ਚੰਡੀਗੜ੍ਹ, 31 ਅਗਸਤ – ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਹੜਤਾਲ ਕਰ ਰਹੇ ਸਰਕਾਰੀ ਮੁਲਾਜ਼ਮਾਂ ਤੇ ਐਸਮਾ ਐਕਟ ਲਗਾਉਣ ਦੀ ਧਮਕੀ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਹੈ ਕਿ ਆਪਣੇ ਹੱਕਾਂ ਲਈ ਸੰਘਰਸ਼ ਕਰਨਾ ਹਰ ਕਿਸੇ ਦਾ ਲੋਕਤਾਂਤਰਿਕ ਅਧਿਕਾਰ ਹੈ ਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਤਾਨਾਸ਼ਾਹੀ ਫਰਮਾਨ ਜਾਰੀ ਕਰਕੇ ਸਰਕਾਰੀ ਮੁਲਾਜ਼ਮਾਂ ਦੇ ਹੱਕਾਂ ਨੂੰ ਖੋਹਣ ਦੀ ਕੋਸ਼ਿਸ਼ ਕੀਤੀ ਹੈ।
ਇੱਥੇ ਜਾਰੀ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਮੁਲਾਜ਼ਮ ਸਰਕਾਰ ਦਾ ਅਹਿਮ ਅੰਗ ਹਨ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਉਨ੍ਹਾਂ ਖਿਲਾਫ਼ ਅਜਿਹਾ ਵਤੀਰਾ ਨਹੀਂ ਅਪਣਾਉਣਾ ਚਾਹੀਦਾ ਹੈ। ਸz. ਢੀਂਡਸਾ ਨੇ ਕਿਹਾ ਕਿ ਰੈਵੇਨਿਊ ਕਾਨੂੰਨਗੋ ਐਸੋਸ਼ੀਏਸ਼ਨ ਤੇ ਰੈਵੀਨਿਊ ਪਟਵਾਰ ਯੂਨੀਅਨ ਵਲੋਂ ਆਪਣੀਆਂ ਵਾਜਬ ਮੰਗਾਂ ਨੂੰ ਲੈ ਕੇ ਸੂਬੇ ਵਿਚ ਇਕ ਸਤੰਬਰ ਤੋਂ ਅਣਮਿੱਥੇ ਸਮੇਂ ਲਈ ਕਲਮ ਛੋੜ ਹੜਤਾਲ ਤੇ ਜਾਣ ਦਾ ਐਲਾਨ ਕੀਤਾ ਗਿਆ ਹੈ। ਜਿਸ ਦੇ ਬਾਅਦ ਮਾਨ ਸਰਕਾਰ ਨੇ ਮੁਲਾਜ਼ਮਾਂ ਦੀ ਆਵਾਜ਼ ਦਬਾਉਣ ਲਈ ਉਨ੍ਹਾਂ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਕਰਨ ਦੀ ਧਮਕੀ ਦਿੱਤੀ ਹੈ।
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਆਪਣੇ ਮੁਲਾਜ਼ਮਾਂ ਵਿਰੁੱਧ ਐਸਮਾ ਐਕਟ ਲਾਗੂ ਕਰਨ ਦੇ ਹੁਕਮ ਜਾਰੀ ਕਰਨ ਤੋਂ ਪਹਿਲਾਂ ਉਨ੍ਹਾਂ ਨਾਲ ਗੱਲਬਾਤ ਕਰਕੇ ਸਹੀ ਰਾਹ ਲੱਭਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਨੇ ਸੱਤਾ ਵਿਚ ਆਉਣ ਤੇ ਮੁਲਾਜ਼ਮਾਂ ਦੀ ਖਾਲੀ ਪਈਆਂ ਅਸਾਮੀਆਂ ਭਰਨ, ਪਟਵਾਰੀਆਂ ਨੂੰ ਪੂਰੀ ਤਨਖ਼ਾਹ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਵਰਗੇ ਅਨੇਕ ਵਾਅਦੇ ਕੀਤੇ ਸਨ ਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਇਹ ਸਾਰੇ ਵਾਅਦਿਆਂ ਨੂੰ ਭੁੱਲ ਗਈ ਹੈ। ਉਲਟਾ ਮੁਲਾਜ਼ਮਾਂ ਤੇ ਤਾਨਾਸ਼ਾਹੀ ਫਰਮਾਨ ਜਾਰੀ ਕਰਕੇ ਉਨ੍ਹਾਂ ਦੇ ਲੋਕਤਾਂਤਰਿਕ ਅਧਿਕਾਰ ਵੀ ਖੋਹ ਰਹੀ ਹੈ।
ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਅਤੇ ਲੋਕਾਂ ਦੀਆਂ ਵਾਜਬ ਮੰਗਾਂ ਮੰਨਣਾ ਸਰਕਾਰ ਦਾ ਫਰਜ਼ ਹੁੰਦਾ ਹੈ ਪਰ ਇਹ ਪਹਿਲੀ ਵਾਰ ਹੋ ਰਿਹਾ ਹੈ ਕਿ ਸਰਕਾਰ ਮੁਲਜ਼ਮਾਂ ਨੂੰ ਧਮਕੀਆਂ ਦੇ ਕੇ ਉਨ੍ਹਾਂ ਦੇ ਹੱਕ ਖੋਹ ਰਹੀ ਹੈ।