ਨਵੀਂ ਦਿੱਲੀ, 18 ਜੁਲਾਈ – ਸੁਪਰੀਮ ਕੋਰਟ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਪਟੀਸ਼ਨ ਤੇ 21 ਜੁਲਾਈ ਨੂੰ ਸੁਣਵਾਈ ਕਰਨ ਲਈ ਸਹਿਮਤ ਹੋ ਗਈ ਹੈ। ਪਟੀਸ਼ਨ ਵਿਚ ਗੁਜਰਾਤ ਹਾਈ ਕੋਰਟ ਦੇ ਹੁਕਮਾਂ ਨੂੰ ਚੁਣੌਤੀ ਦਿੱਤੀ ਗਈ ਹੈ। ਗੁਜਰਾਤ ਹਾਈ ਕੋਰਟ ਨੇ ਇਕ ਅਪਰਾਧਿਕ ਮਾਣਹਾਨੀ ਮਾਮਲੇ ਵਿਚ ਉਸ ਦੀ ਸਜ਼ਾ ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਸੀ, ਜਿਸ ਵਿਚ ਸੂਰਤ ਦੀ ਇਕ ਅਦਾਲਤ ਨੇ ਉਸ ਨੂੰ ‘ਮੋਦੀ ਸਰਨੇਮ’ ਟਿੱਪਣੀ ਲਈ ਦੋ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਸੀ।
15 ਜੁਲਾਈ ਨੂੰ ਰਾਹੁਲ ਗਾਂਧੀ ਨੇ ਮੋਦੀ ਸਰਨੇਮ ਮਾਮਲੇ ਵਿਚ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਗੁਜਰਾਤ ਹਾਈ ਕੋਰਟ ਨੇ 7 ਜੁਲਾਈ ਨੂੰ ਸਜ਼ਾ ਤੇ ਰੋਕ ਲਗਾਉਣ ਦੀ ਮੰਗ ਕਰਨ ਵਾਲੀ ਉਸ ਦੀ ਰਿਵੀਜ਼ਨ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ। ਹਾਈ ਕੋਰਟ ਨੇ ਟ੍ਰਾਇਲ ਕੋਰਟ ਦੇ ਫੈਸਲੇ ਨੂੰ ਸਹੀ ਠਹਿਰਾਉਂਦਿਆਂ ਕਿਹਾ ਕਿ ਇਸ ਵਿਚ ਦਖਲ ਦੇਣ ਦੀ ਕੋਈ ਜ਼ਰੂਰਤ ਨਹੀਂ ਹੈ।