ਅੰਮ੍ਰਿਤਸਰ, 16 ਜੂਨ (ਸ.ਬ.) ਗਿਆਨੀ ਰਘਬੀਰ ਸਿੰਘ ਨੂੰ ਸਿੱਖਾਂ ਦੀ ਸਰਵ ਉੱਚ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਨਵਾਂ ਜਥੇਦਾਰ ਨਿਯੁਕਤ ਕਰ ਦਿੱਤਾ ਗਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿਮ ਕਮੇਟੀ ਦੀ ਐਮਰਜੈਂਸੀ ਮੀਟਿੰਗ ਵਿਚ ਇਹ ਫ਼ੈਸਲਾ ਲਿਆ ਗਿਆ ਹੈ। ਗਿਆਨੀ ਹਰਪ੍ਰੀਤ ਸਿੰਘ ਵੱਲੋਂ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਦਾ ਅਹੁਦਾ ਛੱਡਣ ਤੋਂ ਬਾਅਦ ਹੁਣ ਗਿਆਨੀ ਰਘਬੀਰ ਸਿੰਘ ਨਵੇਂ ਜਥੇਦਾਰ ਹੋਣਗੇ। ਗਿਆਨੀ ਹਰਪ੍ਰੀਤ ਸਿੰਘ ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਬਰਕਰਾਰ ਰਹਿਣਗੇ। ਜਥੇਦਾਰ ਰਘਬੀਰ ਸਿੰਘ ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਨ ਤੇ ਉਨ੍ਹਾਂ ਦੀ ਥਾਂ ਹੁਣ ਗਿਆਨੀ ਸੁਲਤਾਨ ਸਿੰਘ ਕੇਸਗੜ੍ਹ ਸਾਹਿਬ ਦੇ ਨਵੇਂ ਜਥੇਦਾਰ ਹੋਣਗੇ।
ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਐਸ. ਜੀ. ਪੀ. ਸੀ. ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਨੇ ਸਵੈ ਇੱਛਾ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀਆਂ ਸੇਵਾਵਾਂ ਛੱਡੀਆਂ ਹਨ। ਉਹਨਾਂ ਦੱਸਿਆ ਕਿ ਬੈਠਕ ਤੋਂ ਪਹਿਲਾਂ ਗਿਆਨੀ ਹਰਪ੍ਰੀਤ ਸਿੰਘ ਨੇ ਬਕਾਇਦਾ ਉਨ੍ਹਾਂ ਨਾਲ ਫੋਨ ਤੇ ਗੱਲਬਾਤ ਕੀਤੀ ਸੀ। ਉਹਨਾਂ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਕਾਰਜਕਾਰੀ ਜੱਥੇਦਾਰ ਸਨ ਅਤੇ ਉਹ ਪਿਛਲੇ ਪੰਜ ਸਾਲਾਂ ਤੋਂ ਆਪਣੀਆਂ ਸੇਵਾਵਾਂ ਬਾਖੂਬੀ ਨਿਭਾਅ ਰਹੇ ਸਨ। ਉਹਨਾਂ ਕਿਹਾ ਕਿ ਪਿਛਲੇ ਸਮੇਂ ਤੋਂ ਇਹ ਮੰਗ ਕੀਤੀ ਜਾ ਰਹੀ ਸੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਪੱਕੇ ਤੌਰ ਤੇ ਨਿਯੁਕਤ ਕੀਤੇ ਜਾਣ। ਇਸ ਦਰਮਿਆਨ ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ ਉਹ ਸਵੈ ਇੱਛਾ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਦੀਆਂ ਸੇਵਾਵਾਂ ਛੱਡ ਕੇ ਸਿਰਫ ਦਮਦਮਾ ਸਾਹਿਬ ਦੇ ਜਥੇਦਾਰ ਵਜੋਂ ਸੇਵਾਵਾਂ ਨਿਭਾਉਣਾ ਚਾਹੁੰਦੇ ਹਨ।
ਸz. ਧਾਮੀ ਨੇ ਦੱਸਿਆ ਕਿ ਮੀਟਿੰਗ ਵਿਚ ਇਹ ਫ਼ੈਸਲਾ ਕੀਤਾ ਗਿਆ ਕਿ ਗਿਆਨੀ ਹਰਪ੍ਰੀਤ ਸਿੰਘ ਆਪਣੀਆਂ ਸੇਵਾਵਾਂ ਜਥੇਦਾਰ ਦੇ ਤੌਰ ਤੇ ਸ੍ਰੀ ਦਮਦਮਾ ਸਾਹਿਬ ਵਿਖੇ ਜਾਰੀ ਰੱਖਣਗੇ ਜਦਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੀਆਂ ਸੇਵਾਵਾਂ ਗਿਆਨੀ ਰਘਬੀਰ ਸਿੰਘ ਨਿਭਾਉਣਗੇ, ਜੋ ਕਿ ਪਹਿਲਾਂ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਨ। ਇਸ ਦੇ ਨਾਲ ਹੀ ਗਿਆਨੀ ਰਘਬੀਰ ਸਿੰਘ ਸ੍ਰੀ ਦਰਬਾਰ ਸਾਹਿਬ ਦੇ ਹੈਡ ਗ੍ਰੰਥੀ ਦੇ ਤੌਰ ਤੇ ਵਾਧੂ ਸੇਵਾਵਾਂ ਨਿਭਾਉਣਗੇ। ਇਸ ਤੋਂ ਇਲਾਵਾ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਦੀਆਂ ਸੇਵਾਵਾਂ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਜੋ ਕਿ ਸੱਚਖੰਡ ਦੇ ਹੈਡ ਗ੍ਰੰਥੀ ਸਿੰਘ ਵੀ ਹਨ, ਉਹ ਨਿਭਾਉਣਗੇ ਅਤੇ ਉਨ੍ਹਾਂ ਨੂੰ ਹੀ ਸ੍ਰੀ ਕੇਸਗੜ੍ਹ ਸਾਹਿਬ ਦੇ ਹੈਡ ਗ੍ਰੰਥੀ ਦਾ ਵਾਧੂ ਚਾਰਜ ਦਿੱਤਾ ਗਿਆ ਹੈ।