ਚੰਡੀਗੜ੍ਹ, 20 ਜੂਨ- ਪੰਜਾਬ ਦੇ ਮੁੱਖ ਮੰਤਰੀ ਸz. ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਵੱਖ-ਵੱਖ ਸੂਬਿਆਂ ਵਿੱਚ ਗੈਰ ਭਾਜਪਾ ਸਰਕਾਰਾਂ ਨੂੰ ਤੰਗ-ਪ੍ਰੇਸ਼ਾਨ ਕਰਨ ਲਈ ਕੇਂਦਰ ਦੀ ਭਾਜਪਾ ਦੀ ਅਗਵਾਈ ਵਾਲੀ ਐਨ. ਡੀ. ਏ. ਸਰਕਾਰ ਆਪਣੇ ਵਿਰੋਧੀਆਂ ਨੂੰ ਨਿਸ਼ਾਨਾ ਬਣਾਉਣ ਲਈ ਪੇਂਡੂ ਵਿਕਾਸ ਫੰਡ (ਆਰ.ਡੀ.ਐਫ.) ਰੋਕਣ ਵਰਗੇ ਹੱਥਕੰਡੇ ਅਪਣਾ ਰਹੀ ਹੈ।
ਪੰਜਾਬ ਵਿਧਾਨ ਸਭਾ ਦੇ ਸਦਨ ਵਿਚ ਸੂਬੇ ਵਿੱਚ ਆਰ. ਡੀ. ਐਫ. ਜਾਰੀ ਕਰਨ ਲਈ ਪੇਸ਼ ਕੀਤੇ ਗਏ ਬਿੱਲ ਤੇ ਹੋਈ ਚਰਚਾ ਨੂੰ ਸਮੇਟਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਤੱਥ ਦੇ ਬਾਵਜੂਦ ਕਿ ਮੌਜੂਦਾ ਸੂਬਾ ਸਰਕਾਰ ਨੇ ਪਿਛਲੀਆਂ ਸਰਕਾਰਾਂ ਦੀਆਂ ਸਾਰੀਆਂ ਤਰੁੱਟੀਆਂ ਨੂੰ ਦੂਰ ਕਰ ਦਿੱਤਾ ਪਰ ਕੇਂਦਰ ਨੇ ਫੇਰ ਵੀ ਅਜੇ ਤੱਕ ਫੰਡ ਜਾਰੀ ਨਹੀਂ ਕੀਤੇ। ਭਗਵੰਤ ਮਾਨ ਨੇ ਕਿਹਾ ਕਿ ਇਸ ਸੰਬੰਧੀ ਉਨ੍ਹਾਂ ਨੇ ਖੁਦ ਕੇਂਦਰੀ ਮੰਤਰੀ ਨਾਲ ਮੁਲਾਕਾਤ ਵੀ ਕੀਤੀ ਸੀ, ਜਿਨ੍ਹਾਂ ਨੇ ਭਰੋਸਾ ਦਿੱਤਾ ਸੀ ਕਿ ਇਹ ਫੰਡ ਛੇਤੀ ਜਾਰੀ ਕਰ ਦਿੱਤੇ ਜਾਣਗੇ। ਹਾਲਾਂਕਿ, ਉਨ੍ਹਾਂ ਕਿਹਾ ਕਿ ਇਹ ਭਰੋਸਾ ਹਕੀਕਤ ਵਿਚ ਕਦੇ ਵੀ ਨਹੀਂ ਬਦਲਿਆ ਅਤੇ ਕੇਂਦਰ ਸਰਕਾਰ ਨੇ ਸੂਬੇ ਦੇ 3622 ਕਰੋੜ ਰੁਪਏ ਤੋਂ ਵੱਧ ਦੇ ਦਿਹਾਤੀ ਵਿਕਾਸ ਫੰਡ ਨੂੰ ਰੋਕ ਦਿੱਤਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਹਰ ਕੋਈ ਜਾਣਦਾ ਹੈ ਕਿ ਕੇਂਦਰ ਸਰਕਾਰ ਦੇਸ਼ ਦੀਆਂ ਗੈਰ-ਭਾਜਪਾ ਸਰਕਾਰਾਂ ਨੂੰ ਮਿੱਥ ਕੇ ਨਿਸ਼ਾਨਾ ਬਣਾ ਰਿਹਾ ਹੈ ਅਤੇ ਉਨ੍ਹਾਂ ਨੂੰ ਸੁਚਾਰੂ ਢੰਗ ਨਾਲ ਕੰਮ ਨਹੀਂ ਕਰਨ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਇਸ ਤਾਨਾਸ਼ਾਹੀ ਵਤੀਰੇ ਨੇ ਦੇਸ਼ ਭਰ ਵਿੱਚ ਲੋਕਤੰਤਰ ਨੂੰ ਖ਼ਤਰੇ ਵਿੱਚ ਪਾ ਦਿੱਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਇੱਕ ਖਤਰਨਾਕ ਰੁਝਾਨ ਹੈ ਜਿਸ ਨੂੰ ਰੋਕਣ ਦੀ ਲੋੜ ਹੈ ਕਿਉਂਕਿ ਇਹ ਦੇਸ਼ ਦੇ ਹਿੱਤ ਵਿੱਚ ਨਹੀਂ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਕਿੰਨੀ ਮੰਦਭਾਗੀ ਗੱਲ ਹੈ ਕਿ ਦੇਸ਼ ਦੇ ਆਜ਼ਾਦੀ ਸੰਘਰਸ਼ ਵਿੱਚ ਸਭ ਤੋਂ ਵੱਧ ਯੋਗਦਾਨ ਪਾਉਣ ਵਾਲੇ ਸੂਬੇ ਦੇ ਫੰਡਾਂ ਨੂੰ ਕੇਂਦਰ ਰੋਕ ਰਿਹਾ ਹੈ। ਉਨ੍ਹਾਂ ਸਵਾਲ ਕੀਤਾ ਕਿ ਇਹ ਉਨ੍ਹਾਂ ਮਹਾਨ ਕੌਮੀ ਨਾਇਕਾਂ ਦੇ ਅਥਾਹ ਯੋਗਦਾਨ ਦਾ ਸਤਿਕਾਰ ਹੈ ਜਿਨ੍ਹਾਂ ਨੇ ਮਾਤ ਭੂਮੀ ਦੀ ਖਾਤਰ ਆਪਣੀਆਂ ਕੀਮਤੀ ਜਾਨਾਂ ਨਿਛਾਵਰ ਕਰ ਦਿੱਤੀਆਂ ਸਨ? ਭਗਵੰਤ ਮਾਨ ਨੇ ਕਿਸਾਨਾਂ ਦੀ ਫ਼ਸਲ ਖ਼ਰੀਦਣ ਤੋਂ ਆਪਣੇ ਪੈਰ ਪਿੱਛੇ ਖਿੱਚਣ ਲਈ ਵੀ ਕੇਂਦਰ ਤੇ ਤਿੱਖਾ ਹਮਲਾ ਬੋਲਿਆ।
ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰੀ ਖਰੀਦ ਏਜੰਸੀਆਂ ਵੱਲੋਂ ਸੂਬੇ ਦੇ ਕਿਸਾਨਾਂ ਨੂੰ ਕਿਸੇ ਨਾ ਕਿਸੇ ਬਹਾਨੇ ਪ੍ਰੇਸ਼ਾਨ ਕੀਤਾ ਜਾਂਦਾ ਹੈ ਅਤੇ ਇੱਥੋਂ ਤੱਕ ਕਿ ਮੁੱਲ ਕਟੌਤੀ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਕਿਸਾਨਾਂ ਨੂੰ ਮੁੱਲ ਕਟੌਤੀ ਦੇ ਇਵਜ਼ ਵਿਚ ਮੁਆਵਜ਼ਾ ਦੇ ਕੇ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਕੀਤੀ। ਉਹਨਾਂ ਸਵਾਲ ਕੀਤਾ ਕਿ ਜੇਕਰ ਸੂਬੇ ਦੇ ਕਿਸਾਨ ਇਨ੍ਹਾਂ ਏਜੰਸੀਆਂ ਨੂੰ ਅਨਾਜ ਵੇਚਣ ਤੋਂ ਹੀ ਨਾਂਹ ਕਰ ਦੇਣ ਤਾਂ ਕੇਂਦਰ ਸਰਕਾਰ ਜਨਤਕ ਵੰਡ ਪ੍ਰਣਾਲੀ (ਪੀ.ਡੀ.ਐਸ.) ਲਈ ਅਨਾਜ ਕਿੱਥੋਂ ਲੈ ਕੇ ਆਵੇਗੀ?
ਇਸ ਮੁੱਦੇ ਤੇ ਬਹਿਸ ਤੋਂ ਭੱਜਣ ਲਈ ਕਾਂਗਰਸ ਦੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਜਿਹਾ ਕਰਕੇ ਉਹ ਸੂਬੇ ਦੇ ਹਿੱਤਾਂ ਦਾ ਸਿੱਧੇ ਤੌਰ ਉਤੇ ਨੁਕਸਾਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਪੰਜਾਬ ਨਾਲ ਜੁੜੇ ਮਸਲਿਆਂ ਬਾਰੇ ਜਵਾਬ ਦੇਣ ਦੀ ਬਜਾਏ ਸਦਨ ਵਿੱਚੋਂ ਭੱਜ ਗਏ ਹਨ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਸੂਬੇ ਦੇ ਹਿੱਤਾਂ ਨਾਲ ਕੋਈ ਲੈਣਾ-ਦੇਣਾ ਨਹੀਂ ਹੈ ਕਿਉਂਕਿ ਇਨ੍ਹਾਂ ਨੂੰ ਹਮੇਸ਼ਾ ਆਪਣੇ ਨਿੱਜੀ ਸਵਾਰਥਾਂ ਦੀ ਚਿੰਤਾ ਰਹਿੰਦੀ ਹੈ।