿਟੀ ਵਿੱਚ ਤਬਦੀਲ ਕਰਨ ਲਈ ਕੇਂਦਰ ਸਰਕਾਰ ਨੂੰ ਕੋਈ ਇਤਰਾਜ਼ ਨਾ ਹੋਣ ਦਾ ਪੱਤਰ ਵੀ ਜਾਰੀ ਕੀਤਾ ਸੀ। ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਆਗੂ ਕਿਸ ਆਧਾਰ ਤੇ ਆਪਣੀ ਛਾਤੀ ਠੋਕ ਰਹੇ ਹਨ ਜਦੋਂ ਕਿ ਹਰ ਕੋਈ ਜਾਣਦਾ ਹੈ ਕਿ ਉਨ੍ਹਾਂ ਨੇ ਪੰਜਾਬ ਅਤੇ ਇਸ ਦੇ ਲੋਕਾਂ ਦੇ ਹਿੱਤਾਂ ਵਿਰੁੱਧ ਕੰਮ ਕੀਤਾ। ਇਸ ਮੌਕੇ ਮੁੱਖ ਮੰਤਰੀ ਦੇ ਨਾਲ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਹਰਜੋਤ ਬੈਂਸ, ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਨੂਪ੍ਰਸਾਦ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਵੀ ਭਗਤ ਅਤੇ ਵਧੀਕ ਵਿਸ਼ੇਸ਼ ਪ੍ਰਮੁੱਖ ਸਕੱਤਰ ਹਿਮਾਂਸ਼ੂ ਜੈਨ ਅਤੇ ਹੋਰ ਹਾਜ਼ਰ ਸਨ।