ਨਵੀਂ ਦਿੱਲੀ, 4 ਜੁਲਾਈ – ਐਲਪੀਜੀ ਦੀਆਂ ਕੀਮਤਾਂ ਹਰ ਮਹੀਨੇ ਦੀ ਪਹਿਲੀ ਤਰੀਕ ਨੂੰ ਸੋਧੀਆਂ ਜਾਂਦੀਆਂ ਹਨ। ਪਰ ਇਸ ਮਹੀਨੇ 1 ਜੁਲਾਈ ਨੂੰ ਇਸ ਵਿਚ ਕੋਈ ਬਦਲਾਅ ਨਹੀਂ ਹੋਇਆ ਸੀ। ਹੁਣ ਤਿੰਨ ਦਿਨਾਂ ਬਾਅਦ ਅਚਾਨਕ ਤੇਲ ਕੰਪਨੀ ਨੇ ਆਮ ਜਨਤਾ ਨੂੰ ਵੱਡਾ ਝਟਕਾ ਦਿੱਤਾ ਹੈ। ਜਾਣਕਾਰੀ ਅਨੁਸਾਰ ਵਪਾਰਕ ਐਲਪੀਜੀ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਕੰਪਨੀ ਨੇ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ ਵਿਚ 7 ਰੁਪਏ ਦਾ ਵਾਧਾ ਕੀਤਾ ਹੈ।
ਐਲਪੀਜੀ ਗੈਸ ਸਿਲੰਡਰ ਦੀ ਕੀਮਤ ਵਿੱਚ ਵਾਧਾ ਇਸ ਕਾਰਨ ਦਿੱਲੀ ਵਿੱਚ 19 ਕਿਲੋ ਦੇ ਕਮਰਸ਼ੀਅਲ ਐਲਪੀਜੀ ਸਿਲੰਡਰ ਦੀ ਪ੍ਰਚੂਨ ਵਿਕਰੀ ਕੀਮਤ 1,773 ਰੁਪਏ ਤੋਂ ਵਧ ਕੇ 1,780 ਰੁਪਏ ਪ੍ਰਤੀ ਸਿਲੰਡਰ ਹੋ ਗਈ ਹੈ। ਹਾਲਾਂਕਿ ਘਰੇਲੂ ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ ਵਿਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ।
ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਦੇਸ਼ ਵਿੱਚ ਸਬਜ਼ੀਆਂ ਅਤੇ ਫਲਾਂ ਦੀਆਂ ਕੀਮਤਾਂ ਵਿੱਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਦੇਸ਼ ਦੇ ਥੋਕ ਬਾਜ਼ਾਰ ਵਿਚ ਟਮਾਟਰ 80 ਤੋਂ 90 ਰੁਪਏ ਪ੍ਰਤੀ ਕਿਲੋ ਅਤੇ ਪ੍ਰਚੂਨ ਵਿਚ 10 ਤੋਂ 110 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਵਿਕ ਰਿਹਾ ਹੈ। ਜਿਸ ਤੋਂ ਬਾਅਦ ਹੁਣ ਗੈਸ ਦੀਆਂ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ।
ਪਿਛਲੇ ਕੁਝ ਮਹੀਨਿਆਂ ਵਿਚ ਗੈਸ ਸਿਲੰਡਰ ਦੀਆਂ ਕੀਮਤਾਂ ਵਿਚ ਕਾਫੀ ਉਤਾਰ-ਚੜ੍ਹਾਅ ਦੇਖਣ ਨੂੰ ਮਿਲੇ ਹਨ। ਇਸ ਵਿੱਚ ਸਭ ਤੋਂ ਵੱਧ ਅਸਰ ਕਮਰਸ਼ੀਅਲ ਗੈਸ ਸਿਲੰਡਰਾਂ ਵਿੱਚ ਦੇਖਣ ਨੂੰ ਮਿਲਿਆ। ਇਸ ਸਾਲ ਮਾਰਚ ਵਿੱਚ ਵਪਾਰਕ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ 350.50 ਰੁਪਏ ਪ੍ਰਤੀ ਯੂਨਿਟ ਦਾ ਵਾਧਾ ਕੀਤਾ ਗਿਆ ਸੀ। ਹਾਲਾਂਕਿ ਮਈ ਵਿਚ ਇਨ੍ਹਾਂ ਦੀਆਂ ਕੀਮਤਾਂ ਵਿਚ 171.50 ਰੁਪਏ ਦੀ ਕਟੌਤੀ ਕੀਤੀ ਗਈ ਸੀ।