ਨਵਾਂਸ਼ਹਿਰ, 24 ਜੂਨ 2023 : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਸਰਕਾਰੀ ਸਿਹਤ ਸੰਸਥਾਵਾਂ ਵਿਚ ਐਮਰਜੈਂਸੀ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਜਾਰੀ ਹੁਕਮਾਂ ਦੀ ਪਾਲਣਾ ਕਰਨ ਲਈ ਜ਼ਿਲ੍ਹਾ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਨੇ ਕਮਰਕੱਸ ਲਈ ਹੈ। ਜਾਣਕਾਰੀ ਅਨੁਸਾਰ ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਸਿਹਤ ਵਿਭਾਗ ਸਿਹਤ ਬਲਾਕ ਮੁਜ਼ੱਫਰਪੁਰ ਅਧੀਨ ਪੈਂਦੇ ਕਮਿਊਨਿਟੀ ਸਿਹਤ ਕੇਂਦਰ, ਰਾਹੋਂ ਵਿਖੇ ਜਲਦ ਹੀ 24 ਘੰਟੇ ਐਮਰਜੈਂਸੀ ਸਿਹਤ ਸੇਵਾਵਾਂ ਸ਼ੁਰੂ ਕਰਨ ਜਾ ਰਿਹਾ ਹੈ। ਇਸ ਲਈ ਪੰਜ ਐਮਰਜੈਂਸੀ ਮੈਡੀਕਲ ਅਫਸਰਾਂ ਦੀ ਡਿਊਟੀ ਲਗਾ ਦਿੱਤੀ ਗਈ ਹੈ।
ਇਸ ਸਬੰਧੀ ਕਾਰਜਕਾਰੀ ਜ਼ਿਲ੍ਹਾ ਸਿਹਤ ਅਫ਼ਸਰ ਕਮ ਸੀਨੀਅਰ ਮੈਡੀਕਲ ਅਫਸਰ ਐੱਸ ਡੀ ਐੱਚ, ਬਲਾਚੌਰ ਡਾ. ਕੁਲਵਿੰਦਰ ਮਾਨ ਨੇ ਅੱਜ ਕਮਿਊਨਿਟੀ ਸਿਹਤ ਕੇਂਦਰ, ਰਾਹੋਂ ਵਿਖੇ ਦੌਰਾ ਕਰਕੇ 24 ਘੰਟੇ ਐਮਰਜੈਂਸੀ ਸਿਹਤ ਸੇਵਾਵਾਂ ਸ਼ੁਰੂ ਕਰਨ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਨਿਰੀਖਣ ਕੀਤਾ।
ਉਨ੍ਹਾਂ ਹਸਪਤਾਲ ਵਿਚ ਐਮਰਜੈਂਸੀ ਸਿਹਤ ਸੇਵਾਵਾਂ ਉਪਲਬੱਧ ਕਰਵਾਉਣ ਲਈ ਮੈਡੀਕਲ ਉਪਕਰਨਾਂ, ਦਵਾਈਆਂ ਦੀ ਉਪਲਬੱਧਤਾ, ਐਂਬੂਲੈਂਸ ਦੀ ਸਹੂਲਤ ਬਾਰੇ ਜਾਣਕਾਰੀ ਲਈ ਅਤੇ ਐਮਰਜੈਂਸੀ ਸਿਹਤ ਸੇਵਾਵਾਂ ਸ਼ੁਰੂ ਕਰਨ ਲਈ ਕੀਤੇ ਗਏ ਪ੍ਰਬੰਧਾਂ ‘ਤੇ ਤਸੱਲੀਬਖ਼ਸ਼ ਪ੍ਰਗਟਾਈ। ਇਸ ਮੌਕੇ ਉਨ੍ਹਾਂ ਹਸਪਤਾਲ ਪ੍ਰਬੰਧਨ ਨੂੰ ਐਮਰਜੈਂਸੀ ਵਾਰਡ ਵਿੱਚ ਪਏ ਸਾਰੇ ਮੈਡੀਕਲ ਉਪਕਰਨਾਂ ਦਾ ਆਡਿਟ ਕਰਨ ਲਈ ਵੀ ਕਿਹਾ ਅਤੇ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਮੈਡੀਕਲ ਉਪਕਰਨ ਹਮੇਸ਼ਾ ਕੰਮ ਕਰਨ ਦੀ ਸਥਿਤੀ ਵਿਚ ਹੋਣ।
ਉਨ੍ਹਾਂ ਕਿਹਾ ਕਿ ਸਿਵਲ ਹਸਪਤਾਲ ਵਿੱਚ ਜਲਦ ਹੀ ਐਮਰਜੈਂਸੀ ਸੇਵਾਵਾਂ 24 ਘੰਟੇ ਯਕੀਨੀ ਬਣਾਈਆਂ ਜਾ ਰਹੀਆਂ ਹਨ ਤਾਂ ਕਿ ਮਰੀਜ਼ਾਂ ਨੂੰ ਕਿਸੇ ਤਰ੍ਹਾਂ ਦੀ ਖੱਜਲ-ਖੁਆਰੀ ਨਾ ਹੋਵੇ। ਉਨ੍ਹਾਂ ਕਿਹਾ ਸਾਡਾ ਮੁੱਖ ਟੀਚਾ ਐਮਰਜੈਂਸੀ ਸੇਵਾਵਾਂ ਵਿੱਚ ਸੁਧਾਰ ਕਰਨਾ ਹੈ ਤਾਂ ਜੋ ਸਰਕਾਰੀ ਹਸਪਤਾਲ ਵਿਚ ਗੰਭੀਰ ਮਰੀਜ਼ਾਂ ਦੀਆਂ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲ ਵਿਚ 24 ਘੰਟੇ ਮਿਆਰੀ ਐਮਰਜੈਂਸੀ ਸੇਵਾਵਾਂ ਯਕੀਨੀ ਤੌਰ ਉੱਤੇ ਮੁੱਹਈਆ ਹੋਣੀਆਂ ਚਾਹੀਦੀਆਂ ਹਨ। ਇਸ ਲਈ ਉਨ੍ਹਾਂ ਡਾਕਟਰਾਂ ਸਮੇਤ ਮੈਡੀਕਲ ਅਤੇ ਪੈਰਾ ਮੈਡੀਕਲ ਸਟਾਫ ਨੂੰ ਆਪਣਾ ਪੂਰਨ ਸਹਿਯੋਗ ਦੇਣ ਲਈ ਕਿਹਾ।