ਪਟਿਆਲਾ, 1 ਸਤੰਬਰ 2023 – ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ ਨੇ ਜ਼ਿਲ੍ਹਾ ਨਿਵਾਸੀਆ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਰ ਵਿਭਾਗ ਦੀ ਨਵੀਂ ਲਾਂਚ ਕੀਤੀ ਗਈ ‘ਮੇਰਾ ਬਿਲ’ ਐਪ ਦਾ ਲਾਭ ਲੈਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਨਾਗਰਿਕ ਖਰੀਦੀਆਂ ਵਸਤਾਂ ਤੇ ਸੇਵਾਵਾਂ ਦਾ ਬਿਲ ਜਰੂਰ ਹਾਸਲ ਕਰਕੇ ਇਸ ਨੂੰ ‘ਬਿਲ ਲਿਆਓ, ਇਨਾਮ ਪਾਓ’ ਸਕੀਮ ਤਹਿਤ ਹਰ ਮਹੀਨੇ 29 ਲੱਖ ਰੁਪਏ ਤੱਕ ਦੇ 290 ਇਨਾਮ ਜਿੱਤ ਸਕਦੇ ਹਨ।
‘ਮੇਰਾ ਬਿਲ’ ਐਪ ਦੀ ਅੱਜ ਸ਼ੁਰੂਆਤ ਮੌਕੇ ਪਟਿਆਲਾ ਜ਼ਿਲ੍ਹੇ ਵਿੱਚ ਇਸ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਦੀ ਪ੍ਰਚਾਰ ਮੁਹਿੰਮ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਰਵਾਈ। ਉਨ੍ਹਾਂ ਦੇ ਨਾਲ ਰਾਜ ਕਰ ਦੇ ਡਵੀਜ਼ਨਲ ਕਮਿਸ਼ਨਰ ਰਮਨਪ੍ਰੀਤ ਕੌਰ, ਸਹਾਇਕ ਕਮਿਸ਼ਨਰ ਕੰਨੂ ਗਰਗ ਅਤੇ ਐਸ.ਡੀ.ਐਮ. ਡਾ. ਇਸਮਤ ਵਿਜੇ ਸਿੰਘ ਵੀ ਮੌਜੂਦ ਸਨ।
ਸਾਕਸ਼ੀ ਸਾਹਨੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਈ ਵੀ ਸਮਾਨ ਖਰੀਦਣ ਮੌਕੇ ਡੀਲਰ ਕੋਲੋਂ ਇਸਦਾ ਬਿੱਲ ਜਰੂਰ ਲੈਣ ਅਤੇ ਇਸ ਬਿਲ ਨੂੰ ‘ਬਿਲ ਲਿਆਓ, ਇਨਾਮ ਪਾਓ’ ਸਕੀਮ ਤਹਿਤ ਸ਼ੁਰੂ ਕੀਤੀ ਗਈ ਮੋਬਾਇਲ ਐਪ ਮੇਰਾ ਬਿਲ ਨਾਲ ਆਪਣੀ ਰਜਿਸਟ੍ਰੇਸ਼ਨ ਕਰਵਾ ਕੇ ਅਪਲੋਡ ਕਰਨ। ਇਨ੍ਹਾਂ ਅਪਲੋਡ ਕੀਤੇ ਗਏ ਬਿਲਾਂ ਵਿੱਚੋਂ ਹਰ ਮਹੀਨੇ ਡਰਾਅ ਕੱਢਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕ ਹਿੱਤ ਵਿੱਚ ਗਾਹਕਾਂ ਦੀ ਜਾਗਰੂਕਤਾ ਲਈ ਇਸ ਸਕੀਮ ਦੀ ਸ਼ੁਰੂਆਤ ਕੀਤੀ ਹੈ।
ਰਾਜ ਕਰ ਦੇ ਡਵੀਜ਼ਨਲ ਕਮਿਸ਼ਨਰ ਰਮਨਪ੍ਰੀਤ ਕੌਰ ਨੇ ਦੱਸਿਆ ਕਿ ਪੈਟਰੋਲ ਅਤੇ ਸ਼ਰਾਬ ਦੇ ਬਿਲਾਂ ਨੂੰ ਇਸ ਮੇਰਾ ਬਿਲ ਐਪ ਉਪਰ ਅਪਲੋਡ ਨਹੀਂ ਕੀਤਾ ਜਾ ਸਕੇਗਾ ਜਦੋਂ ਕਿ ਖਪਤਕਾਰ ਹੋਰ ਕਿਸੇ ਵੀ ਵਸਤੂ ਦੇ 200 ਰੁਪਏ ਦੇ ਮੁੱਲ ਤੋਂ ਉਪਰਲੇ ਬਿਲਾਂ ਨੂੰ ਅਪਲੋਡ ਕਰ ਸਕਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਰ ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਹਰ ਮਹੀਨੇ ਰਾਜ ਪੱਧਰ ਉਤੇ 290 ਇਨਾਮ ਕੱਢੇ ਜਾਣਗੇ ਅਤੇ ਹਰ ਜ਼ਿਲ੍ਹੇ ਵਿੱਚ 10 ਇਨਾਮ ਦਿੱਤੇ ਜਾਣਗੇ।
ਰਾਜ ਕਰ ਦੇ ਸਹਾਇਕ ਕਮਿਸ਼ਨਰ ਕੰਨੂ ਗਰਗ ਨੇ ਦੱਸਿਆ ਕਿ ਇਸ ਮੁਹਿਮ ਦੇ ਪਹਿਲੇ ਦਿਨ ਅੱਜ ਪਟਿਆਲਾ ਜ਼ਿਲ੍ਹੇ ਵਿੱਚ ‘ਬਿਲ ਲਿਆਓ, ਇਨਾਮ ਪਾਓ’ ਸਕੀਮ ਅਤੇ ਮੇਰਾ ਬਿਲ ਐਪ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਅੱਜ ਸਵਾਮੀ ਵਿਵੇਕਾਨੰਦ ਇੰਸਟੀਚਿਊਟ ਆਫ਼ ਇੰਜਨੀਅਰਿੰਗ ਰਾਜਪੁਰਾ, ਰਿਪੁਦਮਨ ਕਾਲਜ ਨਾਭਾ, ਸਰਕਾਰੀ ਕਾਲਜ ਲੜਕੀਆਂ ਪਟਿਆਲਾ ਵਿਖੇ ਵਿਦਿਆਰਥੀਆਂ ਨੂੰ ‘ਬਿਲ ਲਿਆਓ, ਇਨਾਮ ਪਾਓ’ ਸਕੀਮ ਬਾਰੇ ਜਾਗਰੂਕ ਕੀਤਾ ਗਿਆ।