ਚੰਡੀਗੜ੍ਹ, 13 ਜੂਨ: ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੁ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੂੰ ਅਪੀਲ ਕੀਤੀ ਕਿ ਉਹ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਦਲਿਤ ਨੌਜਵਾਨ ਦਾ ਜਿਣਸੀ ਸੋਸ਼ਣ ਕਰਨ ਦੇ ਮਾਮਲੇ ਵਿਚ ਪੰਜਾਬ ਸਰਕਾਰ ਵੱਲੋਂ ਬਣਾਈ ਐਸ ਆਈ ਟੀ ਅਤੇ ਪੀੜਤ ਨੂੰ ਡਰਾਉਣ ਵਾਲੇ ਉਹਨਾਂ ਸਾਰੇ ਵਿਅਕਤੀਆਂ ਖਿਲਾਫ ਜਾਂਚ ਦੇ ਹੁਕਮ ਦੇਣ ਜਿਹਨਾਂ ਨੇ ਪੀੜਤ ਨੂੰ ਆਪਣਾ ਬਿਆਨ ਵਾਪਸ ਲੈਣ ਲਈ ਮਜਬੂਰ ਕੀਤਾ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਉਹਨਾਂ ਨੇ ਪਹਿਲਾਂ ਵੀ ਰਾਜਪਾਲ ਅਤੇ ਯੂ ਟੀ ਦੇ ਪ੍ਰਸ਼ਾਸਕ ਨੂੰ ਅਪੀਲ ਕੀਤੀ ਸੀਕਿ ਉਹ ਚੰਡੀਗੜ੍ਹ ਪੁਲਿਸ ਨੂੰ ਹਦਾਇਤ ਦੇਣ ਕਿ ਉਹ ਮੰਤਰੀ ਕਟਾਰੂਚੱਕ ਦੇ ਖਿਲਾਫ ਕੇਸ ਦਰਜ ਕਰੇ ਤੇ ਹੁਣ ਅਜਿਹਾ ਕਰਨਾ ਹੋਰ ਜ਼ਰੂਰੀ ਹੋ ਗਿਆ ਹੈ ਕਿਉ਼ਕਿ ਪੀੜਤ ਨੂੰ ਮੰਤਰੀ ਖਿਲਾਫ ਆਪਣਾ ਬਿਆਨ ਵਾਪਸ ਲੈਣ ਲਈ ਮਜਬੂਰ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵੱਲੋਂ ਪਹਿਲਾਂ ਦਿੱਤੇ ਬਿਆਨ ਕਿ ਸਾਰੀਆਂ ਐਸ ਆਈ ਟੀਜ਼ ਬੇਸਿੱਟਾ (ਅਰਥ ਵਿਹੂਣੀਆਂ) ਹੁੰਦੀਆਂ ਹਨ, ਸੱਚ ਹੈ। ਉਹਨਾਂ ਕਿਹਾ ਕਿ ਹੁਣ ਇਹ ਸਪਸ਼ਟ ਹੋ ਗਿਆ ਹੈ ਕਿ ਐਸ ਆਈ ਟੀ ਮੰਤਰੀ ਨੂੰ ਕਲੀਨ ਚਿੱਟ ਦੇਣ ਵਾਸਤੇ ਬਣਾਈ ਗਈ ਸੀ ਤੇ ਇਸੇ ਕਾਰਨ ਪੀੜਤ ਨੇ ਆਪਣੇ ਦੋਸ਼ ਵਾਪਸ ਲਏ ਹਨ।
ਰਾਜਪਾਲ ਨੂੰ ਸਭਿਅਕ ਸਮਾਜ ਦੀਆਂ ਕਦਰਾਂ ਕੀਮਤਾਂ ਦੀ ਰਾਖੀ ਕਰਨ ਵਾਸਤੇ ਕਾਰਵਾਈ ਕਰਨ ਲਈ ਆਖਦਿਆਂ ਸਰਦਾਰ ਮਜੀਠੀਆ ਨੇ ਕਿਹਾ ਕਿ ਇਹ ਹੈਰਾਨੀ ਵਾਲੀ ਗੱਲ ਹੈ ਕਿ ਸਰਕਾਰ ਨੇ ਜਿਣਸੀ ਸੋਸ਼ਣ ਕਰਨ ਵਾਲੇ ਨੂੰ ਕਲੀਨ ਚਿੱਟ ਦੇ ਦਿੱਤੀ ਹੈ। ਉਹਨਾਂ ਕਿਹਾ ਕਿ ਇਸ ਨਾਲ ਸਭਿਅਕ ਸਮਾਜ ਲਈ ਜ਼ੋਖ਼ਮ ਖੜ੍ਹਾ ਹੋ ਗਿਆ ਹੈ।
ਉਹਨਾਂ ਨੇ ਰਾਜਪਾਲ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਢੁਕਵੇਂ ਕਦਮ ਚੁੱਕਣ ਤਾਂ ਜੋ ਉਸ ਦਲਿਤ ਨੌਜਵਾਨ ਨੂੰ ਇਨਸਾਫ ਮਿਲਣਾ ਯਕੀਨੀ ਬਣਾਇਆ ਜਾ ਸਕੇ ਜਿਸਦਾ ਨੌਕਰੀ ਦੇਣ ਦਾ ਲਾਲਚ ਦੇ ਕੇ ਜਿਣਸੀ ਸੋਸ਼ਣ ਕੀਤਾ ਗਿਆ। ਉਹਨਾਂ ਨੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਵੀ ਇਸ ਮਾਮਲੇ ’ਤੇ ਇਕਜੁੱਟ ਹੋਣ ਅਤੇ ਮੰਤਰੀ ਦਾ ਬਾਈਕਾਟ ਕਰਨ ਤੇ ਉਸ ਖਿਲਾਫ ਰੋਸ ਮੁਜ਼ਾਹਰੇ ਕਰਨ ਦੀ ਅਪੀਲ ਕੀਤੀ।