ਚੰਡੀਗੜ੍ਹ, 25 ਅਗਸਤ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਲੜਕਿਆਂ ਅਤੇ ਲੜਕੀਆਂ ਦੇ ਹੋਸਟਲਾਂ ਦੇ ਨਿਰਮਾਣ ਲਈ 48.91 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ ਜਿਸ ਨਾਲ ਵਿਦਿਆਰਥੀਆਂ ਨੂੰ ਕੈਂਪਸ ਵਿਚ ਰਹਿਣ-ਸਹਿਣ ਦੀ ਵੱਡੀ ਸਹੂਲਤ ਹਾਸਲ ਹੋਵੇਗੀ।
ਇਸ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਲੜਕਿਆਂ ਦੇ ਹੋਸਟਲ ਲਈ 25.91 ਕਰੋੜ ਰੁਪਏ ਅਤੇ ਲੜਕੀਆਂ ਦੇ ਹੋਸਟਲ ਲਈ 23 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਹੋਸਟਲਾਂ ਦਾ ਨਿਰਮਾਣ ਹੋਣ ਨਾਲ ਵਿਦਿਆਰਥੀਆਂ ਨੂੰ ਬਹੁਤ ਵੱਡੀ ਸਹੂਲਤ ਮਿਲੇਗੀ ਕਿਉਂ ਜੋ ਯੂਨੀਵਰਸਿਟੀ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਹੋਸਟਲ ਦੀ ਕਮੀ ਕਾਰਨ ਆਪਣੇ ਲਈ ਪੇਇੰਗ ਗੈਸਟ ਜਾਂ ਰਹਿਣ ਲਈ ਕੋਈ ਹੋਰ ਥਾਂ ਲੱਭਣ ਦੀ ਚਿੰਤਾ ਸਤਾਉਂਦੀ ਰਹਿੰਦੀ ਹੈ। ਉਹਨਾਂ ਕਿਹਾ ਕਿ ਉਨ੍ਹਾਂ ਨੇ ਲੰਘੀ 25 ਜੁਲਾਈ ਨੂੰ ਖੁਦ ਪੰਜਾਬ ਯੂਨੀਵਰਸਿਟੀ ਕੈਂਪਸ ਦਾ ਦੌਰਾ ਕਰਕੇ ਯੂਨੀਵਰਸਿਟੀ ਦੇ ਪ੍ਰਬੰਧਕਾਂ ਅਤੇ ਵਿਦਿਆਰਥੀਆਂ ਨੂੰ ਦਰਪੇਸ਼ ਮੁਸ਼ਕਲਾਂ ਬਾਰੇ ਪੱਛਿਆ ਸੀ ਜਿਸ ਦੌਰਾਨ ਲੜਕੇ ਤੇ ਲੜਕੀਆਂ ਲਈ ਹੋਸਟਲ ਬਣਾਉਣ ਦੀ ਅਪੀਲ ਕੀਤੀ ਗਈ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਉਸ ਮੌਕੇ ਹੀ ਹੋਸਟਲ ਦੇ ਨਿਰਮਾਣ ਦੀ ਪ੍ਰਵਾਨਗੀ ਦਿੰਦੇ ਹੋਏ ਇਸ ਦਾ ਕੰਮ ਛੇਤੀ ਸ਼ੁਰੂ ਕਰਨ ਦਾ ਵਾਅਦਾ ਕੀਤਾ ਸੀ ਜਿਸ ਲਈ ਅੱਜ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਵਿਦਿਆਰਥੀਆਂ ਦੀਆਂ ਲੋੜਾਂ ਨੂੰ ਮੱਦੇਨਜ਼ਰ ਰੱਖਦਿਆਂ ਇਨ੍ਹਾਂ ਹੋਸਟਲਾਂ ਦੀ ਉਸਾਰੀ ਆਧੁਨਿਕ ਲੀਹਾਂ ਉਤੇ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਹੋਸਟਲਾਂ ਦੇ ਬਣਨ ਨਾਲ ਵਿਦਿਆਰਥੀ ਆਪਣੇ ਪੜ੍ਹਾਈ ਉਤੇ ਹੋਰ ਵਧੇਰੇ ਧਿਆਨ ਦੇ ਸਕਣਗੇ ਅਤੇ ਉਨ੍ਹਾਂ ਨੂੰ ਕੈਂਪਸ ਵਿਚ ਹੀ ਰਿਹਾਇਸ਼ ਦੀ ਸਹੂਲਤ ਮਿਲਣ ਨਾਲ ਕਿਤੇ ਹੋਰ ਖੱਜਲ ਖੁਆਰ ਨਹੀਂ ਹੋਣਾ ਪਵੇਗਾ।
ਉਹਨਾਂ ਉਮੀਦ ਜ਼ਾਹਰ ਕੀਤੀ ਕਿ ਇਨ੍ਹਾਂ ਹੋਸਟਲਾਂ ਦਾ ਨਿਰਮਾਣ ਮੁਕੰਮਲ ਹੋਣ ਮਗਰੋਂ ਇਹ ਹੋਸਟਲ ਵਿਦਿਆਰਥੀਆਂ ਨੂੰ ਆਪਣੇ ਅਕਾਦਮਿਕ ਸਾਲਾਂ ਦੌਰਾਨ ਘਰ ਵਰਗੀ ਠਹਿਰ ਦੇਣਗੇ। ਵਿਦਿਆਰਥੀਆਂ ਦੀ ਆਪਣੇ ਹੋਸਟਲ ਵਾਲੇ ਕਮਰਿਆਂ ਨਾਲ ਖ਼ਾਸ ਭਾਵੁਕ ਸਾਂਝ ਹੁੰਦੀ ਹੈ। ਇਹ ਹੋਸਟਲ ਸਿਰਫ਼ ਚਾਰ ਕੰਧਾਂ ਵਾਲੇ ਕਮਰੇ ਹੀ ਨਹੀਂ ਹੋਣਗੇ, ਸਗੋਂ ਇਹ ਸਿੱਖਿਆ ਪ੍ਰਾਪਤ ਕਰਨ ਲਈ ਅਨੁਕੂਲ ਮਾਹੌਲ ਵੀ ਮੁਹੱਈਆ ਕਰਨਗੇ।