ਚੰਡੀਗੜ੍ਹ, 11 ਅਗਸਤ – ਪੰਜਾਬ ਸਰਕਾਰ ਵਲੋਂ ਸੂਬੇ ਦੀਆਂ ਜ਼ਿਲ੍ਹਾ ਪ੍ਰੀਸ਼ਦਾਂ ਬਲਾਕ ਸੰਮਤੀਆਂ ਅਤੇ ਪਿੰਡਾਂ ਦੀ ਪੰਚਾਇਤਾਂ ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਵਲੋਂ ਜਾਰੀ ਹੁਕਮਾਂ ਵਿਚ ਜ਼ਿਲ੍ਹਾ ਪ੍ਰੀਸ਼ਦਾਂ ਅਤੇ ਬਲਾਕ ਸੰਮਤੀਆਂ ਦੀ ਚੋਣ 25 ਨਵੰਬਰ 2023 ਤੱਕ ਅਤੇ ਪਿੰਡਾਂ ਦੀਆਂ ਪੰਚਾਇਤੀ ਚੋਣਾਂ 31 ਦਸੰਬਰ 2023 ਤੱਕ ਕਰਵਾਉਣ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।
ਪੰਜਾਬ ਸਰਕਾਰ ਵਲੋਂ ਨੋਟੀਫਿਕੇਸ਼ਨ ਜਾਰੀ ਕਰਨ ਦੇ ਨਾਲ ਹੀ ਪੰਚਾਇਤੀ ਚੋਣਾਂ ਦਾ ਰਾਹ ਵੀ ਪੱਧਰਾ ਹੋ ਗਿਆ ਹੈ। ਭਾਵੇਂ ਚੋਣਾਂ ਸੰਬੰਧੀ ਅਜੇ ਕੋਈ ਤਾਰੀਖ਼ ਦਾ ਐਲਾਨ ਨਹੀਂ ਕੀਤਾ ਗਿਆ ਹੈ ਪਰ ਇਹ ਜ਼ਰੂਰ ਆਖਿਆ ਗਿਆ ਹੈ ਕਿ ਜ਼ਿਲ੍ਹਾ ਪ੍ਰੀਸ਼ਦ ਬਲਾਕ ਸੰਮਤੀ ਦੀ ਚੋਣ 25 ਨਵੰਬਰ 2023 ਤਕ ਅਤੇ ਪਿੰਡਾਂ ਦੀਆਂ ਪੰਚਾਇਤੀ ਚੋਣਾਂ 31 ਦਸੰਬਰ 2023 ਤੱਕ ਕਰਵਾਈਆਂ ਜਾਣ। ਇਸ ਨੋਟੀਫਿਕੇਸ਼ਨ ਤੋਂ ਬਾਅਦ ਹੁਣ ਕਿਸੇ ਸਮੇਂ ਵੀ ਚੋਣਾਂ ਦੀਆਂ ਤਾਰੀਖਾਂ ਦਾ ਐਲਾਨ ਹੋ ਸਕਦਾ ਹੈ।
ਇਸਦੇ ਨਾਲ ਹੀ ਇਹਨਾਂ ਚੋਣਾਂ ਵਿੱਚ ਭਾਗ ਲੈਣ ਦੇ ਚਾਹਵਾਨਾਂ ਵਲੋਂ ਵੀ ਤਿਆਰੀਆਂ ਆਰੰਭ ਕਰ ਦਿੱਤੀਆਂ ਗਈਆਂ ਹਨ। ਜਿਕਰਯੋਗ ਹੈ ਕਿ ਪਿਛਲੇ ਸਾਲ ਸੂਬੇ ਵਿੱਚ ਸਰਕਾਰ ਬਦਲਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਵੱਡੀ ਗਿਣਤੀ ਆਗੂ ਅਤੇ ਵਰਕਰ ਇਹਨਾਂ ਚੋਣਾਂ ਦੀਆਂ ਤਿਆਰੀਆਂ ਕਰ ਰਹੇ ਹਨ ਅਤੇ ਸਰਕਾਰ ਵਲੋਂ ਜਾਰੀ ਤਾਜਾ ਹੁਕਮਾਂ ਤੋਂ ਬਾਅਦ ਇਹਨਾਂ ਦੀਆਂ ਸਰਗਰਮੀਆਂ ਵਿੱਚ ਤੇਜੀ ਆ ਜਾਣੀ ਹੈ।