ਐਸ.ਏ.ਐਸ ਨਗਰ, 11 ਜੁਲਾਈ -ਪੰਜਾਬ ਸਕੂਲ ਸਿੱਖਿਆ ਬੋਰਡ ਦੇ ਮੁਲਾਜ਼ਮਾਂ ਨੂੰ ਜੂਨ ਮਹੀਨੇ ਦੀ ਤਨਖਾਹ ਅਤੇ ਪੈਨਸ਼ਨ ਜਾਰੀ ਨਾ ਹੋਣ ਦੇ ਰੋਸ ਵਜੋਂ ਪੰਜਾਬ ਸਕੂਲ ਸਿੱਖਿਆ ਬੋਰਡ ਮੁਲਾਜ਼ਮ ਜਥੇਬੰਦੀ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਤਨਖਾਹਾਂ ਅਤੇ ਪੈਨਸ਼ਨਾਂ ਜਾਰੀ ਨਾ ਹੋਣ ਤੇ ਭਲਕੇ ਤੋਂ ਬੋਰਡ ਦਾ ਕੰਮਕਾਜ ਠੱਪ ਰੱਖਿਆ ਜਾਵੇਗਾ।
ਇਸ ਬਾਰੇ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਪ੍ਰੈਸ ਸਕੱਤਰ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਜੱਥੇਬੰਦੀ ਦੇ ਪ੍ਰਧਾਨ ਪਰਵਿੰਦਰ ਸਿੰਘ ਖੰਗੂੜਾ ਅਤੇ ਜਨਰਲ ਸਕੱਤਰ ਪਰਮਜੀਤ ਸਿੰਘ ਬੈਨੀਪਾਲ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਬੋਰਡ ਮੁਲਾਜ਼ਮਾਂ ਨੇ ਇਕੱਠੇ ਹੋ ਕੇ ਵਿਚਾਰ ਚਰਚਾ ਕੀਤੀ। ਇਸ ਮੌਕੇ ਜਥੇਬੰਦੀ ਦੇ ਜਨਰਲ ਸਕੱਤਰ ਪਰਮਜੀਤ ਸਿੰਘ ਬੈਨੀਪਾਲ ਨੇ ਕਿਹਾ ਕਿ 11 ਜੁਲਾਈ ਤੱਕ ਜੂਨ ਮਹੀਨੇ ਦੀ ਤਨਖਾਹ ਅਤੇ ਰਿਟਾਇਰੀ ਮੁਲਾਜ਼ਮਾਂ ਨੂੰ ਪੈਨਸ਼ਨ ਜਾਰੀ ਨਹੀਂ ਹੋ ਸਕੀ। ਉਨ੍ਹਾਂ ਕਿਹਾ ਕਿ ਬੋਰਡ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਲਗਾਤਾਰ ਤਿੰਨ ਮਹੀਨਿਆਂ ਤੋਂ ਬੋਰਡ ਮੁਲਾਜ਼ਮਾਂ ਨੂੰ ਤਨਖਾਹ ਅਤੇ ਰਿਟਾਇਰੀ ਮੁਲਾਜ਼ਮਾਂ ਨੂੰ ਪੈਨਸ਼ਨ ਸਮੇਂ ਸਿਰ ਜਾਰੀ ਨਹੀਂ ਹੋ ਸਕੀ।
ਜਥੇਬੰਦੀ ਦੇ ਪ੍ਰਧਾਨ ਪਰਵਿੰਦਰ ਸਿੰਘ ਖੰਗੂੜਾ ਨੇ ਬੋਰਡ ਮੈਨੇਜਮੈਂਟ ਤੇ ਵਰਦਿਆਂ ਕਿਹਾ ਕਿ ਮੁਲਾਜ਼ਮਾਂ ਨੂੰ ਸਮੇਂ ਸਿਰ ਤਨਖਾਹ-ਪੈਨਸ਼ਨ ਜਾਰੀ ਕਰਨਾ ਕਿਸੇ ਵੀ ਸੰਸਥਾ ਦੀ ਮੈਨੇਜਮੈਂਟ ਦਾ ਮੁੱਢਲਾ ਫਰਜ਼ ਹੈ। ਜੇਕਰ ਸਮਾਂ ਰਹਿੰਦਿਆਂ ਬੋਰਡ ਮੈਨੇਜਮੈਂਟ ਵੱਲੋਂ ਬੋਰਡ ਦੀ ਵਿੱਤੀ ਸਥਿਤੀ ਸਬੰਧੀ ਗੰਭੀਰਤਾ ਦਿਖਾਈ ਜਾਂਦੀ ਤਾਂ ਅੱਜ ਇਹ ਦਿਨ ਦੇਖਣ ਨੂੰ ਨਹੀਂ ਮਿਲਣੇ ਸਨ। ਇਹ ਬੋਰਡ ਮੈਨੇਜਮੈਂਟ ਦੀ ਨਲਾਇਕੀ ਹੀ ਹੈ ਕਿ ਮੁਲਾਜ਼ਮਾਂ ਨੂੰ ਸਮੇਂ ਸਿਰ ਤਨਖਾਹ-ਪੈਨਸ਼ਨ ਜਾਰੀ ਨਹੀਂ ਹੋ ਸਕੀ ਹੈ।
ਉਨ੍ਹਾਂ ਕਿਹਾ ਕਿ ਬੋਰਡ ਮੈਨੇਜਮੈਂਟ ਸਮੇਂ ਸਿਰ ਤਨਖਾਹ-ਪੈਨਸ਼ਨ ਜਾਰੀ ਕਰਵਾਉਣ ਵਿੱਚ ਨਾਕਾਮ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਸਮਾਜਿਕ ਨਿਆਂ ਅਧਿਕਾਰਤਾ ਵਿਭਾਗ ਵੱਲੋਂ ਬੋਰਡ ਦਫ਼ਤਰ ਨੂੰ ਸੈਂਕਸ਼ਨ ਹੋਈ 25 ਕਰੋੜ ਰੁਪਏ ਜਾਰੀ ਕਰਵਾਉਣ ਲਈ ਪਿਛਲੇ ਕਈ ਦਿਨਾਂ ਤੋਂ ਕਾਫੀ ਯਤਨ ਕੀਤੇ ਜਾ ਰਹੇ ਹਨ, ਪਰ ਹੁਣ ਤੱਕ ਰਾਸ਼ੀ ਬੋਰਡ ਦਫਤਰ ਦੇ ਖਾਤੇ ਵਿੱਚ ਜਮ੍ਹਾਂ ਨਹੀਂ ਹੋ ਸਕੀ। ਜਿਸ ਕਾਰਨ ਮੁਲਾਜ਼ਮਾਂ ਨੂੰ ਤਨਖਾਹ-ਪੈਨਸ਼ਨ ਜਾਰੀ ਨਹੀਂ ਹੋਈ।
ਉਨ੍ਹਾਂ ਕਿਹਾ ਕਿ ਜਥੇਬੰਦੀ ਦੇ ਧਿਆਨ ਵਿੱਚ ਆਇਆ ਹੈ ਕਿ ਬੋਰਡ ਮੈਨੇਜਮੈਂਟ ਵੱਲੋਂ ਰੀ-ਸ਼ਫਲਿੰਗ ਦੇ ਨਾਂ ਤੇ ਰੀ-ਸਟਰੱਕਚਰਿੰਗ ਕਰਨ ਦੀਆਂ ਵਿਉਂਤਬੰਦੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਇਸੇ ਤਹਿਤ ਬੋਰਡ ਦਫ਼ਤਰ ਦੀਆਂ ਲੱਗਭਗ 1200 ਦੇ ਕਰੀਬ ਪੋਸਟਾਂ ਖ਼ਤਮ ਕੀਤੀਆਂ ਜਾ ਚੁੱਕੀਆਂ ਹਨ। ਉਹਨਾਂ ਕਿਹਾ ਕਿ 2020 ਵਿੱਚ (ਜਦੋਂ ਕਰੋਨਾ ਕਾਲ ਦੌਰਾਨ ਲਾਕਡਾਊਟ ਲੱਗਾ ਹੋਇਆ ਸੀ) ਉਸ ਸਮੇਂ ਦੇ ਆਈ.ਏ.ਐਸ. ਅਧਿਕਾਰੀ ਨੇ ਆਪਣਾ ਜੂਮ ਐਪ ਰਾਹੀਂ ਰੱਖੀ ਮੀਟਿੰਗ ਦੌਰਾਨ ਬਿਨਾ ਕਿਸੇ ਦਾ ਪੱਖ ਸੁਣੇ ਸੈਂਕੜੇ ਪੋਸਟਾਂ ਖਤਮ ਕਰ ਦਿੱਤੀਆਂ ਸਨ ਅਤੇ ਇਸ ਫੈਸਲੇ ਦੇ ਵਿਰੁੱਧ ਜਥੇਬੰਦੀ ਵੱਲੋਂ ਮਾਨਯੋਗ ਹਾਈਕੋਰਟ ਵਿੱਚ ਰਿੱਟ ਪਟੀਸ਼ਨ ਦਾਇਰ ਕੀਤੀ ਹੋਈ ਹੈ ਜੋ ਕਿ ਕਾਰਵਾਈ ਅਧੀਨ ਹੈ। ਉਹਨਾਂ ਕਿਹਾ ਕਿ ਜੇਕਰ ਬੋਰਡ ਮੈਨੇਜਮੈਂਟ ਵੱਲੋਂ ਰੀ-ਸ਼ਫਲਿੰਗ ਦੇ ਨਾਂ ਤੇ ਰੀ-ਸਟਰੱਕਚਰਿੰਗ ਕਰਨ ਦੀ ਕੋਈ ਕਾਰਵਾਈ ਕੀਤੀ ਗਈ ਤਾਂ ਜਥੇਬੰਦੀ ਵੱਲੋਂ ਬੋਰਡ ਮੁਲਾਜ਼ਮਾਂ ਦੇ ਸਹਿਯੋਗ ਨਾਲ ਤਿੱਖਾ ਵਿਰੋਧ ਕੀਤਾ ਜਾਵੇਗਾ।
ਮੁਲਾਜ਼ਮ ਆਗੂਆਂ ਨੇ ਬੋਰਡ ਮੈਨੇਜਮੈਂਟ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਤਨਖਾਹ ਪੈਨਸ਼ਨ ਦੇ ਮੁੱਦੇ ਤੇ ਭਲਕੇ ਜਥੇਬੰਦੀ ਦੀ ਅਗਵਾਈ ਹੇਠ ਸਮੂਹ ਮੁਲਾਜਮਾਂ ਵੱਲੋਂ ਬੋਰਡ ਦਫ਼ਤਰ ਦਾ ਕੰਮ-ਕਾਜ ਠੱਪ ਕੀਤਾ ਜਾਵੇਗਾ ਅਤੇ ਤਨਖਾਹ-ਪੈਨਸ਼ਨ ਜਾਰੀ ਨਹੀਂ ਹੁੰਦੀ ਤਾਂ ਸੰਘਰਸ਼ ਨੂੰ ਤਿੱਖਾ ਕੀਤਾ ਜਾਵੇਗਾ, ਜਿਸ ਦੀ ਸਾਰੀ ਜਿੰਮੇਵਾਰੀ ਬੋਰਡ ਮੈਨੇਜਮੈਂਟ ਦੀ ਹੋਵੇਗੀ।