ਸ੍ਰੀ ਹਰਗੋਬਿੰਦਪੁਰ ਸਾਹਿਬ/ਗੁਰਦਾਸਪੁਰ 26 ਜੂਨ 2023 : ਐਡਵੋਕੈਟ ਅਮਰਪਾਲ ਸਿੰਘ ਹਲਕਾ ਵਿਧਾਇਕ ਸ੍ਰੀ ਹਰਗੋਬਿੰਦਪੁਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਸੂਬੇ ਦੇ ਧਰਤੀ ਹੇਠਲੇ ਪਾਣੀ ਦੇ ਡਿdਗਦੇ ਪੱਧਰ ਵਿੱਚ ਸੁਧਾਰ ਲਈ ਵਿਸ਼ੇਸ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਜਿਸਦੇ ਮੱਦੇਨਜ਼ਰ ਭੂਮੀ ਤੇ ਜਲ ਸੰਭਾਲ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸੂਬੇ ਦੇ ਕਿਸਾਨਾਂ ਪ੍ਰਤੀ ਸਰਕਾਰ ਦੀ ਵਚਨਬੱਧਤਾ ਅਤੇ ਬੇਸ਼ਕੀਮਤੀ ਜਲ ਸਰੋਤਾਂ ਨੂੰ ਬਚਾਉਣ ਲਈ ਖਾਸ ਯਤਨ ਕੀਤੇ ਗਏ ਹਨ।
ਐਡਵੋਕੈਟ ਵਿਧਾਇਕ ਅਮਰਪਾਲ ਸਿੰਘ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਖੇਤੀਬਾੜੀ ਲਈ ਸਿੰਜਾਈ ਵਾਸਤੇ ਨਹਿਰੀ ਪਾਣੀ ਅਤੇ ਸੋਧੇ ਹੋਏ ਪਾਣੀ ਦੀ ਵਰਤੋਂ ਵੱਧ ਤੋਂ ਵੱਧ ਕਰਨ ਅਤੇ ਜ਼ਮੀਨਦੋਜ਼ ਪਾਈਪਲਾਈਨ ਪ੍ਰੋਗਰਾਮ ਨੂੰ ਸੂਬੇ ਦੇ ਕੋਨੇ-ਕੋਨੇ ਤੱਕ ਪਹੁੰਚਾਉਣ ’ਤੇ ਵੀ ਜ਼ੋਰ ਦਿੱਤਾ ਗਿਆ ਹੈ ਅਤੇ ਵਿਭਾਗ ਨੂੰ ਜ਼ਮੀਨੀ ਪੱਧਰ ’ਤੇ ਜਾਗਰੂਕਤਾ ਪੈਦਾ ਕਰਕੇ ਸੂਬੇ ਵਿੱਚ ਜਲ ਪ੍ਰਬੰਧਨ ਅਤੇ ਸੰਭਾਲ ਲਈ ਲੋਕ ਲਹਿਰ ਸ਼ੁਰੂ ਕਰਨ ਦਾ ਸੱਦਾ ਦਿੱਤਾ।
ਐਡਵੋਕੈਟ ਅਮਰਪਾਲ ਸਿੰਘ ਨੇ ਦੱਸਿਆ ਕਿ ਬੇਜ਼ਮੀਨੇ ਕਿਸਾਨਾਂ ਅਤੇ ਮਹਿਲਾਵਾਂ ਨੂੰ ਪ੍ਰਾਜੈਕਟ ਖੇਤਰਾਂ ਵਿੱਚ ਸਵੈ-ਸਹਾਇਤਾ ਗਰੁੱਪ ਬਣਾ ਕੇ ਵਿੱਤੀ ਸਹਾਇਤਾ ਪ੍ਰਦਾਨ ਕਰਕੇ ਉਨ੍ਹਾਂ ਨੂੰ ਵੱਧ ਤੋਂ ਵੱਧ ਲਾਭ ਦੇਣ ’ਤੇ ਜ਼ੋਰ ਦਿੱਤਾ ਗਿਆ ਹੈ। ਉਨਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਕੀਤੇ ਯਤਨਾਂ ਤਹਿਤ ਕਿਸਾਨਾਂ ਨੂੰ ਨਹਿਰੀ ਤੇ ਸੂਇਆਂ ਰਾਹੀਂ ਖੇਤਾਂ ਤੱਕ ਪਾਣੀ ਪੁਜਦਾ ਕੀਤਾ ਗਿਆ ਹੈ ਅਤੇ ਕਿਸਾਨਾਂ ਵਿੱਚ ਖੁਸ਼ੀ ਪਾਈ ਜਾ ਰਹੀ ਹੈ।