ਟੋਰਾਂਟੋ, 24 ਜੂਨ – ਫਰਜ਼ੀ ਦਸਤਾਵੇਜ਼ਾਂ ਤੇ 700 ਭਾਰਤੀ ਵਿਦਿਆਰਥੀਆਂ ਨੂੰ ਕੈਨੇਡਾ ਭੇਜਣ ਵਾਲੇ ਜੰਲਧਰ ਦੇ ਏਜੰਟ ਬ੍ਰਿਜੇਸ਼ ਮਿਸ਼ਰਾ ਨੂੰ ਕੈਨੇਡਾ ਵਿਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਕੈਨੇਡਾ ਬਾਰਡਰ ਸੁਰੱਖਿਆ ਏਜੰਸੀ ਨੇ ਬ੍ਰਿਜੇਸ਼ ਮਿਸ਼ਰਾ ਨੂੰ ਉਸ ਵੇਲੇ ਕਾਬੂ ਕੀਤਾ ਜਦੋਂ ਉਹ ਕੈਨੇਡਾ ਵਿਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ।
ਇੱਥੇ ਜਿਕਰਯੋਗ ਹੈ ਕਿ ਜਲੰਧਰ ਵਿੱਚ ਇੱਕ ਇਮੀਗ੍ਰੇਸ਼ਨ ਏਜੰਸੀ ਚਲਾਉਣ ਵਾਲਾ ਬ੍ਰਿਜੇਸ਼ ਮਿਸ਼ਰਾ ਕੈਨੇਡਾ ਵਿੱਚ ਪੰਜਾਬੀ ਵਿਦਿਆਰਥੀਆਂ ਨਾਲ ਧੋਖਾਧੜੀ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਫਰਾਰ ਹੋ ਗਿਆ ਸੀ। ਮਿਸ਼ਰਾ ਵਲੋਂ ਕੀਤੇ ਗਏ ਜਾਅਲੀ ਕਾਲਜ ਦਾਖਲਾ ਪੱਤਰ ਘੁਟਾਲੇ ਕਾਰਨ ਪੰਜਾਬ ਅਤੇ ਭਾਰਤ ਦੇ ਹੋਰ ਰਾਜਾਂ ਦੇ ਸੈਂਕੜੇ ਵਿਦਿਆਰਥੀ ਕਥਿਤ ਤੌਰ ਤੇ ਦੇਸ਼ ਨਿਕਾਲੇ ਦੀ ਕਾਰਵਾਈ ਦਾ ਸਾਹਮਣਾ ਕਰ ਰਹੇ ਹਨ।
ਇਹਨਾਂ ਵਿਦਿਆਰਥੀਆਂ ਨੇ ਕੈਨੇਡਾ ਪੁੱਜਣ ਤੇ 2 ਸਾਲ ਦੀ ਪੜ੍ਹਾਈ ਪੂਰੀ ਕਰਨ ਅਤੇ 1 ਸਾਲ ਦੇ ਵਰਕ ਪਰਮਿਟ ਤੇ ਕੰਮ ਕਰਨ ਤੋਂ ਬਾਅਦ ਕੈਨੇਡਾ ਦੀ ਪੀ. ਆਰ. ਲਈ ਅਰਜ਼ੀ ਦਾਖ਼ਲ ਕੀਤੀ ਹੈ। ਕੈਨੇਡਾ ਸਰਕਾਰ ਨੇ ਜਦੋਂ ਅਰਜ਼ੀਆਂ ਦੀ ਡੂੰਘਾਈ ਨਾਲ ਜਾਂਚ ਕੀਤੀ ਤਾਂ 2018 ਤੋਂ 2022 ਦਰਮਿਆਨ ਪੁੱਜੇ ਕਈ ਵਿਦਿਆਰਥੀਆਂ ਦੀਆਂ ਅਰਜ਼ੀਆਂ ਦੇ ਨਾਲ-ਨਾਲ ਕਈ ਦਸਤਾਵੇਜ਼ ਫਰਜ਼ੀ ਪਾਏ ਗਏ। ਇਸਤੋਂ ਬਾਅਦ ਕੈਨੇਡਾ ਸਰਕਾਰ ਨੇ ਇਸ ਵੱਡੇ ਫਰਜ਼ੀਵਾੜੇ ਦਾ ਪਰਦਾਫਾਸ਼ ਕਰਦਿਆਂ 700 ਵਿਦਿਆਰਥੀਆਂ ਨੂੰ ਡਿਪੋਰਟ ਕਰਨ ਲਈ ਨੋਟਿਸ ਜਾਰੀ ਕਰ ਦਿੱਤੇ ਸਨ ਅਤੇ ਇਹ ਵਿਦਿਆਰਥੀ ਇਸ ਕਾਰਵਾਈ ਦਾ ਸਾਮ੍ਹਣਾ ਕਰ ਰਹੇ ਹਨ।