ਨਵੀਂ ਦਿੱਲੀ, 21 ਅਗਸਤ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ ਦੇ ਦੋਸ਼ੀ ਦਿੱਲੀ ਸਰਕਾਰ ਦੇ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਵਿੱਚ ਤਾਇਨਾਤ ਡਿਪਟੀ ਡਾਇਰੈਕਟਰ ਨੂੰ ਸਸਪੈਂਡ ਕਰਨ ਦੇ ਨਿਰਦੇਸ਼ ਦੇ ਦਿੱਤੇ ਹਨ। ਡਿਪਟੀ ਡਾਇਰੈਕਟਰ ਤੇ ਆਪਣੇ ਦੋਸਤ ਦੀ ਧੀ ਨਾਲ ਕਈ ਮਹੀਨਿਆਂ ਤੱਕ ਜਬਰ-ਜ਼ਿਨਾਹ ਦਾ ਦੋਸ਼ ਲੱਗਾ ਹੈ।
ਕੇਜਰੀਵਾਲ ਨੇ ਨਾਬਾਲਗ ਨਾਲ ਕਈ ਵਾਰ ਜਬਰ-ਜ਼ਿਨਾਹ ਕਰਨ ਅਤੇ ਉਸ ਨੂੰ ਗਰਭਵਤੀ ਕਰਨ ਦੇ ਦੋਸ਼ੀ ਦਿੱਲੀ ਸਰਕਾਰ ਦੇ ਅਧਿਕਾਰੀ ਨੂੰ ਸਸਪੈਂਡ ਕਰਨ ਦਾ ਹੁਕਮ ਜਾਰੀ ਕੀਤਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਮਾਮਲੇ ਵਿਚ ਸ਼ਾਮ 5 ਵਜੇ ਤੱਕ ਮੁੱਖ ਸਕੱਤਰ ਤੋਂ ਰਿਪੋਰਟ ਦੀ ਮੰਗ ਕੀਤੀ ਹੈ। ਪੁਲੀਸ ਨੇ ਦਿੱਲੀ ਸਰਕਾਰ ਦੇ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਦੇ ਅਧਿਕਾਰੀ ਅਤੇ ਉਸਦੀ ਪਤਨੀ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਹਿਰਾਸਤ ਵਿੱਚ ਲੈ ਕੇ ਪੁੱਛ ਗਿੱਛ ਕੀਤੀ ਜਾ ਰਹੀ ਹੈ ਅਤੇ ਬਿਆਨ ਦਰਜ਼ ਕੀਤੇ ਜਾ ਰਹੇ ਹੈ, ਜਿਸ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ। ਪੁਲੀਸ ਅਨੁਸਾਰ ਦਿੱਲੀ ਸਰਕਾਰ ਦੇ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਦੇ ਅਧਿਕਾਰੀ ਖਿਲਾਫ਼ ਆਪਣੇ ਦੋਸਤ ਦੀ ਨਾਬਾਲਗ ਧੀ ਨਾਲ ਕਈ ਵਾਰ ਜਬਰ-ਜ਼ਿਨਾਹ ਕਰਨ ਅਤੇ ਉਸ ਨੂੰ ਗਰਭਵਤੀ ਕਰਨ ਦੇ ਦੋਸ਼ ਵਿਚ ਮਾਮਲਾ ਦਰਜ ਕੀਤਾ ਗਿਆ ਹੈ।
ਪੀੜਤਾ ਦੇ ਪਿਤਾ ਦਾ 1 ਅਕਤੂਬਰ 2020 ਵਿੱਚ ਦਿਹਾਂਤ ਹੋ ਗਿਆ ਸੀ। ਉਦੋਂ ਤੋਂ ਉਹ ਦਿੱਲੀ ਸਰਕਾਰ ਦੇ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਦੇ ਡਿਪਟੀ ਡਾਇਰੈਕਟਰ ਦੇ ਘਰ ਰਹਿ ਰਹੀ ਸੀ। ਪੁਲੀਸ ਅਨੁਸਾਰ ਦੋਸ਼ੀ ਅਧਿਕਾਰੀ ਨੇ 2020 ਅਤੇ ਜਨਵਰੀ 2021 ਦਰਮਿਆਨ ਕੁੜੀ ਨਾਲ ਕਈ ਵਾਰ ਜਬਰ-ਜ਼ਿਨਾਹ ਕੀਤਾ। ਸ਼ਿਕਾਇਤ ਵਿਚ ਅਧਿਕਾਰੀ ਦੀ ਪਤਨੀ ਤੇ ਵੀ ਗਰਭਪਾਤ ਲਈ ਦਵਾਈ ਦੇਣ ਦਾ ਦੋਸ਼ ਲੱਗਾ ਹੈ। ਪੀੜਤਾ 12ਵੀਂ ਜਮਾਤ ਦੀ ਵਿਦਿਆਰਥਣ ਹੈ। ਸਾਲ 2020 ਵਿਚ ਪੀੜਤਾ ਦੇ ਪਿਤਾ ਦੀ ਮੌਤ ਹੋ ਗਈ, ਜਿਸ ਤੋਂ ਬਾਅਦ ਪੀੜਤਾ ਕਾਫੀ ਪਰੇਸ਼ਾਨ ਰਹਿਣ ਲੱਗੀ, ਜਿਸ ਤੋਂ ਬਾਅਦ ਡਿਪਟੀ ਡਾਇਰੈਕਟਰ ਪੀੜਤਾ ਨੂੰ ਆਪਣੇ ਘਰ ਲੈ ਕੇ ਆ ਗਏ।
ਓਧਰ ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ ਦੇ ਮਾਮਲੇ ਵਿਚ ਦਿੱਲੀ ਮਹਿਲਾ ਕਮਿਸ਼ਨ ਸਵਾਤੀ ਮਾਲੀਵਾਲ ਨੇ ਵੀ ਆਪਣੇ ਧਿਆਨ ਵਿਚ ਲੈਂਦੇ ਹੋਏ ਪੁਲੀਸ ਨੂੰ ਨੋਟਿਸ ਜਾਰੀ ਕੀਤਾ ਹੈ। ਦਿੱਲੀ ਮਹਿਲਾ ਕਮਿਸ਼ਨ ਦੀ ਪ੍ਰਧਾਨ ਸਵਾਤੀ ਮਾਲੀਵਾਲ ਨੇ ਟਵੀਟ ਕੀਤਾ ਅਤੇ ਲਿਖਿਆ ਕਿ ਦਿੱਲੀ ਵਿਚ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਦੇ ਡਿਪਟੀ ਡਾਇਰੈਕਟਰ ਅਹੁਦੇ ਤੇ ਬੈਠੇ ਇਕ ਸਰਕਾਰੀ ਅਧਿਕਾਰੀ ਤੇ ਇਕ ਬੱਚੀ ਨਾਲ ਯੌਨ ਸ਼ੋਸ਼ਣ ਕਰਨ ਦਾ ਦੋਸ਼ ਲੱਗਾ ਹੈ। ਪੁਲੀਸ ਨੇ ਅਜੇ ਤੱਕ ਉਸ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਹੈ। ਦਿੱਲੀ ਪੁਲੀਸ ਨੂੰ ਨੋਟਿਸ ਜਾਰੀ ਕੀਤਾ ਜਾ ਰਿਹਾ ਹੈ, ਜਿਸ ਦਾ ਕੰਮ ਧੀਆਂ ਦੀ ਸੁਰੱਖਿਆ ਕਰਨਾ ਹੈ, ਉਹ ਦਰਿੰਦਾ ਬਣ ਜਾਵੇਗਾ ਤਾਂ ਧੀਆਂ ਕਿੱਥੇ ਜਾਣਗੇ। ਉਨ੍ਹਾਂ ਨੂੰ ਛੇਤੀ ਗ੍ਰਿਫ਼ਤਾਰ ਕੀਤਾ ਜਾਣਾ ਚਾਹੀਦਾ ਹੈ।