ਚੰਡੀਗੜ੍ਹ, 2 ਸਤੰਬਰ- ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵੱਲੋਂ ਸੂਬੇ ਵਿੱਚ ਆਂਗਣਵਾੜੀ ਸੈਂਟਰਾਂ ਦੀ ਉਸਾਰੀ ਲਈ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਜਿਸ ਦੌਰਾਨ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵਲੋਂ ਸੂਬੇ ਵਿੱਚ ਬਣ ਰਹੇ ਆਂਗਣਵਾੜੀ ਸੈਂਟਰਾਂ ਦੀ ਸਥਿਤੀ ਦਾ ਜਾਇਜਾ ਲਿਆ ਗਿਆ ਅਤੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਆਂਗਣਵਾੜੀ ਸੈਂਟਰਾਂ ਦੀ ਉਸਾਰੀ ਦਾ ਕੰਮ ਜਲਦੀ ਤੋਂ ਜਲਦੀ ਮੁਕੰਮਲ ਕਰਵਾਉਣ ਲਈ ਕਾਰਵਾਈ ਕੀਤੀ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਆਗਣਵਾੜੀ ਸੈਂਟਰਾਂ ਦੀ ਉਸਾਰੀ ਵਿੱਚ ਪੂਰੀ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਇਆ ਜਾਵੇ।
ਇਸ ਮੌਕੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਸ੍ਰੀਮਤੀ ਰਾਜੀ ਪੀ. ਸ੍ਰੀਵਾਸਤਵਾ, ਡਾਇਰੈਕਟਰ ਸ੍ਰੀਮਤੀ ਮਾਧਵੀ ਕਟਾਰੀਆ, ਐਡੀਸ਼ਨਲ ਡਾਇਰੈਕਟਰ ਪੇਂਡੂ ਤੇ ਪੰਚਾਇਤ ਵਿਭਾਗ ਸ੍ਰੀ ਸੰਜੀਵ ਗਰਗ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਡਿਪਟੀ ਡਾਇਰੈਕਟਰ ਸ੍ਰੀਮਤੀ ਰੁਪਿੰਦਰ ਕੌਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।