ਐਸ.ਏ.ਐਸ.ਨਗਰ, 8 ਅਗਸਤ – ਜ਼ਿਲ੍ਹੇ ਵਿੱਚ ਆਜ਼ਾਦੀ ਦਿਹਾੜਾ ਮਨਾਉਣ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ ਤੇ ਹਨ ਅਤੇ ਇਸ ਸੰਬੰਧੀ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ.ਪਰਮਦੀਪ ਸਿੰਘ ਵੱਲੋਂ ਸਮਾਗਮ ਵਾਲੇ ਸਥਾਨ, ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ, ਫੇਜ਼ 6 ਵਿਖੇ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਵਲੋਂ ਅਧਿਕਾਰੀਆਂ ਨੂੰ ਤਿਆਰੀਆਂ ਸਬੰਧੀ ਵਿਸ਼ੇਸ ਹਦਾਇਤਾਂ ਜਾਰੀ ਕੀਤੀਆਂ ਗਈਆਂ।
ਉਨ੍ਹਾਂ ਦੱਸਿਆ ਕਿ ਆਜ਼ਾਦੀ ਦਿਹਾੜੇ ਦੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪੇਸ਼ ਕੀਤੀਆਂ ਜਾਣ ਵਾਲੀਆਂ ਸਾਰੀਆਂ ਝਾਕੀਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦੀ ਦੇਖ ਰੇਖ ਹੇਠ ਤਿਆਰ ਕਰਵਾਈਆਂ ਜਾਣਗੀਆਂ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਪ ਮੰਡਲ ਮੈਜਿਸਟਰੇਟ, ਖਰੜ ਇਸ ਸਮਾਗਮ ਲਈ ਕੀਤੇ ਜਾਣ ਵਾਲੇ ਸਾਰੇ ਪ੍ਰਬੰਧਾਂ ਦੇ ਓਵਰਆਲ ਇੰਚਾਰਜ ਹੋਣਗੇ। ਉਨ੍ਹਾਂ ਕਿਹਾ ਕਿ ਸਮਾਗਮ ਦੌਰਾਨ ਆਜ਼ਾਦੀ ਘੁਲਾਟੀਆਂ ਦੇ ਵਾਰਸਾਂ ਦੇ ਬੈਠਣ ਲਈ ਵੱਖਰੇ ਬਲਾਕ ਦਾ ਪ੍ਰਬੰਧ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸਮਾਗਮ ਵਾਲੇ ਸਥਾਨ ਤੇ ਫੁੱਲ ਡਰੈਸ ਰਿਹਰਸਲ 13 ਅਗਸਤ ਨੂੰ ਹੋਵੇਗੀ।
ਉਹਨਾਂ ਕਿਹਾ ਕਿ ਵਿਦਿਆਰਥੀਆਂ ਦੀ ਰਿਹਰਸਲ ਸਮੇਂ ਮੈਡੀਕਲ ਟੀਮ ਸਮੇਤ ਮਹਿਲਾ ਡਾਕਟਰ ਦੀ ਡਿਊਟੀ ਲਾਉਣ ਦੀ ਜ਼ਿੰਮੇਵਾਰੀ ਸਿਵਲ ਸਰਜਨ ਦੀ ਹੋਵੇਗੀ। ਇਸ ਤਰ੍ਹਾਂ ਉਹਨਾਂ ਨੇ ਪੁਲਿਸ ਵਿਭਾਗ ਅਤੇ ਹੋਰ ਅਧਿਕਾਰੀਆਂ ਨੂੰ ਸਮਾਗਮ ਦੌਰਾਨ ਵੱਖ-ਵੱਖ ਕੰਮਾਂ ਲਈ ਵਿਸ਼ੇਸ ਤੌਰ ਤੇ ਜ਼ਿੰਮੇਵਾਰੀਆਂ ਦਿੱਤੀਆਂ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਦਮਨਜੀਤ ਸਿੰਘ ਮਾਨ, ਐਸ.ਡੀ.ਐਮ. ਖਰੜ ਸ੍ਰੀ ਰਵਿੰਦਰ ਸਿੰਘ, ਸੰਯੁਕਤ ਕਮਿਸ਼ਨਰ ਨਗਰ ਨਿਗਮ ਸ਼੍ਰੀਮਤੀ ਕਿਰਨ ਸ਼ਰਮਾ ਅਤੇ ਹੋਰ ਅਧਿਕਾਰੀ ਸਾਹਿਬਾਨ ਹਾਜ਼ਰ ਸਨ।