ਚੰਡੀਗੜ੍ਹ, 22 ਅਗਸਤ- ਪੰਜਾਬ ਭਾਜਪਾ ਕਿਸਾਨ ਮੋਰਚਾ ਦੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਨੈਨੇਵਾਲ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਅਵਾਜ ਦਬਾਉਣ ਲਈ ਜੁਲਮ ਕਰ ਰਹੀ ਹੈ। ਬੀਜੇਪੀ ਦੇ ਸੂਬਾ ਦਫ਼ਤਰ ਚੰਡੀਗੜ੍ਹ ਵਿਖੇ ਗੱਲ ਕਰਦਿਆਂ ਵੱਲੋਂ ਕਿਸਾਨਾਂ ਤੇ ਕੀਤੇ ਲਾਠੀਚਾਰਜ ਦੀ ਨਿਖੇਧੀ ਕਰਦਿਆਂ ਉਹਨਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਦੀਆਂ ਜ਼ਿਆਦਤੀਆਂ ਬਰਦਾਸ਼ਤ ਯੋਗ ਨਹੀਂ ਹਨ।
ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਅਜੇ ਤੱਕ ਪੰਜਾਬ ਦੇ ਕਿਸਾਨਾਂ ਨੂੰ ਗੁਲਾਬੀ ਸੁੰਡੀ ਅਤੇ ਗੜ੍ਹੇਮਾਰੀ ਨਾਲ ਬਰਬਾਦ ਹੋਈਆਂ ਫਸਲਾ ਦਾ ਮੁਆਵਜ਼ਾ ਨਹੀਂ ਦਿੱਤਾ ਗਿਆ ਹੈ ਅਤੇ ਨਾ ਹੀ ਹੜਾਂ ਨਾਲ ਹੋਏ ਨੁਕਸਾਨ ਦੀ ਕੋਈ ਪੂਰਤੀ ਕੀਤੀ ਗਈ ਹੈ। ਉਹਨਾਂ ਕਿਹਾ ਕਿ ਸਰਕਾਰ ਵਲੋਂ ਸਿਰਫ ਫੋਕੀ ਬਿਆਨ ਬਾਜ਼ੀ ਕੀਤੀ ਜਾ ਰਹੀ ਹੈ ਅਤੇ ਉਲਟਾ ਕਿਸਾਨਾਂ ਤੇ ਜਬਰ ਕੀਤਾ ਜਾ ਰਿਹਾ ਹੈ।
ਉਹਨਾਂ ਮੰਗ ਕੀਤੀ ਕਿ ਕਿਸਾਨਾਂ ਤੇ ਲਾਠੀਚਾਰਜ ਕਰਨ ਵਾਲੇ ਪੁਲੀਸ ਅਫਸਰਾਂ ਨੂੰ ਤੁਰੰਤ ਬਰਖਾਸਤ ਕੀਤਾ ਜਾਵੇ ਤੇ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਮੰਨੀਆਂ ਜਾਣ। ਉਹਨਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਕਿਸਾਨਾਂ ਨਾਲ ਕੀਤੇ ਸਾਰੇ ਵਾਅਦੇ ਤੁਰੰਤ ਪੂਰੇ ਕਰੇ, ਗੁਲਾਬੀ ਸੁੰਡੀ, ਗੜੇਮਾਰੀ ਅਤੇ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਤੁਰੰਤ ਭਰਪਾਈ ਕੀਤੀ ਜਾਵੇ।
ਉਹਨਾਂ ਮੰਗ ਕੀਤੀ ਕਿ ਲਾਠੀਚਾਰਜ ਦੌਰਾਨ ਲੋਂਗੋਵਾਲ ਵਿਖੇ ਸ਼ਹੀਦ ਹੋਏ ਕਿਸਾਨ ਦੇ ਪਰਿਵਾਰ ਨੂੰ 50 ਲੱਖ ਰੁਪਏ ਮੁਆਵਜ਼ਾ ,ਪਰਿਵਾਰ ਦਾ ਸਾਰਾ ਕਰਜ਼ਾ ਮੁਆਫ ਕੀਤਾ ਜਾਵੇ ਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਇਸ ਮੌਕੇ ਉਹਨਾਂ ਦੇ ਨਾਲ ਪੰਜਾਬ ਭਾਜਪਾ ਦੇ ਸੂਬਾ ਮੀਡੀਆ ਸਹਿ ਸਕੱਤਰ ਹਰਦੇਵ ਸਿੰਘ ਉੱਭਾ ਤੇ ਗੁਲਸ਼ਨ ਸੂਦ ਵੀ ਹਾਜ਼ਰ ਸਨ।