ਚੰਡੀਗੜ੍ਹ, 5 ਸਤੰਬਰ 2023 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਭਾਗ ਵੱਲੋਂ ਸਤੰਬਰ ਮਹੀਨੇ ਨੂੰ ਪੋਸ਼ਣ ਮਾਹ ਵਜੋਂ ਮਨਾਇਆ ਜਾ ਰਿਹਾ ਹੈ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਪੋਸ਼ਣ ਮਾਹ ਕੁਪੋਸ਼ਣ ਦੇ ਵੱਧ ਸ਼ਿਕਾਰ (ਐਸਏਐਮ) ਅਤੇ ਅੰਸ਼ਕ ਤੌਰ ‘ਤੇ ਕੁਪੋਸ਼ਣ ਦੇ ਸ਼ਿਕਾਰ (ਐਮਏਐਮ) ਬੱਚਿਆਂ ਦੀ ਸਿਹਤ ਅਤੇ ਤੰਦਰੁਸਤੀ ‘ਤੇ ਧਿਆਨ ਕੇਂਦ੍ਰਿਤ ਕਰਨ ਨਾਲ ਸਬੰਧਤ ਹੈ। ਪੋਸ਼ਣ ਅਭਿਆਨ ਗਰਭਵਤੀ ਔਰਤਾਂ, ਦੁੱਧ ਚੁੰਘਾਉਣ ਵਾਲੀਆਂ ਮਾਵਾਂ, ਕਿਸ਼ੋਰ ਲੜਕੀਆਂ ਅਤੇ 6 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਵਿੱਚ ਪੋਸ਼ਣ ਸਬੰਧੀ ਨਤੀਜਿਆਂ ਨੂੰ ਸੰਪੂਰਨ ਰੂਪ ਵਿੱਚ ਬਿਹਤਰ ਬਣਾਉਣ ਦਾ ਯਤਨ ਕਰਦਾ ਹੈ।
ਡਾ. ਬਲਜੀਤ ਕੌਰ ਨੇ ਦੱਸਿਆ ਕਿ ਮਹੀਨਾ ਭਰ ਚੱਲਣ ਵਾਲੀ ਇਸ ਮੁਹਿੰਮ ਨੂੰ ਵੱਡੇ ਪੱਧਰ ‘ਤੇ ਚਲਾਉਣ ਲਈ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਸਿਹਤ ਤੇ ਪਰਿਵਾਰ ਅਤੇ ਆਰ.ਬੀ.ਐਸ.ਕੇ., ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਸਕੂਲ ਸਿੱਖਿਆ ਵਿਭਾਗ, ਮੱਛੀ ਪਾਲਣ ਵਿਭਾਗ, ਖੇਤੀਬਾੜੀ ਵਿਭਾਗ, ਹੁਨਰ ਵਿਕਾਸ ਵਿਭਾਗ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੇ ਖੇਤਰੀ ਸਟਾਫ਼ ਦੀਆਂ ਸੇਵਾਵਾਂ ਲਈਆਂ ਜਾ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਇਸ ਨੂੰ ਲੋਕ ਲਹਿਰ ਵਿੱਚ ਬਦਲਣ ਲਈ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦਾ ਸਟਾਫ ਆਂਗਣਵਾੜੀ ਵਰਕਰਾਂ, ਹੈਲਪਰਾਂ, ਸੁਪਰਵਾਈਜ਼ਰਾਂ ਅਤੇ ਸੀਡੀਪੀਓਜ਼ ਵੱਲੋਂ ਐਨ.ਜੀ.ਓਜ਼, ਆਸ਼ਾ ਵਰਕਰਾਂ, ਏਐਨਐਮਜ਼, ਖੇਤੀਬਾੜੀ ਸਭਾਵਾਂ, ਸਹਿਕਾਰੀ ਸਭਾਵਾਂ, ਸਵੈ-ਸਹਾਇਤਾ ਸਮੂਹਾਂ, ਯੂਥ ਕਲੱਬਾਂ ਆਦਿ ਨਾਲ ਮਿਲ ਕੇ ਕੰਮ ਕੀਤਾ ਜਾ ਰਿਹਾ ਹੈ।
