ਲੁਧਿਆਣਾ, 2 ਅਗਸਤ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਲੁਧਿਆਣਾ ਸ਼ਹਿਰ ਨੂੰ ਸਾਫ ਸੁਥਰਾ, ਹਰਾ ਭਰਾ ਤੇ ਪ੍ਰਦੂਸ਼ਣ ਮੁਕਤ ਬਣਾਉਣ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਅੱਜ ਇੱਥੇ ਸ਼ਹਿਰ ਵਿਚ ਸੀਵਰੇਜ ਲਾਈਨਾਂ ਦੀ ਬਿਹਤਰ ਢੰਗ ਨਾਲ ਸਫਾਈ ਕਰਨ ਲਈ ਸੁਪਰ ਸੰਕਸ਼ਨ-ਕਮ-ਜੈਟਿੰਗ ਮਸ਼ੀਨ ਅਤੇ 50 ਟਰੈਕਟਰਾਂ ਨੂੰ ਝੰਡੀ ਵਿਖਾ ਕੇ ਰਵਾਨਾ ਕਰਨ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਲੁਧਿਆਣਾ ਸ਼ਹਿਰ ਲਈ 1.45 ਕਰੋੜ ਰੁਪਏ ਦੀ ਲਾਗਤ ਨਾਲ ਖਰੀਦੀ ਗਈ ਇਹ ਅਤਿ ਆਧੁਨਿਕ ਸੁਪਰ ਸੰਕਸ਼ਨ-ਕਮ-ਜੈਟਿੰਗ ਮਸ਼ੀਨ ਸ਼ਹਿਰ ਵਿਚ ਲਗਭਗ 200 ਕਿਲੋਮੀਟਰ ਸੀਵਰੇਜ ਲਾਈਨਾਂ ਦੀ ਸਫਾਈ ਦਾ ਕੰਮ ਕਰਨ ਵਿਚ ਬਹੁਤ ਮਦਦਗਾਰ ਸਾਬਤ ਹੋਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਨਗਰ ਨਿਗਮ, ਲੁਧਿਆਣਾ ਨੇ ਵੱਖ ਵੱਖ ਸ਼ਾਖਾਵਾਂ ਲਈ 2.22 ਕਰੋੜ ਰੁਪਏ ਦੀ ਲਾਗਤ ਨਾਲ 50 ਟਰੈਕਟਰ ਖਰੀਦੇ ਹਨ ਜਿਹੜੇ ਮਲਬਾ ਚੁੱਕਣ, ਟੈਂਕਰਾਂ ਰਾਹੀਂ ਪਾਣੀ ਦੀ ਸਪਲਾਈ ਕਰਨ, ਕੂੜਾ-ਕਰਕਟ ਚੁੱਕਣ ਅਤੇ ਹੋਰ ਕਾਰਜਾਂ ਲਈ ਵਰਤੇ ਜਾਣਗੇ। ਉਹਨਾਂ ਕਿਹਾ ਕਿ ਸੂਬਾ ਸਰਕਾਰ ਸ਼ਹਿਰਾਂ ਦੇ ਵਿਆਪਕ ਵਿਕਾਸ ਲਈ ਪੂਰਨ ਤੌਰ ਉਤੇ ਵਚਨਬੱਧ ਹੈ ਅਤੇ ਇਸ ਵਿਚ ਕੋਈ ਕਸਰ ਬਾਕੀ ਨਹੀਂ ਛੱਡੇਗੀ।
ਉਨ੍ਹਾਂ ਕਿਹਾ ਕਿ ਸੂਬਾ ਦੇ ਲੋਕਾਂ ਦੀ ਭਲਾਈ ਲਈ ਸੂਬਾ ਸਰਕਾਰ ਕੋਲ ਫੰਡਾਂ ਦੀ ਕੋਈ ਕਮੀ ਨਹੀਂ ਹੈ। ਭਗਵੰਤ ਮਾਨ ਨੇ ਕਿਹਾ ਕਿ ਸ਼ਹਿਰਾਂ ਦੇ ਸਰਬਪੱਖੀ ਵਿਕਾਸ ਲਈ ਖੁੱਲ੍ਹੇਦਿਲ ਨਾਲ ਫੰਡ ਦੇਣ ਤੋਂ ਇਲਾਵਾ ਇਨ੍ਹਾਂ ਦੇ ਵਿਕਾਸ ਕਾਰਜਾਂ ਲਈ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਉਤੇ ਵੀ ਜ਼ੋਰ ਦਿੱਤਾ ਜਾ ਰਿਹਾ ਹੈ। ਇਸ ਮੌਕੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਅਤੇ ਹੋਰ ਵੀ ਹਾਜ਼ਰ ਸਨ।
















