ਚੰਡੀਗੜ੍ਹ, 8 ਜੁਲਾਈ – ਪੰਜਾਬ ਸਰਕਾਰ ਸੂਬੇ ਵਿੱਚ ਪੋਸ਼ਣ ਅਭਿਆਨ ਤਹਿਤ ਕੁਪੋਸ਼ਣ ਅਤੇ ਅਨੀਮੀਆ ਦੇ ਖਾਤਮੇ ਲਈ 12 ਜੁਲਾਈ ਤੋਂ 12 ਅਗਸਤ ਤੱਕ ਵਿਸ਼ੇਸ਼ ਜਾਗਰੂਕਤਾ ਮਹੀਨਾ ਮਨਾਉਣ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪਹਿਲਾਂ ਹੀ ਅਨੀਮੀਆ ਨਾਲ ਲੜਨ ਲਈ ਹਰ ਬੁੱਧਵਾਰ ਨੂੰ ਆਂਗਣਵਾੜੀ ਕੇਂਦਰਾਂ ਵਿਖੇ ਅਨੀਮੀਆ ਦਿਵਸ ਮਨਾਇਆ ਜਾਂਦਾ ਹੈ ਅਤੇ ਔਰਤਾਂ, ਕਿਸ਼ੋਰ ਲੜਕੀਆਂ, ਦੁੱਧ ਪਿਲਾਉਣ ਵਾਲੀਆਂ ਮਾਵਾਂ ਅਤੇ ਗਰਭਵਤੀ ਔਰਤਾਂ ਵਿੱਚ ਅਨੀਮੀਆ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕੀਤੀ ਜਾਂਦੀ ਹੈ ਅਤੇ ਹੁਣ ਅਨੀਮੀਆ ਦੇ ਖਾਤਮੇ ਲਈ ਸੂਬੇ ਭਰ ਵਿੱਚ 12 ਜੁਲਾਈ ਤੋਂ 12 ਅਗਸਤ ਤੱਕ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ।
ਉਹਨਾਂ ਦੱਸਿਆ ਕਿ ਇਹ ਮੁਹਿੰਮ ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਨੂੰ ਉਤਸ਼ਾਹਿਤ ਕਰਨ, ਸਿਹਤ ਵਿਭਾਗ ਨਾਲ ਮਿਲ ਕੇ ਪੌਸ਼ਟਿਕ ਪੂਰਕ ਮੁਹੱਈਆ ਕਰਵਾਉਣ ਅਤੇ ਮਿਆਰੀ ਸੇਵਾਵਾਂ ਪ੍ਰਦਾਨ ਕਰਨ ਲਈ ਸਿਹਤ ਪ੍ਰਣਾਲੀ ਦੀ ਸਮਰੱਥਾ ਨੂੰ ਮਜ਼ਬੂਤ ਕਰਨ ਤੇ ਕੇਂਦਰਿਤ ਹੋਵੇਗੀ। ਉਹਨਾਂ ਦੱਸਿਆ ਕਿ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਅਤੇ ਰਾਸ਼ਟਰੀ ਬਾਲ ਸਿਹਤ ਪ੍ਰੋਗਰਾਮ ਦੇ ਸਹਿਯੋਗ ਨਾਲ ਲੋਕਾਂ ਨੂੰ ਅਨੀਮੀਆ ਦੀ ਰੋਕਥਾਮ ਅਤੇ ਇਲਾਜ ਬਾਰੇ ਜਾਗਰੂਕ ਕਰਨ ਲਈ ਨਿਯਮਿਤ ਤੌਰ ਤੇ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ।
ਉਹਨਾਂ ਦੱਸਿਆ ਕਿ ਮੁਹਿੰਮ ਦੌਰਾਨ, ਵਿਭਾਗ ਲੋਕਾਂ ਨੂੰ ਅਨੀਮੀਆ ਦੇ ਲੱਛਣਾਂ, ਕਾਰਨਾਂ, ਨਤੀਜਿਆਂ ਅਤੇ ਸਮੇਂ ਸਿਰ ਡਾਕਟਰੀ ਦੇਖਭਾਲ ਦੀ ਮਹੱਤਤਾ ਅਤੇ ਟੀਚੇ ਬਾਰੇ ਜਾਗਰੂਕ ਕਰਨ ਲਈ ਆਂਗਣਵਾੜੀ ਕੇਂਦਰਾਂ ਅਤੇ ਮੁਹੱਲਾ ਕਲੀਨਿਕਾਂ ਵਿੱਚ ਸਿਹਤ ਕੈਂਪ, ਰੈਲੀਆਂ ਅਤੇ ਹੋਰ ਸਮਾਗਮਾਂ ਦਾ ਆਯੋਜਨ ਕਰੇਗਾ।
ਉਹਨਾਂ ਦੱਸਿਆ ਕਿ ਇਸ ਸੰਬੰਧੀ ਪੰਜਾਬ ਸਰਕਾਰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਦੀ ਡਾਇਰੈਕਟਰ ਸ੍ਰੀਮਤੀ ਮਾਧਵੀ ਕਟਾਰੀਆ ਵਲੋਂ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਲਿਖ ਕੇ ਮੁਹਿੰਮ ਦੌਰਾਨ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਦੀ ਸੂਚੀ ਵੀ ਦਿੱਤੀ ਹੈ ਅਤੇ ਡਿਪਟੀ ਕਮਿਸ਼ਨਰ ਅਨੀਮੀਆ ਦੇ ਖਾਤਮੇ ਲਈ ਮਾਪਿਆਂ, ਅਧਿਆਪਕਾਂ, ਸਿਹਤ ਕਰਮਚਾਰੀਆਂ, ਅਤੇ ਸਮਾਜਿਕ ਆਗੂਆਂ ਸਮੇਤ ਸਾਰੇ ਹਿੱਸੇਦਾਰਾਂ ਦੇ ਮੇਲ ਨੂੰ ਯਕੀਨੀ ਬਣਾਉਣਗੇ।