ਮੰਤਰੀ ਨੇ ਦੱਸਿਆ ਕਿ ਪੋਸ਼ਣ ਮਾਹ ਦੌਰਾਨ ਮਾਂ ਦਾ ਦੁੱਧ ਚੁੰਘਾਉਣਾ ਅਤੇ ਸੰਪੂਰਨ ਖੁਰਾਕ ਦੇਣਾ, ਸਵਸਥ ਬਾਲਕ ਸਪ੍ਰਧਾ, ਪੋਸ਼ਣ ਵੀ ਪੜ੍ਹਾਈ ਵੀ, ਮਿਸ਼ਨ ਲਾਈਫ ਦੁਆਰਾ ਪੋਸ਼ਣ ਵਿੱਚ ਸੁਧਾਰ ਕਰਨਾ, ਮੇਰੀ ਮਿੱਟੀ ਮੇਰਾ ਦੇਸ਼, ਕਬਾਇਲੀ ਲੋਕਾਂ ਵਿੱਚ ਪੋਸ਼ਣ ਜਾਗਰੂਕਤਾ ਫੈਲਾਉਣਾ ਅਤੇ ਟੈਸਟ, ਟ੍ਰੀਟ, ਟਾਕ ਅਨੀਮੀਆ ਵਿਸ਼ਿਆਂ ‘ਤੇ ਕੇਂਦਰਿਤ ਗਤੀਵਿਧੀਆਂ ‘ਤੇ ਵਿਚਾਰ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਅਨੀਮੀਆ ਅਤੇ ਢੁਕਵੀਂ ਸਾਫ-ਸਫਾਈ ਬਾਰੇ ਜਾਗਰੂਕਤਾ ਫੈਲਾਉਣ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਇਸ ਦਾ ਉਦੇਸ਼ ਉਹਨਾਂ ਨੂੰ ਕਸਰਤ ਅਤੇ ਵਾਤਾਵਰਣ ਸੁਧਾਰ ਦੇ ਨਾਲ-ਨਾਲ ਸਿਹਤਮੰਦ ਅਤੇ ਪੌਸ਼ਟਿਕ ਖੁਰਾਕ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਹੈ।
ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੋਸ਼ਣ ਅਭਿਆਨ ਪੰਜਾਬ ਵਿੱਚ ਕੁਪੋਸ਼ਣ ਦੀ ਸਮੱਸਿਆ ਨੂੰ ਹੱਲ ਕਰਨ ਅਤੇ ਬੱਚਿਆਂ ਤੇ ਮਾਵਾਂ ਦੀ ਨਰੋਈ ਸਿਹਤ ਨੂੰ ਉਤਸ਼ਾਹਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਰਿਹਾ ਹੈ। ਬੱਚਿਆਂ ਦੀ ਸਿਹਤ ਅਤੇ ਤੰਦਰੁਸਤੀ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਵੱਖ-ਵੱਖ ਗਤੀਵਿਧੀਆਂ, ਵਰਕਸ਼ਾਪਾਂ ਅਤੇ ਪਹਿਲਕਦਮੀਆਂ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ ਜਾਵੇਗਾ। ਇੱਕ-ਦੂਜੇ ਦੇ ਸਹਿਯੋਗ ਨਾਲ ਇਨ੍ਹਾਂ ਬੱਚਿਆਂ ਦੇ ਜੀਵਨ ਵਿੱਚ ਮਹੱਤਵਪੂਰਨ ਸੁਧਾਰ ਲਿਆ ਕੇ ਪੰਜਾਬ ਦੇ ਸੁਨਿਹਰੀ ਭਵਿੱਖ ਵਿੱਚ ਯੋਗਦਾਨ ਪਾ ਸਕਦੇ ਹਾਂ।