ਚੰਡੀਗੜ੍ਹ/ਲਖਨਊ, 7 ਜੂਨ 2023 – ਦਿੱਲੀ ਸਰਕਾਰ ਦੇ ਅਧਿਕਾਰਾਂ ‘ਤੇ ਕੇਂਦਰ ਦੇ ਵਿਵਾਦਤ ਆਰਡੀਨੈਂਸ ਦੇ ਵਿਰੋਧ ‘ਚ ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਵੀ ਆ ਗਏ ਹਨ। ਬੁੱਧਵਾਰ ਨੂੰ ਲਖਨਊ ‘ਚ ‘ਆਪ’ ਮੁਖੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਤੋਂ ਬਾਅਦ ਅਖਿਲੇਸ਼ ਯਾਦਵ ਨੇ ਕੇਂਦਰ ਦੇ ਆਰਡੀਨੈਂਸ ਖਿਲਾਫ ਸੰਸਦ ‘ਚ ਆਮ ਆਦਮੀ ਪਾਰਟੀ ਦਾ ਸਮਰਥਨ ਕਰਨ ਦਾ ਐਲਾਨ ਕੀਤਾ ਅਤੇ ਕਿਹਾ ਕਿ ਸਮਾਜਵਾਦੀ ਪਾਰਟੀ ਬਿਲ ਦੇ ਪੂਰੀ ਤਰ੍ਹਾਂ ਖਿਲਾਫ ਹੈ। ਸਾਡੇ ਸਾਰੇ ਸੰਸਦ ਮੈਂਬਰ ਪਾਰਲੀਮੈਂਟ ਵਿੱਚ ਇਸ ਬਿੱਲ ਦੇ ਖਿਲਾਫ ਵੋਟ ਕਰਨਗੇ।
ਅਖਿਲੇਸ਼ ਯਾਦਵ ਨੇ ਇਸ ਬਿੱਲ ਨੂੰ ਲੋਕਤੰਤਰ ਵਿਰੋਧੀ ਕਰਾਰ ਦਿੰਦਿਆਂ ਕਿਹਾ ਕਿ ਭਾਜਪਾ ਦਿੱਲੀ ਦੀ ਕੇਜਰੀਵਾਲ ਸਰਕਾਰ ਦੇ ਚੰਗੇ ਕੰਮਾਂ ਨੂੰ ਹਜ਼ਮ ਨਹੀਂ ਕਰ ਪਾ ਰਹੀ ਹੈ। ਇਸੇ ਲਈ ਉਹ ਤਾਨਾਸ਼ਾਹੀ ਢੰਗ ਨਾਲ ਦਿੱਲੀ ਸਰਕਾਰ ਦੇ ਅਧਿਕਾਰ ਖੋਹਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਡਰ ਹੈ ਕਿ ਜੇਕਰ ਕੇਜਰੀਵਾਲ ਸਰਕਾਰ ਦਾ ਕੰਮ ਇਸੇ ਤਰ੍ਹਾਂ ਚੱਲਦਾ ਰਿਹਾ ਤਾਂ ਆਉਣ ਵਾਲੇ ਸਮੇਂ ਵਿੱਚ ਭਾਰਤੀ ਜਨਤਾ ਪਾਰਟੀ ਦਿੱਲੀ ਵਿੱਚ ਜ਼ੀਰੋ ਹੋ ਜਾਵੇਗੀ।