ਸੁਨਾਮ (ਸੰਗਰੂਰ), 31 ਜੁਲਾਈ 2023 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼ਹੀਦ ਊਧਮ ਸਿੰਘ, ਸ਼ਹੀਦ ਭਗਤ ਸਿੰਘ ਅਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਵਰਗੇ ਮਹਾਨ ਸ਼ਹੀਦਾਂ ਨੂੰ ‘ਭਾਰਤ ਰਤਨ ਐਵਾਰਡ’ ਦੇਣ ਦੀ ਵਕਾਲਤ ਕੀਤੀ ਜਿਨ੍ਹਾਂ ਨੇ ਆਪਣੇ ਵਤਨ ਦੀ ਖਾਤਰ ਲਾਮਿਸਾਲ ਕੁਰਬਾਨੀਆਂ ਦਿੱਤੀਆਂ।
ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਉਨ੍ਹਾਂ ਦੀ ਯਾਦਗਾਰ ਉਤੇ ਸ਼ਰਧਾ ਦੇ ਫੁੱਲ ਭੇਟ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਮਹਾਨ ਸ਼ਹੀਦਾਂ ਨੂੰ ‘ਭਾਰਤ ਰਤਨ ਐਵਾਰਡ’ ਦੇਣ ਨਾਲ ਸਗੋਂ ਇਸ ਐਵਾਰਡ ਦਾ ਮਾਣ ਹੋਰ ਵਧੇਗਾ। ਉਨ੍ਹਾਂ ਕਿਹਾ ਕਿ ਇਹ ਸ਼ਹੀਦ ਹੀ ਇਸ ਐਵਾਰਡ ਦੇ ਅਸਲ ਹੱਕਦਾਰ ਹਨ ਕਿਉਂਕਿ ਉਨ੍ਹਾਂ ਨੇ ਆਪਣੇ ਦੇਸ਼ ਨੂੰ ਵਿਦੇਸ਼ੀ ਤਾਕਤਾਂ ਦੀ ਚੁੰਗਲ ਵਿੱਚੋਂ ਆਜ਼ਾਦ ਕਰਵਾਉਣ ਲਈ ਮਹਾਨ ਕੁਰਬਾਨੀਆਂ ਦਿੱਤੀਆਂ ਹਨ। ਭਗਵੰਤ ਮਾਨ ਨੇ ਦੁੱਖ ਨਾਲ ਕਿਹਾ ਕਿ ਅਖੌਤੀ ਰਾਸ਼ਟਰਵਾਦੀ ਕੇਂਦਰ ਸਰਕਾਰ ਨੇ ਇਨ੍ਹਾਂ ਮਹਾਨ ਸਪੂਤਾਂ ਦਾ ਸਨਮਾਨ ਕਰਨ ਦੀ ਕਦੇ ਵੀ ਪ੍ਰਵਾਹ ਨਹੀਂ ਕੀਤੀ।
ਮੁੱਖ ਮੰਤਰੀ ਨੇ ਕਿਹਾ ਕਿ ਉਲਟਾ ਮੌਜੂਦਾ ਕੇਂਦਰ ਸਰਕਾਰ ਮੁਲਕ ਵਿੱਚ ਜਮਹੂਰੀਅਤ ਦਾ ਘਾਣ ਕਰਕੇ ਇਨ੍ਹਾਂ ਸ਼ਹੀਦਾਂ ਦੀ ਵਿਰਾਸਤ ਨੂੰ ਢਾਹ ਲਾ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਤਨਪ੍ਰਸਤਾਂ ਨੇ ਦੇਸ਼ ਦੀ ਆਜ਼ਾਦੀ ਅਤੇ ਜਮਹੂਰੀਅਤ ਦੀ ਖਾਤਰ ਆਪਣੀਆਂ ਜਾਨਾਂ ਵਾਰ ਦਿੱਤੀਆਂ ਸਨ ਪਰ ਬਦਕਿਸਮਤੀ ਨਾਲ ਕੇਂਦਰ ਸਰਕਾਰ ਆਰਡੀਨੈਂਸਾਂ ਰਾਹੀਂ ਜਮਹੂਰੀ ਪ੍ਰਣਾਲੀ ਨੂੰ ਖ਼ਤਰੇ ਵਿਚ ਪਾ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਕਦਮ ਆਜ਼ਾਦੀ ਦੇ ਸੰਘਰਸ਼ ਦੌਰਾਨ ਮਹਾਨ ਦੇਸ਼ ਭਗਤਾਂ ਵੱਲੋਂ ਦੇਸ਼ ਲਈ ਲਏ ਸੁਪਨਿਆਂ ਦੇ ਬਿਲਕੁਲ ਉਲਟ ਹੈ।