ਅੰਮ੍ਰਿਤਸਰ, 4 ਅਗਸਤ 2023 – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੰਘ ਸਭਾ ਲਹਿਰ ਦੀ ਆਰੰਭਤਾ ਦੇ 150 ਸਾਲਾ ਸ਼ਤਾਬਦੀ ਸਮਾਗਮਾਂ ਸਮੇਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਦੋ ਦਿਨਾਂ ਸਮਾਗਮ ਕੀਤੇ ਜਾਣਗੇ। ਇਸ ਸਬੰਧੀ ਮੁੱਖ ਸਮਾਗਮ 1 ਅਕਤੂਬਰ 2023 ਨੂੰ ਹੋਵੇਗਾ, ਜਿਸ ਵਿਚ ਪੰਥ ਦੀ ਪ੍ਰਮੁੱਖ ਸ਼ਖ਼ਸੀਅਤਾਂ ਸ਼ਿਰਕਤ ਕਰਨਗੀਆਂ। ਇਸ ਸ਼ਤਾਬਦੀ ਦੇ ਸਬੰਧ ਵਿਚ ਸਮਾਗਮਾਂ ਦੀ ਰੂਪ ਰੇਖਾ ਤਿਆਰ ਕਰਨ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਗਠਤ ਕੀਤੀ ਗਈ ਸਬ-ਕਮੇਟੀ ਦੀ ਇਕੱਤਰਤਾ ਅੱਜ ਇਥੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਹੋਈ, ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਅੰਤ੍ਰਿੰਗ ਮੈਂਬਰ ਸ. ਬਾਵਾ ਸਿੰਘ ਗੁਮਾਨਪੁਰਾ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਰਾਮ ਸਿੰਘ ਤੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਸ਼ਾਮਲ ਹੋਏ।
ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਇਕੱਤਰਤਾ ਮਗਰੋਂ ਦੱਸਿਆ ਕਿ ਸਿੰਘ ਸਭਾ ਲਹਿਰ ਨੇ ਸਿੱਖ ਧਰਮ ਨੂੰ ਦਰਪੇਸ਼ ਚੁਣੌਤੀਆਂ ਦਾ ਕਰੜਾ ਮੁਕਾਬਲਾ ਕਰਦਿਆਂ ਕੌਮ ਦੀ ਮੌਲਿਕ ਰਵਾਇਤਾਂ ਅਤੇ ਧਰਮ ਇਤਿਹਾਸ ਦੀ ਰੌਸ਼ਨੀ ਵਿਚ ਇਕ ਜ਼ੋਰਦਾਰ ਹਾਜ਼ਰੀ ਦਰਜ ਕਰਵਾਈ ਸੀ। ਇਸ ਦੀ ਸਥਾਪਨਾ 1873 ਈ: ਵਿਚ ਉਸ ਵਕਤ ਹੋਈ, ਜਦੋਂ ਸਿੱਖਾਂ ਦੇ ਧਰਮ ਪਰਵਰਤਨ ਦੇ ਨਾਲ-ਨਾਲ ਸਿੱਖ ਸਿਧਾਂਤਾਂ ’ਤੇ ਹਮਲੇ ਸਾਹਮਣੇ ਆਏ ਸਨ। ਉਨ੍ਹਾਂ ਕਿਹਾ ਕਿ ਸਿੰਘ ਸਭਾ ਲਹਿਰ ਨੇ ਸਿੱਖ ਸਮਾਜ ਵਿਚ ਧਾਰਮਿਕ ਸੁਧਾਰ ਕਰਨ ਦੇ ਨਾਲ-ਨਾਲ ਨਵੀਂ ਸੱਭਿਆਚਾਰਕ ਚੇਤਨਾ ਲਿਆਂਦੀ ਅਤੇ ਜ਼ੋਰਦਾਰ ਤਰੀਕੇ ਨਾਲ ਗੁਰਮਤਿ ਦੇ ਪ੍ਰਚਾਰ ਪ੍ਰਸਾਰ ਲਈ ਕਾਰਜ ਕੀਤੇ।