ਲੁਧਿਆਣਾ, 30 ਅਗਸਤ – ਇੱਥੇ ਬੱਸ ਅੱਡੇ ਦੇ ਨੇੜੇ ਦੇਰ ਰਾਤ ਇਕ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਸਵਾਰ ਜੋੜੇ ਨੂੰ ਟੱਕਰ ਮਾਰ ਦਿੱਤੀ। ਇਸ ਦੌਰਾਨ 30 ਸਾਲਾ ਸੋਨੀਆ ਦੀ ਮੌਤ ਹੋ ਗਈ, ਜਦੋਂ ਕਿ ਉਸ ਦਾ ਪਤੀ ਸੰਜੀਵ ਕੁਮਾਰ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ। ਉਸ ਨੂੰ ਇਲਾਜ ਲਈ ਚੰਡੀਗੜ੍ਹ ਪੀ. ਜੀ. ਆਈ. ਰੈਫ਼ਰ ਕਰ ਦਿੱਤਾ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਜ਼ਖਮੀ ਹੋਏ ਸੰਜੀਵ ਕੁਮਾਰ ਦਾ ਪਿਤਾ ਹਸਪਤਾਲ ਵਿੱਚ ਦਾਖ਼ਲ ਸੀ। ਸੰਜੀਵ ਕੁਮਾਰ ਤੇ ਉਸ ਦੀ ਪਤਨੀ ਕੁੱਝ ਸਮਾਨ ਲੈ ਕੇ ਹਸਪਤਾਲ ਜਾ ਰਹੇ ਸਨ। ਇਸ ਦੌਰਾਨ ਉਨ੍ਹਾਂ ਦੇ ਮੋਟਰਸਾਈਕਲ ਦੀ ਟੱਕਰ ਤੇਜ਼ ਰਫ਼ਤਾਰ ਕਾਰ ਨਾਲ ਹੋ ਗਈ।
ਇਸ ਦੌਰਾਨ ਸੋਨੀਆ ਦੀ ਮੌਤ ਹੋ ਗਈ, ਜਦੋਂ ਕਿ ਸੰਜੀਵ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਚੌਂਕੀ ਕੋਚਰ ਮਾਰਕਿਟ ਦੀ ਪੁਲੀਸ ਮੌਕੇ ਤੇ ਪਹੁੰਚੀ, ਜਿਸ ਨੇ ਕਾਰ ਨੂੰ ਕਬਜ਼ੇ ਵਿੱਚ ਲੈ ਲਿਆ ਹੈ, ਜਦੋਂ ਕਿ ਕਾਰ ਚਾਲਕ ਮੌਕੇ ਤੋਂ ਫ਼ਰਾਰ ਦੱਸਿਆ ਜਾ ਰਿਹਾ ਹੈ। ਫਿਲਹਾਲ ਪੁਲੀਸ ਨੇ ਮਾਮਲਾ ਦਰਜ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।