ਚੰਡੀਗੜ੍ਹ, 18 ਜੁਲਾਈ – ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਬਲਬੀਰ ਸਿੰਘ ਸਿੱਧੂ ਨੇ ਕਿਹਾ ਹੈ ਕਿ ਬੀਤੇ ਦਿਨ ਆਏ ਹੜ੍ਹਾਂ ਨੇ ਆਪ ਸਰਕਾਰ ਦੇ ਮਾੜੇ ਪ੍ਰਸ਼ਾਸਨ ਦਾ ਪਰਦਾਫਾਸ਼ ਕਰ ਦਿੱਤਾ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਚੁਣੌਤੀਪੂਰਨ ਹਾਲਤਾਂ ਨਾਲ ਨਜਿੱਠਣ ਵਿੱਚ ਅਯੋਗ ਸਿੱਧ ਹੋਏ ਹਨ।
ਇੱਥੇ ਜਾਰੀ ਬਿਆਨ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਹਨਾਂ ਦੇ ਸਾਥੀ ਮੰਤਰੀਆਂ ਉੱਤੇ ਹੜ੍ਹਾਂ ਦੀ ਨਾਜ਼ਕ ਸਥਿਤੀ ਨੂੰ ਆਪਣੀ ਬੱਲੇ ਬੱਲੇ ਕਰਾਉਣ ਲਈ ਵਰਤਣ ਦਾ ਦੋਸ਼ ਲਾਉਂਦਿਆਂ ਉਹਨਾਂ ਕਿਹਾ ਹੈ ਕਿ ਮੁੱਖ ਮੰਤਰੀ ਹੜ੍ਹਾਂ ਉੱਤੇ ਵੀ ਸੌੜੀ ਰਾਜਨੀਤੀ ਕਰਨ ਵਿੱਚ ਇੰਨੇ ਰੁੱਝੇ ਹੋਏ ਹਨ ਕਿ ਨੁਕਸਾਨ ਦੇ ਅੰਦਾਜ਼ਾ ਲਾਉਣ ਅਤੇ ਮੁਆਵਜ਼ਾ ਦੇਣ ਬਾਰੇ ਕੋਈ ਨਿਰਦੇਸ਼ ਜਾਰੀ ਕਰਨਾ ਹੀ ਭੁੱਲ ਗਏ ਹਨ। ਉਹਨਾਂ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਅਧਿਕਾਰੀਆਂ ਨੂੰ ਹਦਾਇਤ ਕੀਤੀ ਜਾਵੇ ਕਿ ਉਹ ਹੜ੍ਹਾਂ ਦੇ ਪਾਣੀ ਦੀ ਨਿਕਾਸੀ ਦਾ ਪ੍ਰਬੰਧ ਕਰਨ, ਨੁਕਸਾਨ ਦਾ ਜਾਇਜ਼ਾ ਲੈਣ ਅਤੇ ਤੁਰੰਤ ਮੁਆਵਜ਼ਾ ਦੇਣ ਨੂੰ ਯਕੀਨੀ ਬਣਾਉਣ।
ਸz. ਸਿੱਧੂ ਨੇ ਕਿਹਾ ਕਿ ਹਾਲਾਤ ਇਹ ਹਨ ਕਿ ਮੁੱਖ ਮੰਤਰੀ ਕੋਲ ਮਾਨਸਾ ਜ਼ਿਲੇ ਨਾਲ ਲਗਦੇ ਹਰਿਆਣਾ ਦੇ ਚਾਂਦਪੁਰਾ ਬੰਨ ਵਿਚ ਤਿੰਨ ਦਿਨ ਪਹਿਲਾਂ ਪਏ ਘੱਗਰ ਵਿਚਲੇ ਪਾੜ ਨੂੰ ਪੂਰਨ ਲਈ ਹਰਿਆਣਾ ਦੇ ਅਧਿਕਾਰੀਆਂ ਵਲੋਂ ਪਾਏ ਜਾ ਰਹੇ ਅੜਿਕੇ ਦੇ ਮਾਮਲੇ ਨੂੰ ਹਰਿਆਣਾ ਸਰਕਾਰ ਕੋਲ ਉਠਾਉਣ ਦਾ ਸਮਾਂ ਵੀ ਨਹੀਂ ਹੈ। ਉਹਨਾਂ ਕਿਹਾ ਕਿ ਕਈ ਇਲਾਕਿਆਂ ਵਿੱਚ ਪਾਣੀ ਭਰਨ ਕਾਰਨ ਡਰਾਉਣੇ ਹਾਲਾਤ ਪੈਦਾ ਹੋ ਗਏ ਹਨ। ਇੱਕ ਹਫ਼ਤੇ ਤੋਂ ਵੱਧ ਸਮੇਂ ਲਈ ਜਨਜੀਵਨ ਠੱਪ ਹੈ, ਜਾਨੀ ਅਤੇ ਮਾਲੀ ਨੁਕਸਾਨ ਹੋਣ ਤੋਂ ਇਲਾਵਾ ਹੁਣ ਬੀਮਾਰੀਆਂ ਫੈਲ ਰਹੀਆਂ ਹਨ, ਪਰ ਹੜਾਂ ਦੇ ਪ੍ਰਭਾਵ ਨੂੰ ਘਟਾਉਣ ਲਈ ਸਰਕਾਰ ਵੱਲੋਂ ਕੋਈ ਠੋਸ ਕਦਮ ਨਹੀਂ ਚੁੱਕੇ ਗਏ।
ਭਗਵੰਤ ਮਾਨ ਵਲੋਂ ਕੇਂਦਰ ਤੋਂ ਵਿੱਤੀ ਸਹਾਇਤਾ ਦੀ ਭੀਖ ਨਾ ਮੰਗਣ ਸੰਬੰਧੀ ਦਿੱਤੇ ਬਿਆਨ ਬਾਰੇ ਉਹਨਾਂ ਕਿਹਾ ਕਿ ਕੇਂਦਰ ਸਰਕਾਰ ਦੀ ਮਦਦ ਤੋਂ ਬਿਨਾਂ ਪੰਜਾਬ ਮੌਜੂਦਾ ਸਥਿਤੀ ਤੇ ਕਾਬੂ ਨਹੀਂ ਪਾ ਸਕਦਾ ਕਿਉਂਕਿ ਪੰਜਾਬ ਪਹਿਲਾਂ ਹੀ ਗੰਭੀਰ ਵਿੱਤੀ ਸੰਕਟ ਦਾ ਸਾਹਮਣਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਨਿੱਜੀ ਰੰਜਿਸ਼ਾਂ ਦੀ ਬਜਾਏ ਪੰਜਾਬ ਦੇ ਲੋਕਾਂ ਦੇ ਹਿੱਤਾਂ ਨੂੰ ਹਮੇਸ਼ਾ ਮੁੱਖ ਰੱਖਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੇ ਹੜਾਂ ਦੀ ਸਥਿਤੀ ਉਤੇ ਕਾਬੂ ਪਾਉਣ ਲਈ ਲੋੜੀਂਦੀਆਂ ਸ਼ਰਤਾਂ ਵਿੱਚ ਛੋਟ ਦੇ ਕੇ 218.40 ਕਰੋੜ ਰੁਪਏ ਤੁਰੰਤ ਜਾਰੀ ਕੀਤੇ ਹਨ।