ਬੀਜਿੰਗ, 1 ਅਗਸਤ- ਚੀਨ ਦੀ ਰਾਜਧਾਨੀ ਬੀਜਿੰਗ ਦੇ ਆਲੇ-ਦੁਆਲੇ ਦੇ ਖੇਤਰਾਂ ਵਿਚ ਕਈ ਦਿਨ ਤੋਂ ਪੈ ਰਹੇ ਭਾਰੀ ਮੀਂਹ ਨੇ ਤਬਾਹੀ ਮਚਾਈ ਹੋਈ ਹੈ। ਇਸ ਮਗਰੋਂ ਆਏ ਹੜ੍ਹ ਕਾਰਨ 11 ਵਿਅਕਤੀਆਂ ਦੀ ਮੌਤ ਹੋ ਗਈ ਅਤੇ 27 ਲਾਪਤਾ ਹਨ। ਰਾਜ ਦੇ ਪ੍ਰਸਾਰਕ ਸੀਸੀਟੀਵੀ ਨੇ ਅੱਜ ਦੱਸਿਆ ਕਿ ਭਾਰੀ ਮੀਂਹ ਕਾਰਨ ਰੇਲਵੇ ਸਟੇਸ਼ਨਾਂ ਨੂੰ ਬੰਦ ਕਰਨਾ ਪਿਆ ਹੈ ਅਤੇ ਪ੍ਰਭਾਵਿਤ ਲੋਕਾਂ ਨੂੰ ਸਕੂਲਾਂ ਵਿੱਚ ਪਨਾਹ ਦਿੱਤੀ ਗਈ ਹੈ।
ਉਹਨਾਂ ਕਿਹਾ ਕਿ ਹੜ੍ਹ ਦਾ ਪਾਣੀ ਲੋਕਾਂ ਦੇ ਘਰਾਂ ਵਿਚ ਭਰ ਗਿਆ ਹੈ ਅਤੇ ਸੜਕਾਂ ਟੁੱਟ ਗਈਆਂ ਹਨ। ਬੀਜਿੰਗ ਵਿੱਚ ਮੌਸਮ ਆਮ ਤੌਰ ਤੇ ਖੁਸ਼ਕ ਹੁੰਦਾ ਹੈ ਅਤੇ ਇੱਥੇ ਥੋੜ੍ਹੀ ਜਿਹੀ ਬਾਰਿਸ਼ ਹੁੰਦੀ ਹੈ। ਅਜਿਹੇ ਵਿਚ ਪਿਛਲੇ ਦਿਨੀਂ ਹੋਈ ਭਾਰੀ ਬਾਰਿਸ਼ ਇੱਥੇ ਅਸਾਧਾਰਨ ਹੈ। ਉੱਤਰੀ ਚੀਨ ਦੇ ਹੋਰ ਹਿੱਸਿਆਂ ਵਿਚ ਵੀ ਘੱਟ ਹੀ ਬਾਰਿਸ਼ ਹੁੰਦੀ ਹੈ।