ਚੰਡੀਗੜ੍ਹ, 11 ਜੁਲਾਈ -ਪੰਜਾਬ ਭਾਜਪਾ ਦੇ ਨਵੇਂ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਪਾਰਟੀ ਦੇ ਚੰਡੀਗੜ੍ਹ ਦੇ ਸੈਕਟਰ 37 ਵਿੱਚ ਸਥਿਤ ਸੂਬਾ ਦਫਤਰ ਵਿਖੇ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਸ੍ਰੀ ਸੁਨੀਲ ਜਾਖੜ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ਪਾਰਟੀ ਦਾ ਪੰਜਾਬ ਪ੍ਰਧਾਨ ਬਣਾਉਣ ਦਾ ਇੰਨਾ ਵੱਡਾ ਫ਼ੈਸਲਾ ਉਨ੍ਹਾਂ ਦੀ ਸ਼ਕਲ ਦੇਖ ਕੇ ਨਹੀਂ ਲਿਆ, ਬਲਕਿ ਇਕ ਭਾਜਪਾ ਵਰਕਰ ਦੀ ਹਿੰਮਤ ਅਤੇ ਜਜ਼ਬੇ ਨੂੰ ਦੇਖ ਕੇ ਲਿਆ ਹੈ।
ਉਨ੍ਹਾਂ ਕਿਹਾ ਕਿ ਪਾਰਟੀ ਨੇ ਉਨ੍ਹਾਂ ਤੇ ਇੰਨਾ ਵੱਡਾ ਵਿਸ਼ਵਾਸ ਕਰਨ ਦੇ ਨਾਲ ਨਾਲ ਉਨ੍ਹਾਂ ਨੂੰ ਬਹੁਤ ਵੱਡੀ ਜ਼ਿੰਮੇਵਾਰੀ ਵੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਾਡੀ ਜ਼ਿੰਮੇਵਾਰੀ 13 ਸੀਟਾਂ ਜਾਂ 117 ਸੀਟਾਂ ਨੂੰ ਜਿੱਤਣ ਦੀ ਨਹੀਂ ਹੈ ਬਲਕਿ, ਰੰਗਲੇ ਪੰਜਾਬ ਨੂੰ ਜਿਹੜੀ ਨਜ਼ਰ ਲੱਗੀ ਹੈ, ਉਸ ਨੂੰ ਬਚਾਉਣ ਦੀ ਹੈ। ਉਹਨਾਂ ਕਿਹਾ ਕਿ ਅਸੀਂ ਸਭ ਨੂੰ ਨਾਲ ਲੈ ਕੇ ਚੱਲਣਾ ਹੈ।
ਉਨ੍ਹਾਂ ਕਿਹਾ ਕਿ ਇਸ ਵੇਲੇ ਪੰਜਾਬ ਵਿੱਚ ਕੋਈ ਵੀ ਵਿਅਕਤੀ ਖ਼ੁਦ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰ ਰਿਹਾ। ਗੈਂਗਸਟਰ ਜੇਲ੍ਹਾਂ ਵਿਚ ਬੈਠੇ ਇੰਟਰਵਿਊ ਦੇ ਰਹੇ ਹਨ ਅਤੇ ਭਾਈਚਾਰਕ ਸਾਂਝ ਵਿਚ ਦਰਾਰ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ।