ਅੰਮ੍ਰਿਤਸਰ, 22 ਜੂਨ- ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਜੋਂ ਸੇਵਾ ਸੰਭਾਲੀ ਹੈ। ਇਸ ਮੌਕੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸਣੇ ਬਾਕੀ ਤਖ਼ਤਾਂ ਦੇ ਜਥੇਦਾਰ ਅਤੇ ਸੇਵਾਦਾਰ ਵੀ ਸ਼ਾਮਲ ਹੋਏ।
ਇਸ ਸਮਾਗਮ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਗਿਆਨੀ ਰਘਬੀਰ ਸਿੰਘ ਨੂੰ ਬਤੌਰ ਜਥੇਦਾਰ ਅਕਾਲ ਤਖ਼ਤ ਵੱਜੋਂ ਸੇਵਾ ਸੰਭਾਲ ਦਾ ਐਲਾਨ ਕੀਤਾ ਅਤੇ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ। ਇੱਥੇ ਜ਼ਿਕਰਯੋਗ ਹੈ ਕਿ ਐਸ.ਜੀ.ਪੀ.ਸੀ. ਵੱਲੋਂ ਅੰਤ੍ਰਿਗ ਕਮੇਟੀ ਦੀ ਵਿਸ਼ੇਸ਼ ਮੀਟਿੰਗ ਵਿਚ ਮਤਾ ਪਾਸ ਕਰਕੇ ਗਿਆਨੀ ਰਘਬੀਰ ਸਿੰਘ ਜੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਜਥੇਦਾਰ ਥਾਪਣ ਦਾ ਫ਼ੈਸਲਾ ਕੀਤਾ ਗਿਆ ਸੀ।
ਇਸ ਮੌਕੇ ਐਸ.ਜੀ.ਪੀ.ਸੀ. ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਨਵੇਂ ਐਲਾਨੇ ਗਏ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਜਥੇਦਾਰ ਵਜੋਂ ਅਹੁਦਾ ਤੇ ਸੇਵਾ ਸੰਭਾਲਣ ਦੀ ਵਧਾਈ ਦਿੰਦਿਆਂ ਕਿਹਾ ਕਿ ਇਨ੍ਹਾਂ ਤੋਂ ਪਹਿਲਾਂ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਬਾਖੁੂਬੀ ਆਪਣੀਆਂ ਸੇਵਾਵਾਂ ਸੰਭਾਲੀਆਂ ਸਨ।
ਉਨ੍ਹਾਂ ਕਿਹਾ ਜਦੋਂ ਨਾਜ਼ੁਕ ਸਮਾਂ ਸੀ ਉਸ ਸਮੇਂ ਵੀ ਗਿਆਨੀ ਹਰਪ੍ਰੀਤ ਸਿੰਘ ਨੇ ਗੁਰੂ ਪੰਥ ਦੀ ਪਰੰਪਰਾ ਤਹਿਤ ਸੇਵਾ ਕੀਤੀ।