ਚੰਡੀਗੜ੍ਹ, 28 ਅਗਸਤ – ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਚੰਡੀਗੜ੍ਹ ਵਿਖੇ ਪੰਜਾਬ ਮੰਤਰੀ ਮੰਡਲ ਦੀ ਅੱਜ ਹੋਈ ਇੱਕ ਅਹਿਮ ਮੀਟਿੰਗ ਵਿੱਚ ਵੱਖ ਵੱਖ ਵਿਭਾਗਾਂ ਵਿੱਚ ਅਸਾਮੀਆਂ ਭਰਨ ਨੂੰ ਮਨਜ਼ੂਰੀ ਦੇ ਦਿੱਤੀ ਗਈ। ਮੰਤਰੀ ਮੰਡਲ ਦੀ ਮੀਟਿੰਗ ਵਿੱਚ ਹੋਰ ਵੀ ਕਈ ਅਹਿਮ ਫੈਸਲੇ ਲਏ ਗਏ ਹਨ।
ਮੀਟਿੰਗ ਵਿੱਚ ਲਏ ਗਏ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਹਰਪਾਲ ਚੀਮਾ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਮੀਟਿੰਗ ਵਿੱਚ ਕੀਤੇ ਗਏ ਫੈਸਲੇ ਅਨੁਸਾਰ ਮੁੱਖ ਮੰਤਰੀ ਅਤੇ ਮੰਤਰੀਆਂ ਦੇ ਅਖਤਿਆਰੀ ਕੋਟੇ ਉਤੇ ਕੱਟ ਲਗਾਇਆ ਗਿਆ ਹੈ। ਉਹਨਾਂ ਦੱਸਿਆ ਕਿ ਮੁੱਖ ਮੰਤਰੀ ਦਾ ਅਖਤਿਆਰੀ ਕੋਟਾ 50 ਕਰੋੜ ਤੋਂ ਘਟਾ ਕੇ 37 ਕਰੋੜ ਅਤੇ ਮੰਤਰੀਆਂ ਦਾ ਡੇਢ ਕਰੋੜ ਤੋਂ ਘਟਾ ਕੇ 1 ਕਰੋੜ ਰੁਪਏ ਕੀਤਾ ਗਿਆ ਹੈ।
ਉਹਨਾਂ ਦੱਸਿਆ ਕਿ ਮੀਟਿੰਗ ਵਿੱਚ ਸਿਹਤ ਵਿਭਾਗ ਵਿੱਚ 484 ਅਸਾਮੀਆਂ ਭਰਨ ਨੂੰ ਵੀ ਮਨਜ਼ੂਰੀ ਦਿੱਤੀ ਗਈ ਹੈ। ਇਸਦੇ ਨਾਲ ਹੀ ਮੀਟਿੰਗ ਵਿੱਚ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਵਿਜ਼ਿਟਿੰਗ ਫੈਕਲਟੀ ਨੂੰ ਵੀ ਮਨਜ਼ੂਰੀ ਦਿੱਤੀ ਗਈ ਹੈ।
ਉਹਨਾਂ ਦੱਸਿਆ ਕਿ ਪ੍ਰਸ਼ਾਸਨਿਕ ਸੁਧਾਰਾਂ ਲਈ 20 ਅਸਾਮੀਆਂ ਭਰਨ ਲਈ ਮਨਜ਼ੂਰੀ ਦਿੱਤੀ ਗਈ। ਮੀਟਿੰਗ ਵਿੱਚ 5 ਕੈਦੀਆਂ ਦੀ ਸਜ਼ਾ ਪੂਰੀ ਹੋਣ ਤੋਂ ਪਹਿਲਾਂ ਰਿਹਾਈ ਕਰਨ ਦਾ ਮੁੱਦਾ ਆਇਆ ਸੀ, ਜਿਸ ਵਿੱਚੋਂ 4 ਕੈਦੀਆਂ ਨੂੰ ਸਜ਼ਾ ਪੂਰੀ ਹੋਣ ਤੋਂ ਪਹਿਲਾਂ ਰਿਹਾਈ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਗਈ, ਜਦੋਂ ਕਿ ਇਕ ਕੈਦੀ ਦੀ ਰਿਹਾਈ ਨੂੰ ਮਨਜ਼ੂਰੀ ਨਹੀਂ ਦਿੱਤੀ ਗਈ।