ਸੰਗਰੂਰ, 15 ਸਤੰਬਰ, 2023: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੀ ਅਗਵਾਈ ‘ਚ ਐਡੀਸ਼ਨਲ ਡਿਪਟੀ ਕਮਿਸ਼ਨਰ (ਜਨਰਲ) ਅਨਮੋਲ ਸਿੰਘ ਧਾਲੀਵਾਲ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਵਿੱਚ ਖਾਣ ਪੀਣ ਵਾਲੀਆਂ ਗੈਰ ਮਿਆਰੀ ਵਸਤਾਂ ਦੀ ਵਿਕਰੀ ’ਤੇ ਰੋਕ ਲਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾਣ ਤਾਂ ਜੋ ਲੋਕਾਂ ਨੂੰ ਮਿਆਰੀ ਤੇ ਸ਼ੁੱਧ ਖਾਧ ਪਦਾਰਥਾਂ ਦੀ ਉਪਲਬਧਤਾ ਯਕੀਨੀ ਬਣਾਈ ਜਾ ਸਕੇ।
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਫ਼ੂਡ ਸੇਫਟੀ ਐਕਟ ਤਹਿਤ ਜ਼ਿਲ੍ਹਾ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ ਨੇ ਹਦਾਇਤ ਕੀਤੀ ਕਿ ਤਿਓਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਹਲਵਾਈਆਂ, ਹੋਟਲਾਂ, ਰੈਸਟੋਰੈਂਟਾਂ, ਰੇਹੜੀਆਂ, ਢਾਬਿਆਂ, ਡਿਪਾਰਟਮੈਂਟਲ ਸਟੋਰਾਂ ਜਾਂ ਆਮ ਦੁਕਾਨਾਂ ’ਤੇ ਵੇਚੀਆਂ ਜਾਣ ਵਾਲੀਆਂ ਖਾਣ ਪੀਣ ਵਾਲੀਆਂ ਵਸਤਾਂ ਦੀ ਚੈਕਿੰਗ ਤੇਜ਼ ਕੀਤੀ ਜਾਵੇ।
ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੀ ਅਗਵਾਈ ‘ਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਸੰਗਰੂਰ ਵਾਸੀਆਂ ਨੂੰ ਮਿਆਰੀ, ਪੌਸ਼ਟਿਕ ਤੇ ਸਾਫ਼ ਸੁਥਰੇ ਖਾਧ ਪਦਾਰਥ ਹੀ ਉਪਲਬਧ ਹੋਣ ਅਤੇ ਕੋਈ ਵੀ ਵਪਾਰੀ ਜਾਂ ਦੁਕਾਨਦਾਰ ਨਿੱਜੀ ਲਾਭ ਲਈ ਲੋਕਾਂ ਦੀ ਸਿਹਤ ਲਈ ਖ਼ਤਰਾ ਪੈਦਾ ਨਾ ਕਰ ਸਕੇ।
ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਾਰੇ ਦੁਕਾਨਦਾਰਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਫੂਡ ਸੇਫ਼ਟੀ ਐਕਟ ਤਹਿਤ ਫੂਡ ਸੇਫਟੀ ਤੇ ਸਟੈਂਡਰਡ ਅਥਾਰਟੀ ਆਫ਼ ਇੰਡੀਆ (ਐਫ.ਐਸ.ਐਸ.ਏ.ਆਈ) ਵੱਲੋਂ ਕੀਤੀ ਜਾਣ ਵਾਲੀ ਰਜਿਸਟਰੇਸ਼ਨ ਤੇ ਲਾਇਸੰਸ ਜ਼ਰੂਰ ਬਣਵਾ ਲੈਣ।
ਮੀਟਿੰਗ ਦੌਰਾਨ ਸਿਵਲ ਸਰਜਨ ਡਾ. ਪਰਮਿੰਦਰ ਕੌਰ, ਮੁੱਖ ਖੇਤੀਬਾੜੀ ਅਫ਼ਸਰ ਹਰਬੰਸ ਸਿੰਘ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਬਲਜੀਤ ਸਿੰਘ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।