ਦੋਰਾਹਾ , 28 ਜੂਨ 2023 – ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 1000 ਨਵੇਂ ਆਂਗਣਵਾੜੀ ਕੇਂਦਰ ਖੋਲ੍ਹਣ ਦੇ ਨਾਲ-ਨਾਲ ਸਕੀਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ 6000 ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਭਰਤੀ ਦੀ ਪ੍ਰਕਿਰਿਆ ਵੀ ਜਲਦ ਮੁਕੰਮਲ ਕਰ ਲਈ ਜਾਵੇਗੀ।
ਰਾਜਪੁਰਾ ਦੀ ਵਿਧਾਇਕ ਨੀਨਾ ਮਿੱਤਲ ਦੇ ਨਾਲ ਕੈਬਨਿਟ ਮੰਤਰੀ ਨੇ ਕਿਹਾ ਕਿ ਨਵੇਂ ਆਂਗਣਵਾੜੀ ਸੈਂਟਰ ਖੋਲ੍ਹਣ ਦੇ ਨਾਲ-ਨਾਲ ਮੌਜੂਦਾ ਇਮਾਰਤਾਂ ਦੀ ਮੁਰੰਮਤ ਦਾ ਕੰਮ ਵੀ ਵੱਡੇ ਪੱਧਰ ‘ਤੇ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਰਤੀ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵਿਭਾਗ ਦੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਵਰਕਰਾਂ ਨੂੰ ਸਮਾਰਟ ਫੋਨ ਵੀ ਸੌਂਪੇਗੀ। ਉਨ੍ਹਾਂ ਅੱਗੇ ਕਿਹਾ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦਾ 8.2 ਕਰੋੜ ਰੁਪਏ ਦਾ ਮਾਣ ਭੱਤਾ ਵੀ ਕੁਝ ਦਿਨਾਂ ਵਿੱਚ ਜਾਰੀ ਕਰ ਦਿੱਤਾ ਜਾਵੇਗਾ।
ਡਾ. ਬਲਜੀਤ ਕੌਰ ਜ਼ਿਲ੍ਹਾ ਹੈੱਡਕੁਆਰਟਰ ਤੋਂ 21 ਕਿਲੋਮੀਟਰ ਦੂਰ ਦੋਰਾਹਾ ਵਿਖੇ ਇਕ ਦੌਰਾ ਕਰਨ ਉਪਰੰਤ ਸਮਾਗਮ ਵਿੱਚ ਗੱਲਬਾਤ ਕਰ ਰਹੇ ਸਨ।