ਐਸ ਏ ਐਸ ਨਗਰ, 26 ਜੂਨ- ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਬਚਨ ਸਿੰਘ ਨੇ ਕਿਹਾ ਹੈ ਕਿ ਪਰਾਲੀ ਦੀ ਸਾਂਭ ਸੰਭਾਲ ਅਤੇ ਅੱਗ ਲੱਗਣ ਦੀਆਂ ਘਟਨਾਵਾਂ ਤੇ ਕਾਬੂ ਪਾਉਣ ਲਈ ਪਿੰਡਾਂ ਵਿੱਚ ਕਿਸਾਨ ਸਿਖਲਾਈ ਕੈਂਪ ਲਗਾ ਕੇ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਜਾਵੇ ਕਿ ਫਸਲੀ ਵਿਭਿੰਨਤਾ ਤਹਿਤ ਕੱਦੂ ਵਾਲੇ ਝੋਨੇ ਹੇਠੋਂ ਰਕਬਾ ਘਟਾ ਕੇ ਮੱਕੀ ਅਤੇ ਬਾਸਮਤੀ ਹੇਠ ਲਿਆਂਦਾ ਜਾਵੇ ਤਾਂ ਜੋ ਪਾਣੀ ਦੀ ਬੱਚਤ ਦੇ ਨਾਲ-ਨਾਲ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਤੇ ਕਾਬੂ ਪਾਇਆ ਜਾ ਸਕੇ।
ਬਲਾਕ ਡੇਰਾਬੱਸੀ ਦੇ ਸਟਾਫ ਨਾਲ ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਜਿਨ੍ਹਾਂ ਪਿੰਡਾਂ ਵਿੱਚ ਪਿਛਲੇ ਸਾਲਾਂ ਤੋਂ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਵਿੱਚ ਵਾਧਾ ਹੋਇਆ ਹੈ, ਉਨ੍ਹਾਂ ਪਿੰਡਾਂ ਦੇ ਕਿਸਾਨਾਂ ਦੀ ਸੂਚੀ ਤਿਆਰ ਕੀਤੀ ਜਾਵੇ ਅਤੇ ਹਰ ਕਿਸਾਨ ਨਾਲ ਨਿੱਜੀ ਤੌਰ ਤੇ ਸੰਪਰਕ ਕਰਕੇ, ਉਨ੍ਹਾਂ ਦੀ ਲੋੜ ਅਨੁਸਾਰ ਪਰਾਲੀ ਦੀ ਸਾਂਭ-ਸੰਭਾਲ ਵਾਲੀ ਮਸ਼ੀਨਰੀ ਸਬਸਿਡੀ ਤੇ ਦੇਣ ਜਾਂ ਕਸਟਮ ਹਾਇਰਿੰਗ ਸੈਂਟਰ ਤੋਂ ਜਾਂ ਬੇਲਰ/ਰੇਕ ਦਾ ਪ੍ਰਬੰਧ ਕਰਕੇ ਦੇਣਾ ਯਕੀਨੀ ਬਣਾਇਆ ਜਾਵੇ ਤਾਂ ਜੋ ਇਸ ਬਲਾਕ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਸਿਫਰ ਕੀਤਾ ਜਾਵੇ।
ਉਨ੍ਹਾਂ ਖੇਤੀਬਾੜੀ ਵਿਕਾਸ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਸਾਉਣੀ ਦੇ ਸ਼ੀਜਨ ਨੂੰ ਮੁੱਖ ਰੱਖਦੇ ਹੋਏ ਕਿਸਾਨਾਂ ਨੂੰ ਵਧੀਆ ਕੁਆਲਿਟੀ ਦੀ ਖੇਤੀ ਸਮੱਗਰੀ ਉਪਲਬੱਧ ਕਰਵਾਉਣ ਲਈ ਡੀਲਰਾਂ ਦੀ ਚੈਕਿਗ ਅਤੇ ਸੈਪਲਿੰਗ ਕੀਤੀ ਜਾਵੇ। ਮੀਟਿੰਗ ਵਿੱਚ ਬਲਾਕ ਖੇਤੀਬਾੜੀ ਅਫਸਰ ਡਾ. ਹਰਸੰਗੀਤ ਸਿੰਘ ਅਤੇ ਬਲਾਕ ਦਾ ਸਟਾਫ ਹਾਜ਼ਰ ਸੀ।