ਚੰਡੀਗੜ੍ਹ, 6 ਜੁਲਾਈ 2023 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਇਹ ਪਹਿਲੀ ਦਫ਼ਾ ਹੈ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ 29946 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ, ਜੋ ਇੱਕ ਰਿਕਾਰਡ ਹੈ ਕਿਉਂਕਿ ਦੇਸ਼ ਭਰ ਵਿੱਚ ਕਿਸੇ ਵੀ ਸੂਬਾ ਸਰਕਾਰ ਨੇ ਪਹਿਲੇ ਸਾਲ ਵਿੱਚ ਨੌਜਵਾਨਾਂ ਨੂੰ ਇੰਨੀਆਂ ਨੌਕਰੀਆਂ ਨਹੀਂ ਦਿੱਤੀਆਂ ਹਨ।
ਅੱਜ ਇੱਥੇ ਮਿਉਂਸਪਲ ਭਵਨ ਵਿਖੇ ਸਿਹਤ ਤੇ ਪਰਿਵਾਰ ਭਲਾਈ, ਬਿਜਲੀ ਅਤੇ ਮੈਡੀਕਲ ਖੋਜ ਵਿਭਾਗ ਵਿੱਚ 252 ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣ ਮਗਰੋਂ ਇੱਕਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਮਾਣ ਮਹਿਸੂਸ ਕਰਨਾ ਚਾਹੀਦਾ ਹੈ ਕਿ ਉਹ ਸੂਬਾ ਸਰਕਾਰ ਦਾ ਹਿੱਸਾ ਬਣ ਰਹੇ ਹਨ, ਜੋ ਨਵੇਂ ਪੰਜਾਬ ਦੀ ਸਿਰਜਣਾ ਲਈ ਅਣਥੱਕ ਮਿਹਨਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਹ ਭਰਤੀ ਮੁਹਿੰਮ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ‘ਤੇ ਚਲਾਈ ਜਾ ਰਹੀ ਹੈ ਅਤੇ ਸਿਰਫ਼ ਯੋਗ ਤੇ ਲੋੜਵੰਦ ਉਮੀਦਵਾਰਾਂ ਨੂੰ ਹੀ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਭਰਤੀ ਨਿਰੋਲ ਮੈਰਿਟ ਦੇ ਆਧਾਰ ‘ਤੇ ਹੀ ਕੀਤੀ ਜਾ ਰਹੀ ਹੈ, ਜਿਸ ਵਿੱਚ ਨਾ ਤਾਂ ਕੋਈ ਸਿਫਾਰਿਸ਼ ਅਤੇ ਨਾ ਹੀ ਕੋਈ ਤਰਕੀਬ ਕੰਮ ਕਰੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਉਹ ਆਮ ਆਦਮੀ ਦੀ ਹਾਲਤ ਨੂੰ ਸਮਝਦੇ ਹਨ, ਉਨ੍ਹਾਂ ਨੇ ਹਾਲ ਹੀ ਵਿੱਚ ਉਨ੍ਹਾਂ ਅਧਿਆਪਕਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕੀਤਾ ਹੈ, ਜੋ ਲੰਬੇ ਸਮੇਂ ਤੋਂ ਆਪਣੀ ਡਿਊਟੀ ਨਿਭਾ ਰਹੇ ਸਨ। ਉਨ੍ਹਾਂ ਕਿਹਾ ਕਿ ਇਕ ਅਧਿਆਪਕ ਨੇ ਉਸ ਨੂੰ ਆਪਣੀ ਪਰੇਸ਼ਾਨੀ ਅਤੇ ਉਸ ਨੂੰ ਦਰਪੇਸ਼ ਮੁਸ਼ਕਲਾਂ ਬਾਰੇ ਦੱਸਿਆ। ਭਗਵੰਤ ਮਾਨ ਨੇ ਕਿਹਾ ਕਿ ਪੁਰਾਣੀਆਂ ਰਾਜ ਸਰਕਾਰਾਂ ਦੀ ਨਾਂਹ-ਪੱਖੀ ਪਹੁੰਚ ਕਾਰਨ ਪੰਜਾਬ ਤਰੱਕੀ ਅਤੇ ਖੁਸ਼ਹਾਲੀ ਵਿੱਚ ਪਛੜ ਗਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਜਿਹੜੇ ਲੋਕ ਆਪਣੇ ਸੱਤਾ ਦੇ ਦੌਰ ਦੌਰਾਨ ਆਲੀਸ਼ਾਨ ਘਰਾਂ ਵਿੱਚ ਰਹਿ ਰਹੇ ਸਨ, ਉਨ੍ਹਾਂ ਨੂੰ ਲੋਕਾਂ ਨੇ ਸੂਬੇ ਦੇ ਰਾਜਨੀਤਿਕ ਨਕਸ਼ੇ ਤੋਂ ਬਾਹਰ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਨੇ ਇੱਕ ਨਵੇਂ ਯੁੱਗ ਦੀ ਸਵੇਰ ਵੇਖੀ ਹੈ ਕਿਉਂਕਿ ਅਜਿੱਤ ਮੰਨੇ ਜਾਂਦੇ ਇਨ੍ਹਾਂ ਆਗੂਆਂ ਨੂੰ ਲੋਕਾਂ ਨੇ ਸੱਤਾ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਭਗਵੰਤ ਮਾਨ ਨੇ ਵਿਅੰਗ ਕਰਦਿਆਂ ਕਿਹਾ ਕਿ ਵੱਡੇ-ਵੱਡੇ ਮਹਿਲਾਂ ਵਿੱਚ ਰਹਿਣ ਵਾਲੇ ਇਨ੍ਹਾਂ ਲੋਕਾਂ ਨੇ ਕਦੇ ਵੀ ਆਮ ਆਦਮੀ ਦੀ ਭਲਾਈ ਦੀ ਕੋਈ ਪ੍ਰਵਾਹ ਨਹੀਂ ਕੀਤੀ।