ਐਸ ਏ ਐਸ ਨਗਰ, 22 ਅਗਸਤ – ਸਿਹਤ ਵਿਭਾਗ ਵਲੋਂ ਡੇਂਗੂ ਦੀ ਬਿਮਾਰੀ ਦੀ ਰੋਕਥਾਮ ਦੇ ਤਹਿਤ ਕੀਤੀ ਜਾ ਰਹੀ ਕਾਰਵਾਈ ਦੇ ਦੌਰਾਨ ਸਿਹਤ ਟੀਮਾਂ ਵਲੋਂ ਹੁਣ ਤਕ ਜ਼ਿਲ੍ਹੇ ਦੇ ਲਗਭਗ ਸਵਾ ਲੱਖ ਘਰਾਂ ਅਤੇ ਹੋਰ ਥਾਵਾਂ ਦਾ ਸਰਵੇ ਕੀਤਾ ਗਿਆ ਹੈ। ਲਗਭਗ 2800 ਘਰਾਂ ਵਿਚ ਡੇਂਗੂ ਫੈਲਾਉਣ ਵਾਲੇ ਮੱਛਰ ਦਾ ਲਾਰਵਾ ਮਿਲਿਆ ਹੈ ਅਤੇ 922 ਚਲਾਨ ਕੀਤੇ ਗਏ ਹਨ।
ਸਿਵਲ ਸਰਜਨ ਡਾ. ਮਹੇਸ਼ ਕੁਮਾਰ ਆਹੂਜਾ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸ਼ਲਿੰਦਰ ਕੌਰ ਨੇ ਦਸਿਆ ਕਿ ਸਿਹਤ ਵਰਕਰਾਂ ਦੀਆਂ ਟੀਮਾਂ ਨੇ ਘਰਾਂ ਅਤੇ ਹੋਰ ਥਾਈਂ ਕੂਲਰਾਂ, ਫ਼ਰਿੱਜਾਂ ਦੀਆਂ ਟਰੇਆਂ, ਗਮਲਿਆਂ, ਖ਼ਾਲੀ ਪਏ ਟਾਇਰਾਂ, ਗਮਲਿਆਂ, ਬਕਸਿਆਂ ਤੇ ਹੋਰ ਸਮਾਨ ਦੀ ਜਾਂਚ ਕੀਤੀ। ਚੈਕਿੰਗ ਦੌਰਾਨ 373019 ਕੰਟੇਨਰ ਚੈੱਕ ਕੀਤੇ ਗਏ ਅਤੇ 3911 ਕੰਟੇਨਰਾਂ ਵਿਚੋਂ ਲਾਰਵਾ ਮਿਲਿਆ। ਉਹਨਾਂ ਦੱਸਿਆ ਕਿ ਜ਼ਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਦੁਆਰਾ ਜਾਂਚ, ਸਪਰੇਅ ਅਤੇ ਜਾਗਰੂਕਤਾ ਮੁਹਿੰਮ ਜਨਵਰੀ ਮਹੀਨੇ ਤੋਂ ਲਗਾਤਾਰ ਜਾਰੀ ਹੈ।
ਸਿਵਲ ਸਰਜਨ ਨੇ ਦਸਿਆ ਕਿ ਡੇਂਗੂ ਬੁਖ਼ਾਰ ਫੈਲਾਉਣ ਵਾਲੇ ਮੱਛਰ ਦਾ ਲਾਰਵਾ ਕੁੱਝ ਦਿਨਾਂ ਵਿਚ ਖ਼ਤਰਨਾਕ ਮੱਛਰ ਦਾ ਰੂਪ ਲੈ ਲੈਂਦਾ ਹੈ ਜਿਹੜਾ ਵਿਅਕਤੀ ਦੀ ਜਾਨ ਵੀ ਲੈ ਸਕਦਾ ਹੈ। ਉਨ੍ਹਾਂ ਕਿਹਾ ਕਿ ਡੇਂਗੂ ਬੁਖ਼ਾਰ ਹੋਣ ਦਾ ਕੋਈ ਪੱਕਾ ਮੌਸਮ ਨਹੀਂ ਪਰ ਆਮ ਤੌਰ ਤੇ ਇਹ ਬੁਖ਼ਾਰ ਜੁਲਾਈ ਤੋਂ ਲੈ ਕੇ ਨਵੰਬਰ ਅਖ਼ੀਰ ਤਕ ਜ਼ਿਆਦਾ ਹੁੰਦਾ ਹੈ। ਉਨ੍ਹਾਂ ਲੋਕਾਂ ਨੂੰ ਡੇਂਗੂ ਪ੍ਰਤੀ ਚੌਕਸ ਅਤੇ ਸਾਵਧਾਨ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਅਪਣੇ ਘਰਾਂ ਅਤੇ ਆਲੇ ਦੁਆਲੇ ਕਿਤੇ ਵੀ ਸਾਫ਼ ਜਾਂ ਗੰਦਾ ਪਾਣੀ ਖੜਾ ਨਾ ਹੋਣ ਦੇਣ।