ਨਵੀਂ ਦਿੱਲੀ , 31 ਜੁਲਾਈ 2023 :-ਭਾਜਪਾ ਦੀ ਅਗਵਾਈ ਵਾਲੇ ਕੇਂਦਰ ‘ਤੇ ਤਿੱਖਾ ਹਮਲਾ ਕਰਦੇ ਹੋਏ, ‘ਆਪ’ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਸਰਕਾਰ ਦੀ ਰਾਸ਼ਟਰੀ ਰਾਜਧਾਨੀ ਖੇਤਰ ਦਿੱਲੀ (ਸੋਧ) ਬਿੱਲ, 2023 ਦੀ ਨਿੰਦਾ ਕੀਤੀ ਅਤੇ ਇਸ ਨੂੰ ਗੈਰ-ਜਮਹੂਰੀ ਅਤੇ ਗੈਰ-ਕਾਨੂੰਨੀ ਵਿਧਾਨਿਕ ਕਾਰਵਾਈਆਂ ਦਾ ਪ੍ਰਤੀਕ ਦੱਸਿਆ। ਉਨ੍ਹਾਂ ਕਿਹਾ ਕਿ ਇਹ ਬਿੱਲ ਦਿੱਲੀ ਦੇ ਲੋਕਾਂ ‘ਤੇ ਸਿੱਧਾ ਹਮਲਾ, ਭਾਰਤੀ ਨਿਆਂਪਾਲਿਕਾ ਦਾ ਅਪਮਾਨ ਅਤੇ ਦੇਸ਼ ਦੀ ਸੰਘੀ ਪ੍ਰਣਾਲੀ ਲਈ ਵੱਡਾ ਖ਼ਤਰਾ ਹੈ।
ਚੱਢਾ ਨੇ ਚਿੰਤਾ ਜ਼ਾਹਿਰ ਕੀਤੀ ਕਿ ਭਾਜਪਾ ਦਾ ਮਕਸਦ ਲੋਕਾਂ ਨੂੰ ਇਹ ਸੰਦੇਸ਼ ਦੇਣਾ ਹੈ ਕਿ ਜੇਕਰ ਉਹ ਗੈਰ-ਭਾਜਪਾ ਸਰਕਾਰ ਚੁਣਦੇ ਹਨ ਤਾਂ ਇਸ ਨੂੰ ਸੁਚਾਰੂ ਢੰਗ ਨਾਲ ਨਹੀਂ ਚੱਲਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਬਿੱਲ ਦਿੱਲੀ ਦੇ ਦੋ ਕਰੋੜ ਲੋਕਾਂ ਵੱਲੋਂ ਅਰਵਿੰਦ ਕੇਜਰੀਵਾਲ ਦੇ ਇਤਿਹਾਸਕ ਬਹੁਮਤ ਨੂੰ ਦਿੱਤੇ ਅਹਿਮ ਫ਼ਤਵੇ ਨੂੰ ਕਮਜ਼ੋਰ ਕਰਦਾ ਹੈ। ਆਰਡੀਨੈਂਸ ਦਿੱਲੀ ਦੀ ਚੁਣੀ ਹੋਈ ਸਰਕਾਰ ਦੇ ਹੱਕ ਵਿੱਚ ਸੁਪਰੀਮ ਕੋਰਟ ਦੇ ਫ਼ੈਸਲੇ ਦਾ ਵੀ ਖੰਡਨ ਕਰਦਾ ਹੈ, ਜਿਸ ਨੇ ਪੁਸ਼ਟੀ ਕੀਤੀ ਸੀ ਕਿ ਸਾਰੀਆਂ ਨੌਕਰਸ਼ਾਹੀ ਸ਼ਕਤੀਆਂ ਦਿੱਲੀ ਸਰਕਾਰ ਕੋਲ ਰਹਿਣੀਆਂ ਚਾਹੀਦੀਆਂ ਹਨ। ਪਰ ਭਾਜਪਾ ਸਰਕਾਰ ਨੇ ਇਸ ਫ਼ੈਸਲੇ ਨੂੰ ਸਿਰਫ਼ 8 ਦਿਨਾਂ ਦੇ ਅੰਦਰ ਪਲਟ ਦਿੱਤਾ ਅਤੇ ਨਿਆਂਪਾਲਿਕਾ ਦੇ ਫ਼ੈਸਲੇ ਨੂੰ ਚੁਨੌਤੀ ਦੇਣ ਵਾਲਾ ਆਰਡੀਨੈਂਸ ਲਿਆ ਦਿੱਤਾ।