ਹੁਸ਼ਿਆਰਪੁਰ, 27 ਜੂਨ 2023 – ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸ਼ਹਿਰ ਦੇ ਸਾਰੇ ਵਾਰਡਾਂ ਵਿਚ ਬੁਨਿਆਦੀ ਸੁਵਿਧਾਵਾਂ ਉਪਲਬੱਧ ਕਰਵਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਹਰ ਵਾਰਡ ਦੀ ਜ਼ਰੂਰਤ ਨੂੰ ਮੁੱਖ ਰੱਖਦੇ ਹੋਏ ਇਥੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਹ ਵਾਰਡ ਨੰਬਰ 36 ਵਿਚ 22 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਗਲੀਆਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਉਣ ਦੌਰਾਨ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਨਗਰ ਨਿਗਮ ਦੇ ਫਾਈਨਾਂਸ ਕਮੇਟੀ ਦੇ ਚੇਅਰਮੈਨ ਬਲਵਿੰਦਰ ਬਿੰਦੀ, ਸਹਾਇਕ ਕਮਿਸ਼ਨਰ ਨਗਰ ਨਿਗਮ ਸੰਦੀਪ ਤਿਵਾੜੀ ਅਤੇ ਕੌਂਸਲਰ ਸੁਰਿੰਦਰ ਪਾਲ ਭੱਟੀ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਵਾਰਡ ਵਿਚ ਸੀਵਰੇਜ ਦੇ ਕੰਮ ਤੋਂ ਬਾਅਦ ਗਲੀਆਂ ਦੇ ਨਿਰਮਾਣ ਕਾਰਜ ਦੀ ਕਾਫ਼ੀ ਲੰਬੇ ਸਮੇਂ ਤੋਂ ਮੰਗ ਸੀ, ਜਿਸ ਨੂੰ ਪੂਰਾ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਵਾਰਡ ਵਿਚ ਹੋਰ ਜ਼ਰੂਰੀ ਕੰਮ ਵੀ ਪਹਿਲ ਦੇ ਆਧਾਰ ’ਤੇ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜਨੀਤੀ ਤੋਂ ਉਪਰ ਉਠ ਕੇ ਵਿਕਾਸ ਕਾਰਜ ਕਰਨ ਵਿਚ ਵਿਸ਼ਵਾਸ ਰੱਖਦੀ ਹੈ ਅਤੇ ਪੂਰੇ ਸ਼ਹਿਰ ਵਿਚ ਇਸੇ ਸੋਚ ਨਾਲ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।