ਮੂਨਕ/ਸੰਗਰੂਰ, 18 ਜੁਲਾਈ, 2023: ਮੂਨਕ ਤੇ ਖਨੌਰੀ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਪਾਣੀ ਦਾ ਪੱਧਰ ਤੇਜ਼ੀ ਨਾਲ ਨੀਵਾਂ ਹੋ ਰਿਹਾ ਹੈ ਅਤੇ ਪਿਛਲੇ ਕੁਝ ਦਿਨਾਂ ਤੋਂ ਹੜ੍ਹਾਂ ਦੇ ਪਾਣੀ ਨਾਲ ਘਿਰੇ ਰਹਿਣ ਵਾਲੇ ਲੋਕਾਂ ਨੂੰ ਸਰਵੋਤਮ ਮੈਡੀਕਲ ਸੇਵਾਵਾਂ ਪ੍ਰਦਾਨ ਕਰਨ ਲਈ ਸਿਹਤ ਵਿਭਾਗ ਦੀਆਂ 34 ਟੀਮਾਂ ਇਨ੍ਹਾਂ ਇਲਾਕਿਆਂ ਵਿੱਚ ਸਰਗਰਮ ਹਨ ਅਤੇ ਵੱਖ ਵੱਖ ਥਾਈਂ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਸੰਭਾਵੀ ਸਥਿਤੀਆਂ ਬਾਰੇ ਪਹਿਲਾਂ ਤੋਂ ਹੀ ਚੌਕਸ ਕਰਦਿਆਂ ਢੁਕਵੇਂ ਕਦਮ ਚੁੱਕਣ ਦੀ ਹਦਾਇਤ ਕਰ ਦਿੱਤੀ ਗਈ ਸੀ ਜਿਸ ਕਾਰਨ ਸਿਵਲ ਸਰਜਨ ਸਮੇਤ ਸੀਨੀਅਰ ਮੈਡੀਕਲ ਅਫ਼ਸਰ ਮੂਨਕ ਤੇ ਖਨੌਰੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਤੇ ਸ਼ਹਿਰਾਂ ਵਿੱਚ 24 ਘੰਟੇ ਐਮਰਜੈਂਸੀ ਮੈਡੀਕਲ ਸੇਵਾਵਾਂ ਪ੍ਰਦਾਨ ਕਰਦੇ ਆ ਰਹੇ ਹਨ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੋੜੀਂਦੀਆਂ ਦਵਾਈਆਂ ਦੇ ਮੁਕੰਮਲ ਪ੍ਰਬੰਧ ਕੀਤੇ ਗਏ ਹਨ ਅਤੇ ਮੈਡੀਕਲ ਟੀਮਾਂ ਹੜ੍ਹ ਪ੍ਰਭਾਵਿਤ ਖੇਤਰਾਂ ਅੰਦਰ ਕਿਸ਼ਤੀਆਂ ਰਾਹੀਂ ਪਹੁੰਚ ਕਰਕੇ ਲੋਕਾਂ ਨੂੰ ਲੋੜੀਂਦੀਆਂ ਦਵਾਈਆਂ ਮੁਹੱਈਆ ਕਰਵਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮੂਨਕ, ਲਹਿਰਾ ਅਤੇ ਸੁਨਾਮ ਦੇ ਹਸਪਤਾਲਾਂ ਵਿੱਚ ਕਿਸੇ ਵੀ ਐਮਰਜੈਂਸੀ ਹਾਲਾਤਾਂ ਨਾਲ ਨਿਪਟਣ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ।
ਇਸ ਮੌਕੇ ਡਾ. ਪਰਮਿੰਦਰ ਕੌਰ ਸਿਵਲ ਸਰਜਨ ਨੇ ਦੱਸਿਆ ਕਿ ਹੜ੍ਹਾਂ ਦੀ ਸਥਿਤੀ ‘ਚ ਕਈ ਬਿਮਾਰੀਆਂ ਫ਼ੈਲਣ ਦਾ ਖਦਸ਼ਾ ਬਣਿਆ ਰਹਿੰਦਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਸਮੂਹ ਸਿਹਤ ਸੰਸਥਾਵਾਂ ਦੇ ਮੁਖੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਲੋਕਾਂ ਨੂੰ ਪੀਣ ਵਾਲੇ ਦੂਸ਼ਿਤ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਜਿਵੇਂ ਦਸਤ, ਉਲਟੀਆਂ, ਹੈਜ਼ਾ ਆਦਿ ਤੋਂ ਬਚਾਉਣ ਲਈ ਢੁਕਵੇਂ ਪ੍ਰਬੰਧ ਪੂਰੇ ਰੱਖੇ ਜਾਣ।
ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਪੂਰੀ ਮੁਸਤੈਦੀ ਨਾਲ ਆਪਣਾ ਕੰਮ ਕਰ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੋ ਮਰੀਜ਼ ਕਿਸੇ ਗੰਭੀਰ ਬਿਮਾਰੀ ਤੋਂ ਪੀੜਤ ਹਨ ਜਾਂ ਜਿੰਨ੍ਹਾਂ ਦਾ ਲੰਮੇ ਸਮੇਂ ਤੋਂ ਕਿਸੇ ਬਿਮਾਰੀ ਕਾਰਨ ਇਲਾਜ ਚੱਲ ਰਿਹਾ ਹੈ, ਜਿਵੇਂ ਬੀ.ਪੀ., ਸ਼ੂਗਰ, ਦਿਲ ਅਤੇ ਗੁਰਦੇ ਦੀ ਬਿਮਾਰੀ ਦੇ ਮਰੀਜ਼,ਉਹ ਆਪਣੇ ਨੇੜੇ ਦੀ ਸਿਹਤ ਸੰਸਥਾ ਤੋਂ ਡਾਕਟਰ ਦੀ ਸਲਾਹ ਨਾਲ ਹੀ ਦਵਾਈ ਲੈਣ। ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਤੋਂ ਦੂਰ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਹੜ੍ਹਾਂ ਦੇ ਪਾਣੀ ਵਿੱਚ ਸੱਪਾਂ ਦੀ ਆਮਦ ਵਧਣ ਦਾ ਖ਼ਦਸ਼ਾ ਬਣਿਆ ਰਹਿੰਦਾ ਹੈ, ਇਸ ਲਈ ਸੱਪ ਦੇ ਕੱਟਣ ‘ਤੇ ਘਬਰਾਉਣ ਦੀ ਬਜਾਏ ਸਰਕਾਰੀ ਹਸਪਤਾਲ ਤੱਕ ਪਹੁੰਚ ਕਰਕੇ ਦਵਾਈ ਲਈ ਜਾਵੇ ਜੋ ਕਿ ਹਸਪਤਾਲਾਂ ਵਿੱਚ ਉਪਲਬਧ ਹੈ।