ਬਟਾਲਾ/ ਗੁਰਦਾਸਪੁਰ , 17 ਜੁਲਾਈ 2023 : ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਆਪਣੀ ਇੱਕ ਮਹੀਨੇ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਵਿੱਚ ਦੇਣ ਦਾ ਯੋਗਦਾਨ ਪਾਇਆ ਹੈ। ਉਨਾਂ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕੁਦਰਤੀ ਆਫਤ ਹੜ੍ਹ ਨਾਲ ਨਜਿੱਠਣ ਲਈ ਮਿਸਾਲੀ ਕੰਮ ਕੀਤਾ ਹੈ ਅਤੇ ਲੋਕਾਂ ਤੱਕ ਪੁਹੰਚ ਕਰਕੇ ਉਨਾਂ ਦੀ ਮੁਸ਼ਕਿਲਾਂ ਹੱਲ ਕੀਤੀਆਂ ਗਈਆਂ ਹਨ।
ਵਿਧਾਇਕ ਸ਼ੈਰੀ ਕਲਸੀ ਨੇ ਹੜ੍ਹ ਨਾਲ ਪ੍ਰਭਾਵਿਤ ਲੋਕਾਂ ਦੀ ਤੰਦਰੁਸਤੀ ਤੇ ਸੁਰੱਖਿਆ ਲਈ ਪ੍ਰਮਾਤਮਾ ਦੇ ਚਰਨਾਂ ਵਿੱਚ ਅਰਦਾਸ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ, ਭਗਵੰਤ ਸਿੰਘ ਮਾਨ ਖੁਦ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰ ਰਹੇ ਹਨ ਅਤੇ ਲੋਕਾਂ ਦੀ ਹਰ ਸੰਭਵ ਮਦਦ ਨੂੰ ਯਕੀਨੀ ਬਣਾਇਆ ਗਿਆ ਹੈ।
ਉਨਾਂ ਅੱਗੇ ਦੱਸਿਆ ਕਿ ਬੀਤੇ ਦਿਨੀ ਕੈਬਨਿਟ ਮੰਤਰੀ ਸ, ਕੁਲਦੀਪ ਸਿੰਘ ਧਾਲੀਵਾਲ ਵਲੋਂ ਵੀ ਗੁਰਦਾਸਪੁਰ ਜ਼ਿਲੇ ਦਾ ਦੌਰਾ ਕਰਕੇ ਅਧਿਕਾਰੀਆਂ ਕੋਲੋਂ ਹੜ੍ਹ ਨਾਲ ਨਜਿੱਠਣ ਲਈ ਕੀਤੇ ਗਏ ਅਗਾਂਊ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ ਸੀ। ਉਨਾਂ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਇਸ ਸੰਕਟ ਦੀ ਘੜੀ ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਖੜ੍ਹੀ ਹੈ ਅਤੇ ਉਨਾਂ ਦੀ ਮਦਦ ਲਈ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ।