ਪਟਿਆਲਾ, 21 ਅਗਸਤ 2023 – ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਹੜ੍ਹਾਂ ਦੌਰਾਨ ਹੋਏ ਨੁਕਸਾਨ ਦੇ ਮੁਆਵਜ਼ੇ ਸਬੰਧੀ ਜ਼ਿਲ੍ਹੇ ਦੇ ਸਮੂਹ ਐਸ.ਡੀ.ਐਮਜ਼ ਨਾਲ ਮੀਟਿੰਗ ਕਰਕੇ ਪੀੜਤਾਂ ਨੂੰ ਦਿੱਤੇ ਜਾ ਰਹੇ ਮੁਆਵਜ਼ੇ ਦੇ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਪ੍ਰਭਾਵਿਤ ਲੋਕਾਂ ਨੂੰ ਜਲਦੀ ਤੋਂ ਜਲਦੀ ਮੁਆਵਜ਼ਾ ਰਾਸ਼ੀ ਪ੍ਰਦਾਨ ਕੀਤੀ ਜਾਵੇ।
ਮੀਟਿੰਗ ਦੌਰਾਨ ਉਨ੍ਹਾਂ ਫ਼ਸਲਾਂ ਦੇ ਖਰਾਬੇ, ਘਰਾਂ ਦੇ ਨੁਕਸਾਨ, ਪਸ਼ੂਆਂ ਦੇ ਨੁਕਸਾਨ, ਪਸ਼ੂਆਂ ਦੇ ਸ਼ੈੱਡ ਆਦਿ ਦੇ ਹੋਏ ਨੁਕਸਾਨ ਸਬੰਧੀ ਕੀਤੀ ਜਾ ਰਹੀ ਕਾਰਵਾਈ ਦੀ ਸਮੀਖਿਆ ਕਰਦਿਆਂ ਕਿਹਾ ਕਿ ਭਾਵੇਂ ਕਾਫ਼ੀ ਗਿਣਤੀ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਦਿੱਤਾ ਜਾ ਚੁੱਕਾ ਹੈ ਪਰ ਪੈਡਿੰਗ ਪਏ ਕੇਸਾਂ ਦਾ ਨਿਪਟਾਰਾ ਵੀ ਤੁਰੰਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਘਰਾਂ ਦੇ ਮੁਆਵਜ਼ੇ ਦੇ ਕੇਸ ਪੀ.ਡਬਲਿਊ.ਡੀ. ਵਿਭਾਗ ਨਾਲ ਰਾਬਤਾ ਕਰਕੇ ਜਲਦੀ ਵੈਰੀਫਿਕੇਸ਼ਨ ਦਾ ਕੰਮ ਮੁਕੰਮਲ ਕਰਨ ਉਪਰੰਤ ਮੁਆਵਜ਼ਾ ਰਾਸ਼ੀ ਜਾਰੀ ਕੀਤੀ ਜਾਵੇ।
ਸਾਕਸ਼ੀ ਸਾਹਨੀ ਨੇ ਕਿਹਾ ਕਿ ਪਸ਼ੂ ਪਾਲਣ ਤੇ ਮੱਛੀ ਪਾਲਣ ਵਿਭਾਗ ਵੀ ਆਪਣੇ ਕੇਸਾਂ ਦਾ ਤੁਰੰਤ ਨਿਪਟਾਰਾ ਕਰਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਮੁਆਵਜ਼ੇ ਦੇ ਕੇਸਾਂ ਦੀ ਖੁਦ ਨਿਗਰਾਨੀ ਕੀਤੀ ਜਾ ਰਹੀ ਹੈ ਤੇ ਇਸ ਕੰਮ ਵਿੱਚ ਕਿਸੇ ਤਰ੍ਹਾਂ ਦੀ ਬੇਲੋੜੀ ਦੇਰੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਮੀਟਿੰਗ ਵਿੱਚ ਐਸ.ਡੀ.ਐਮ. ਡਾ. ਇਸਮਿਤ ਵਿਜੈ ਸਿੰਘ, ਚਰਨਜੀਤ ਸਿੰਘ, ਨਵਦੀਪ ਕੁਮਾਰ, ਪਰਲੀਨ ਕੌਰ ਬਰਾੜ, ਤਰਸੇਮ ਚੰਦ, ਕ੍ਰਿਪਾਲਵੀਰ ਸਿੰਘ, ਜ਼ਿਲ੍ਹਾ ਮਾਲ ਅਫਸਰ ਨਵਦੀਪ ਸਿੰਘ ਵੀ ਮੌਜੂਦ ਸਨ।