ਪਟਿਆਲਾ, 28 ਜੂਨ 2023 – ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪਟਿਆਲਾ ਜ਼ਿਲ੍ਹੇ ਅੰਦਰ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਸਕੀਮ ਤਹਿਤ ਆਪਣਾ ਸਮਾਰਟ ਕਾਰਡ ਬਣਵਾਉਣ ਤੋਂ ਵਾਂਝੇ ਰਹਿ ਗਏ ਲਾਭਪਾਤਰੀਆਂ ਦੇ ਕਾਰਡ ਬਣਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ।
ਸਾਕਸ਼ੀ ਸਾਹਨੀ ਨੇ ਰਾਸ਼ਨ ਕਾਰਡ ਧਾਰਕਾਂ, ਜੇ ਫਾਰਮ ਧਾਰਕ ਕਿਸਾਨਾਂ, ਕਿਰਤੀਆਂ, ਛੋਟੇ ਵਪਾਰੀਆਂ, ਪੀਲਾ ਤੇ ਐਕਰੀਡੇਸ਼ਨ ਕਾਰਡ ਧਾਰਕ ਪੱਤਰਕਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਅਤੇ ਆਪਣੇ ਪਰਿਵਾਰਕ ਜੀਆਂ ਦੇ ਸਮਾਰਟ ਕਾਰਡ ਜਰੂਰ ਬਣਵਾਉਣ ਤਾਂ ਕਿ ਉਹ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਉਨ੍ਹਾਂ ਨੂੰ ਪ੍ਰਦਾਨ ਕੀਤੀ ਜਾ ਰਹੀ 5 ਲੱਖ ਰੁਪਏ ਤੱਕ ਦੇ ਇਲਾਜ ਲਈ ਮੁਫ਼ਤ ਸਿਹਤ ਬੀਮਾ ਯੋਜਨਾ ਦਾ ਲਾਭ ਪ੍ਰਾਪਤ ਕਰ ਸਕਣ।
ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਇਸ ਯੋਜਨਾ ਤਹਿਤ ਸਮਾਰਟ ਕਾਰਡ ਬਣਵਾਉਣ ਤੋਂ ਵਾਂਝੇ ਰਹਿ ਗਏ ਲਾਭਪਾਤਰੀਆਂ ਦੇ ਸਮਾਰਟ ਕਾਰਡ ਬਣਾਉਣ ਲਈ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਸਾਰੇ ਲਾਭਪਾਤਰੀਆਂ ਤੇ ਉਨ੍ਹਾਂ ਦੇ ਉਪਰ ਨਿਰਭਰ ਪਰਿਵਾਰ ਮੈਂਬਰਾਂ ਦੇ ਇਹ ਕਾਰਡ ਜਰੂਰ ਬਣਾਏ ਜਾਣੇ ਯਕੀਨੀ ਬਣਾਏ ਜਾਣ। ਉਨ੍ਹਾਂ ਕਿਹਾ ਕਿ ਜਿੱਥੇ ਕਿਤੇ ਲਾਭਪਾਤਰੀ ਕਾਰਡ ਨਹੀਂ ਬਣਵਾ ਸਕੇ, ਪਿੰਡਾਂ, ਸ਼ਹਿਰਾਂ ਆਦਿ ਵਿਖੇ ਉਨ੍ਹਾਂ ਦੇ ਕਾਰਡ ਬਣਾਉਣ ਲਈ ਵਿਸ਼ੇਸ਼ ਕੈਂਪ ਲਗਾਏ ਜਾਣ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 1 ਜੁਲਾਈ ਤੋਂ ਪੂਰਾ ਮਹੀਨਾ ਇੱਕ ਵਿਸ਼ੇਸ਼ ਵੈਨ ਵੀ ਇਹ ਕਾਰਡ ਬਣਵਾਉਣ ਲਈ ਜ਼ਿਲ੍ਹੇ ਅੰਦਰ ਚਲਾਈ ਜਾਵੇਗੀ ਤਾਂ ਕਿ ਆਯੂਸ਼ਮਾਨ ਕਾਰਡ ਬਣਵਾਉਣ ਤੋਂ ਵਾਂਝੇ ਲਾਭਪਾਤਰੀਆਂ ਦੇ ਕਾਰਡ ਬਣਾਏ ਜਾ ਸਕਣ, ਇਸ ਲਈ ਸਾਰੇ ਸਬੰਧਤ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨਾ ਵੀ ਯਕੀਨੀ ਬਣਾਉਣਗੇ।