ਚੰਡੀਗੜ੍ਹ, 4 ਜੁਲਾਈ 2023 : ਪੰਜਾਬ ਪੁਲਿਸ ਨੂੰ ਵਿਗਿਆਨਕ ਲੀਹਾਂ ‘ਤੇ ਹੋਰ ਆਧੁਨਿਕ ਬਣਾਉਣ ਦੀ ਮੁਹਿੰਮ ਨੂੰ ਜਾਰੀ ਰੱਖਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮਨੁੱਖੀ ਤਸਕਰੀ ਵਿਰੋਧੀ ਯੂਨਿਟ (ਏ.ਐਚ.ਟੀ.ਯੂ.) ਨੂੰ ਹੋਰ ਮਜ਼ਬੂਤ ਬਣਾਉਣ ਲਈ ਹਾਈ-ਟੈਕ 16 ਮਹਿੰਦਰਾ ਬੋਲੈਰੋ ਗੱਡੀਆਂ ਅਤੇ 56 ਮੋਟਰਸਾਈਕਲਾਂ ਦੇ ਕਾਫ਼ਲੇ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।
ਵਾਹਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਤੋਂ ਬਾਅਦ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਉਪਰਾਲਾ ਮਨੁੱਖੀ ਤਸਕਰੀ ਦੇ ਅਣਮਨੁੱਖੀ ਅਮਲ ਨੂੰ ਰੋਕਣ ਲਈ ਸੂਬਾ ਸਰਕਾਰ ਦੀ ਮੁਹਿੰਮ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਵਿਸ਼ਵ ਭਰ ਵਿੱਚ ਇਹ ਖ਼ਤਰਾ ਵਧਿਆ ਹੈ ਪਰ ਸੂਬਾ ਸਰਕਾਰ ਦਾ ਇਹ ਫਰਜ਼ ਬਣਦਾ ਹੈ ਕਿ ਉਹ ਇਸ ਨੂੰ ਸਖ਼ਤੀ ਨਾਲ ਨੱਥ ਪਾਵੇ। ਭਗਵੰਤ ਮਾਨ ਨੇ ਕਿਹਾ ਕਿ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਪੰਜਾਬ ਪੁਲਿਸ ਨੂੰ ਇਸ ਅਪਰਾਧ ਨਾਲ ਨਜਿੱਠਣ ਲਈ ਅਤਿ ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਕੀਤਾ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਗੈਰ-ਕਾਨੂੰਨੀ ਟਰੈਵਲ ਏਜੰਟਾਂ ਨਾਲ ਕੋਈ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਹੋਈ ਹੈ ਜੋ ਲੋਕਾਂ ਨੂੰ ਧੋਖਾ ਦਿੰਦੇ ਹਨ ਅਤੇ ਮਨੁੱਖੀ ਤਸਕਰੀ ਵਰਗਾ ਘਿਨਾਉਣਾ ਜੁਰਮ ਕਰਦੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਟਰੈਵਲ ਏਜੰਟਾਂ ਵਿਰੁੱਧ ਮਿਸਾਲੀ ਕਾਰਵਾਈ ਕਰਨ ਤੋਂ ਇਲਾਵਾ ਸੂਬਾ ਸਰਕਾਰ ਇਨ੍ਹਾਂ ਸ਼ੱਕੀ ਟਰੈਵਲ ਏਜੰਟਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਆਪਕ ਪੱਧਰ ਉਤੇ ਜਾਗਰੂਕਤਾ ਮੁਹਿੰਮ ਵੀ ਚਲਾਏਗੀ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਅਜਿਹੇ ਟਰੈਵਲ ਏਜੰਟਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਯਕੀਨੀ ਬਣਾਉਣ ਲਈ ਇਮੀਗ੍ਰੇਸ਼ਨ ਐਕਟ ਵਿੱਚ ਵੀ ਲੋੜੀਂਦੀਆਂ ਸੋਧਾਂ ਕੀਤੀਆਂ ਜਾਣਗੀਆਂ।
ਕੈਨੇਡਾ ਵਿੱਚ ਫਸੇ 700 ਦੇ ਕਰੀਬ ਵਿਦਿਆਰਥੀਆਂ ਦੇ ਮਸਲੇ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਨੂੰ ਟਰੈਵਲ ਏਜੰਟਾਂ ਵੱਲੋਂ ਜਾਅਲੀ ਦਸਤਾਵੇਜ਼ਾਂ ‘ਤੇ ਭੇਜ ਕੇ ਠੱਗਿਆ ਗਿਆ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਅਜਿਹੇ ਟਰੈਵਲ ਏਜੰਟਾਂ ‘ਤੇ ਸ਼ਿਕੰਜਾ ਕੱਸਣ ਲਈ ਵਚਨਬੱਧ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਇਸ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਲਈ ਸੂਬਾ ਸਰਕਾਰ ਕੈਨੇਡੀਅਨ ਅੰਬੈਸੀ ਨਾਲ ਨਿਰੰਤਰ ਸੰਪਰਕ ਵਿਚ ਹੈ।