ਚੰਡੀਗੜ੍ਹ, 13 ਜੂਨ 2023 – ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ਅਹਿਮ ਪਹਿਲਕਦਮੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਦੇ ਦੋ ਉਦਯੋਗਪਤੀਆਂ ਨੂੰ ਵਿਲੱਖਣ ‘ਗਰੀਨ ਕਲਰ ਕੋਡਿਡ ਸਟੈਂਪ’ ਪੇਪਰ ਸੌਂਪੇ।
ਸਟੈਂਪ ਪੇਪਰ ਸੌਂਪਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸੂਬੇ ਦੇ ਉਦਯੋਗਪਤੀਆਂ ਲਈ ਇਹ ਦਿਨ ਬੇਹੱਦ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਇਹ ਵਿਲੱਖਣ ਕਲਰ ਕੋਡਿਡ ਸਟੈਂਪ ਪੇਪਰ ਸੂਬੇ ਵਿੱਚ ਉਦਯੋਗਿਕ ਕ੍ਰਾਂਤੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਵੱਲ ਇੱਕ ਕਦਮ ਹਨ। ਉਨ੍ਹਾਂ ਦੱਸਿਆ ਕਿ ਇਸ ਸਕੀਮ ਲਈ ਨੋਟੀਫਿਕੇਸ਼ਨ ਇਸ ਸਾਲ 12 ਮਈ ਨੂੰ ਜਾਰੀ ਕਰ ਦਿੱਤਾ ਗਿਆ ਸੀ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਪਹਿਲਾ ਸੂਬਾ ਹੈ ਜਿਸ ਨੇ ਉੱਦਮੀਆਂ ਨੂੰ ਆਪਣੇ ਯੂਨਿਟ ਸਥਾਪਤ ਕਰਨ ਲਈ ਹਰੇ ਰੰਗ ਦੇ ਸਟੈਂਪ ਪੇਪਰ ਜਾਰੀ ਕੀਤੇ ਹਨ, ਜਿਸ ਨਾਲ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਮਿਲੇਗਾ।